ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ : ਕੁਲਤਾਰ ਸਿੰਘ ਸੰਧਵਾਂ
Sunday, Mar 05, 2023 - 01:15 PM (IST)

ਫ਼ਰੀਦਕੋਟ (ਚਾਵਲਾ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੇ ਦਿਨ ਬਾਬਾ ਸ਼ੈਦੂ ਸ਼ਾਹ ਜੀ ਦੀ ਯਾਦ ’ਚ ਹਰ ਸਾਲ ਕਰਵਾਏ ਜਾਂਦੇ ਸਾਲਾਨਾ ਜੋੜ ਮੇਲਾ ਪਿੰਡ ਕੰਮੇਆਣਾ ਵਿਖੇ ਸ਼ਿਰਕਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਵਿਸ਼ੇਸ਼ ਤੌਰ 'ਤੇ ਇਸ ਮੇਲੇ 'ਚ ਸ਼ਾਮਲ ਹੋਏ ਅਤੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਉੱਥੇ ਹਾਜ਼ਰ ਸਨ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਖੇਡਾਂ ਦਾ ਸਾਡੇ ਜੀਵਨ ਵਿੱਚ ਵਿਸ਼ੇਸ਼ ਮਹੱਤਵ ਹੁੰਦਾ ਹੈ।
ਇਹ ਵੀ ਪੜ੍ਹੋ- ਬਠਿੰਡਾ 'ਚ ਮੇਅਰ ਦੇ ਅਹੁਦੇ ਨੂੰ ਲੈ ਕੇ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਆਹਮੋ-ਸਾਹਮਣੇ
ਵਿਦਿਆਰਥੀਆਂ ਨੂੰ ਮੁੱਢਲੀ ਸਿੱਖਿਆ ਦੌਰਾਨ ਸਮੇਂ-ਸਮੇਂ ਸਿਰ ਖੇਡ ਟੂਰਨਾਮੈਂਟ ਵਿੱਚ ਹਿੱਸਾ ਲੈਣਾ ਚਾਹੀਦਾ ਹੈ ਅਤੇ ਰੁਚੀ ਅਨੁਸਾਰ ਕੋਈ ਵੀ ਖੇਡ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਨੌਜਵਾਨਾਂ ਨੂੰ ਖੇਡਾਂ ਵੱਲ ਲੈ ਕੇ ਆਉਣਾ ਜ਼ਰੂਰੀ ਹੈ, ਇਸ ਲਈ ਸਮੇਂ-ਸਮੇਂ ਤੇ ਪਿੰਡਾਂ ਦੇ ਖੇਡ ਕਲੱਬਾਂ ਵਿੱਚ ਖੇਡ ਟੂਰਨਾਮੈਂਟ ਕਰਵਾਏ ਜਾਂਦੇ ਹਨ ਅਤੇ ਸਰਕਾਰ ਵੱਲੋਂ ਉਨ੍ਹਾਂ ਦੀ ਵਿੱਤੀ ਸਹਾਇਤਾ ਕੀਤੀ ਜਾਂਦੀ ਅਤੇ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਇਨਾਮੀ ਰਾਸ਼ੀ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣ ਦੀ ਅਪੀਲ ਵੀ ਕੀਤੀ।
ਇਹ ਵੀ ਪੜ੍ਹੋ- ਸੰਗਰੂਰ ਦੇ ਪਿੰਡ ਮੰਗਵਾਲ ਨੇ ਪਾਸ ਕੀਤਾ ਅਨੋਖਾ ਮਤਾ, ਜੇ ਕੀਤੀ ਇਹ ਗ਼ਲਤੀ ਤਾਂ ਹੋਵੇਗਾ ਮੂੰਹ ਕਾਲਾ
ਇਸ ਦੌਰਾਨ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਖੇਡਾਂ ਮਨੁੱਖ ਦੇ ਜੀਵਨ ਦੇ ਵਿੱਚ ਅਹਿਮ ਰੋਲ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਸਮੇਂ-ਸਮੇਂ ਤੇ ਖੇਡ ਟੂਰਨਾਮੈਂਟ ਕਰਵਾਏ ਜਾਂਦੇ ਹਨ, ਉਥੇ ਐੱਨ. ਆਰ. ਆਈ ਵੱਲੋਂ ਵੀ ਖੇਡ ਟੂਰਨਾਮੈਂਟ ਕਰਵਾ ਕੇ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ। ਉਨ੍ਹਾਂ ਮੇਲਾ ਪ੍ਰਬੰਧਕਾਂ ਨੂੰ ਇਸ ਬਹੁਰੰਗੇ ਮੇਲੇ ਨੂੰ ਪਿਛਲੇ ਲੰਮੇਂ ਸਮੇਂ ਤੋਂ ਨਿਰੰਤਰ ਕਰਾਉਣ ਤੇ ਵਧਾਈ ਦਿੱਤੀ। ਇਸ ਮੌਕੇ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਖੇਡਾਂ ਦੇਸ਼ ਦੀ ਪਹਿਚਾਣ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕਰਵਾ ਕੇ ਇੱਕ ਨਵੀਂ ਪਹਿਲਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤੋਂ ਖੇਡਾਂ ਨਾਲ ਰੰਗਲਾ ਪੰਜਾਬ ਬਣਾਇਆ ਜਾਵੇਗਾ ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।