ਸੀ. ਆਈ. ਏ. ਸਟਾਫ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
Tuesday, Mar 05, 2024 - 06:12 PM (IST)
ਫਿਰੋਜ਼ਪੁਰ (ਕੁਮਾਰ, ਖੁੱਲਰ, ਪਰਮਜੀਤ, ਮਲਹੋਤਰਾ) : ਐੱਸ. ਐੱਸ. ਪੀ. ਫਿਰੋਜ਼ਪੁਰ ਸੌਮਿਆ ਮਿਸ਼ਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸੀ. ਆਈ. ਏ. ਸਟਾਫ਼ ਫਿਰੋਜ਼ਪੁਰ ਦੀ ਪੁਲਸ ਨੇ ਏ. ਐੱਸ. ਆਈ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕਰਕੇ 8 ਮੋਬਾਈਲ, ਐੱਲ. ਸੀ. ਡੀ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਡੀ. ਐੱਸ. ਪੀ. ਇਨਵੈਸਟੀਗੇਸ਼ਨ ਬਲਕਾਰ ਸਿੰਘ ਅਤੇ ਸੀ. ਆਈ. ਏ. ਸਟਾਫ਼ ਫਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਦੋਂ ਏ. ਐੱਸ. ਆਈ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਸੀ. ਆਈ. ਏ. ਦੀ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੀ ਹੋਈ ਸਤੀਏ ਵਾਲਾ ਬਾਈਪਾਸ ਚੌਕ ਕੋਲ ਪਹੁੰਚੀ ਤਾਂ ਉਨ੍ਹਾਂ ਨੂੰ ਇਹ ਗੁਪਤ ਸੂਚਨਾ ਮਿਲੀ ਕਿ ਗਗਨਦੀਪ ਸਿੰਘ ਉਰਫ਼ ਕਾਲੀ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਜਮੀਤਪੁਰ ਢੇਰੂ, ਜਗਮੀਤ ਸਿੰਘ ਉਰਫ਼ ਨਿੱਕਾ ਪੁੱਤਰ ਜੋਗਿੰਦਰ ਸਿੰਘ ਵਾਸੀ ਨੇੜੇ ਮੱਛੀ ਮੰਡੀ ਹਰੀ ਕੇ ਜ਼ਿਲ੍ਹਾ ਤਰਨਤਾਰਨ ਅਤੇ ਭੋਲਾ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਲੌਂਗੋਦੇਵਾ ਜ਼ਿਲ੍ਹਾ ਤਰਨਤਾਰਨ ਦਾ ਇਕ ਗਿਰੋਹ ਹੈ, ਜੋ ਰਾਹਗੀਰਾਂ ਤੋਂ ਸੋਨੇ ਦੀਆਂ ਚੇਨੀਆਂ, ਮੋਬਾਈਲ ਅਤੇ ਔਰਤਾਂ ਦੇ ਪਰਸ ਆਦਿ ਖੋਹ ਕੇ ਫਰਾਰ ਹੋ ਜਾਂਦੇ ਹਨ ਅਤੇ ਖੋਹਿਆ ਸਾਮਾਨ ਅੱਗੇ ਵੇਚ ਦਿੰਦੇ ਹਨ ਅਤੇ ਇਹ ਤਿੰਨੇ ਲੁਟੇਰੇ ਅੱਜ ਬਿਨਾਂ ਨੰਬਰੀ ਕਾਲੇ ਰੰਗ ਦੇ ਹੀਰੋ ਸਪਲੈਂਡਰ ਮੋਟਰਸਾਈਕਲ ’ਤੇ ਜ਼ੀਰਾ ਵਾਲੇ ਪਾਸਿਓਂ ਫਿਰੋਜ਼ਪੁਰ ਵੱਲ ਆ ਰਹੇ ਹਨ।
ਇਸ ਸੂਚਨਾ ਦੇ ਆਧਾਰ ’ਤੇ ਏ. ਐੱਸ. ਆਈ. ਰਾਜੇਸ਼ ਕੁਮਾਰ ਅਤੇ ਉਨ੍ਹਾਂ ਦੀ ਪੁਲਸ ਪਾਰਟੀ ਨੇ ਸਤੀਏ ਵਾਲਾ ਬਾਈਪਾਸ ਚੌਕ ’ਤੇ ਨਾਕਾਬੰਦੀ ਕੀਤੀ ਤਾਂ ਪੁਲਸ ਨੇ ਮੋਟਰਸਾਈਕਲ ’ਤੇ ਆ ਰਹੇ ਇਨ੍ਹਾਂ ਤਿੰਨ ਲੁਟੇਰਿਆਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਕੋਲੋਂ ਤਲਾਸ਼ੀ ਲੈਣ ’ਤੇ 8 ਮੋਬਾਇਲ, ਇਕ ਐੱਲ. ਸੀ. ਡੀ. ਅਤੇ ਬਿਨਾਂ ਨੰਬਰੀ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਬਰਾਮਦ ਹੋਇਆ। ਐੱਚ. ਪੀ. ਰਣਧੀਰ ਕੁਮਾਰ ਨੇ ਦੱਸਿਆ ਕਿ ਇਸ ਗਿਰੋਹ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਸ ਰਿਮਾਂਡ ਲਿਆ ਜਾਵੇਗਾ ਅਤੇ ਹੋਰ ਪੁੱਛਗਿੱਛ ਕੀਤੀ ਜਾਵੇਗੀ।