ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਸਾਹ ਲੈਣਾ ਹੋਇਆ ਔਖਾ, ਧੂੰਏਂ ਨਾਲ ਮੌਸਮ ਦਾ ਮਿਜਾਜ਼ ਬਦਲਿਆ
Saturday, Nov 05, 2022 - 03:11 PM (IST)
ਫਿਰੋਜ਼ਪੁਰ (ਕੁਮਾਰ) : ਪਿਛਲੇ ਕਰੀਬ ਦੋ ਦਿਨਾਂ ਤੋਂ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾਉਣ ਕਾਰਨ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਅਸਮਾਨ ’ਚ ਹਰ ਪਾਸੇ ਧੂੰਆਂ ਹੀ ਧੂੰਆਂ ਨਜ਼ਰ ਆ ਰਿਹਾ ਹੈ ਤੇ ਬਾਹਰ ਨਿਕਲਦੇ ਸਮੇਂ ਅੱਖਾਂ ’ਚੋਂ ਪਾਣੀ ਆ ਜਾਂਦਾ ਹੈ ਅਤੇ ਲੋਕਾਂ ਨੂੰ ਸਾਹ ਲੈਣਾ ਵੀ ਔਖਾ ਹੋ ਗਿਆ ਹੈ। ਇਸ ਸਬੰਧੀ ਸੰਪਰਕ ਕਰਨ ’ਤੇ ਕਿਸਾਨ ਆਗੂ ਗੁਰਮੀਤ ਸਿੰਘ, ਪਿਸ਼ੋਰਾ ਸਿੰਘ ਸਿੱਧੂਪੁਰ ਅਤੇ ਕੁਲਵੰਤ ਸਿੰਘ ਰਹੀਮ ਕੇ ਆਦਿ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣਾ ਕਿਸਾਨਾਂ ਦੀ ਮਜਬੂਰੀ ਹੈ ਅਤੇ ਸਰਕਾਰ ਇਸ ਮਜਬੂਰੀ ਨੂੰ ਨਹੀਂ ਸਮਝ ਰਹੀ। ਪਰਾਲੀ ਸਾੜਨ ਨਾਲ ਪ੍ਰਦੂਸ਼ਣ ਨਹੀਂ ਫੈਲਦਾ, ਪ੍ਰਦੂਸ਼ਣ ਦਾ ਸਭ ਤੋਂ ਵੱਡਾ ਕਾਰਨ ਵੱਡੀਆਂ-ਵੱਡੀਆਂ ਫੈਕਟਰੀਆਂ ਅਤੇ ਇੱਟਾਂ ਦੇ ਭੱਠੇ ਆਦਿ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਝੂਠੇ ਬਿਆਨ ਜ਼ਿਆਦਾ ਅਤੇ ਕੰਮ ਘੱਟ ਹੋ ਰਹੇ ਹਨ।
ਇਹ ਵੀ ਪੜ੍ਹੋ : 1000 ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡੀ ਖ਼ੁਸ਼ਖ਼ਬਰੀ, ਖਰੜਾ ਤਿਆਰ
ਉਨ੍ਹਾਂ ਇਲਜ਼ਾਮ ਲਾਇਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਪੰਜਾਬ ਦੇ ਮੁੱਖ ਮੰਤਰੀ ਕਹਿੰਦੇ ਸਨ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਦੀ ਲੋੜ ਨਹੀਂ ਪਵੇਗੀ ਤੇ ਅਸੀਂ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਸਪਰੇਅ ਕਰਵਾਵਾਂਗੇ। ਉਨ੍ਹਾਂ ਕਿਹਾ ਕਿ ਉਹ ਸਪਰੇਅ ਕਿੱਥੇ ਹੈ। ਕਿਸਾਨਾਂ ਨੇ ਇਲਜ਼ਾਮ ਲਾਇਆ ਕਿ ਵੱਡੇ ਕਿਸਾਨਾਂ ਕੋਲ ਪਰਾਲੀ ਦੀਆਂ ਗੱਠਾਂ ਬਣਾਉਣ ਲਈ ਮਸ਼ੀਨਾਂ ਵੀ ਹਨ, ਛੋਟੇ ਕਿਸਾਨਾਂ ਕੋਲ ਨਾ ਤਾਂ ਅਜਿਹੀਆਂ ਮਸ਼ੀਨਾਂ ਚਲਾਉਣ ਲਈ ਵੱਡੇ ਟਰੈਕਟਰ ਹਨ ਅਤੇ ਨਾ ਹੀ ਉਨ੍ਹਾਂ ਕੋਲ ਸਰਕਾਰ ਦੀਆਂ ਗੱਲਾਂ ’ਤੇ ਅਮਲ ਕਰਨ ਲਈ ਕੋਈ ਅਜਿਹਾ ਸਾਧਨ ਹੈ। ਉਨ੍ਹਾਂ ਕਿਹਾ ਕਿ 3/4 ਏਕੜ ਜ਼ਮੀਨ ਵਾਲੇ ਕਿਸਾਨਾਂ ਲਈ ਇਹ ਸਭ ਤੋਂ ਵੱਡੀ ਸਮੱਸਿਆ ਹੈ। ਜੇਕਰ ਪੁਲਸ ਨੇ ਕਿਸਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਤਾਂ ਕਿਸਾਨ ਉਨ੍ਹਾਂ ਕੇਸਾਂ ਨੂੰ ਰੱਦ ਕਰਵਾਉਣ ਲਈ ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਦਫ਼ਤਰਾਂ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਦੇਣਗੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਪਲਾਸਟਿਕ ਰਹਿੰਦ-ਖੂੰਹਦ ਦਾ ਲੱਭਿਆ ਹੱਲ, ਬਠਿੰਡਾ ਨਗਰ ਨਿਗਮ ਨੇ ਕੀਤੀ ਨਿਵੇਕਲੀ ਪਹਿਲ
ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਪਿਛਲੇ ਸਾਲਾਂ ਦੇ ਮੁਕਾਬਲੇ 30 ਫ਼ੀਸਦੀ ਘਟੇ
ਦੂਜੇ ਪਾਸੇ ਇਸ ਸਬੰਧੀ ਸੰਪਰਕ ਕਰਨ ’ਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ਼੍ਰੀਮਤੀ ਅੰਮ੍ਰਿਤ ਸਿੰਘ ਨੇ ਕਿਹਾ ਕਿ ਇਸ ਵਾਰ ਜ਼ਿਲ੍ਹਾ ਫਿਰੋਜ਼ਪੁਰ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਪਿਛਲੇ ਸਾਲਾਂ ਦੇ ਮੁਕਾਬਲੇ 30 ਫ਼ੀਸਦੀ ਦੇ ਕਰੀਬ ਕਮੀ ਆਈ ਹੈ। ਸੈਟੇਲਾਈਟ ਰਾਹੀਂ ਅਜਿਹੀਆਂ ਘਟਨਾਵਾਂ ਦਾ ਪੂਰੀ ਤਰ੍ਹਾਂ ਪਤਾ ਲਗਾਇਆ ਜਾ ਰਿਹਾ ਹੈ ਅਤੇ ਜ਼ਿਲ੍ਹੇ ਭਰ ਦੇ 1500 ਦੇ ਕਰੀਬ ਕਿਸਾਨਾਂ ਨੇ ਸਰਕਾਰ ਵਲੋਂ ਸਬਸਿਡੀ ’ਤੇ ਮਸ਼ੀਨਾਂ ਮੁਹੱਈਆ ਕਰਵਾਉਣ ਦੇ ਫ਼ੈਸਲੇ ਦਾ ਲਾਭ ਉਠਾਇਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ’ਚ ਬਹੁਤ ਸਾਰੇ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਹੀਂ ਲਗਾਈ, ਜਿਸ ਲਈ ਉਹ ਉਨ੍ਹਾਂ ਦੇ ਧੰਨਵਾਦੀ ਹਨ।
