ਜ਼ਿਲਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

12/12/2018 3:44:28 PM

ਫਿਰੋਜ਼ਪੁਰ (ਕੁਮਾਰ, ਮਨਦੀਪ, ਸੋਨੂੰ, ਮਲਹੋਤਰਾ, ਸ਼ੈਰੀ, ਕੁਲਦੀਪ, ਪਰਮਜੀਤ)– ਜ਼ਿਲਾ ਮੈਜਿਸਟ੍ਰੇਟ ਬਲਵਿੰਦਰ ਸਿੰਘ ਧਾਲੀਵਾਲ ਨੇ ਆਮ ਲੋਕਾਂ ਨੂੰ ਟਰੈਫਿਕ ਤੋਂ ਬਚਾਉਣ, ਲੋਕਾਂ ਦੀ ਸੁਰੱਖਿਆ ਅਤੇ ਅਮਨ ਕਾਨੂੰਨ ਕਾਇਮ ਰੱਖਣ ਲਈ ਫਿਰੋਜ਼ਪੁਰ ਸ਼ਹਿਰ ’ਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਐੱਫ. ਸੀ. ਆਈ. ਦੇ ਵਾਹਨਾਂ ਤੋਂ ਇਲਾਵਾ ਬਾਕੀ ਭਾਰੀ ਵਾਹਨਾਂ ਦੀ ਆਵਾਜਾਈ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਸ਼ਹਿਰ ’ਚੋਂ ਬਾਹਰ ਭੇਜੇ ਜਾਣ ਵਾਲੇ ਮਾਲ (ਕਣਕ/ਚੌਲ) ਦੀ ਢੁਆਈ ਲਈ ਐੱਫ. ਸੀ. ਆਈ. ਨੂੰ ਇਨ੍ਹਾਂ ਹੁਕਮਾਂ ਤੋਂ ਛੋਟ ਦਿੱਤੀ ਜਾਵੇ। ਜ਼ਿਲਾ ਮੈਜਿਸਟ੍ਰੇਟ ਨੇ ਫਿਰੋਜ਼ਪੁਰ ਜ਼ਿਲੇ ਦੀ ਹਦੂਦ ’ਚ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਲਾਈ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਿਹਤ ਨੂੰ ਧਿਆਨ ’ਚ ਰੱਖਦਿਆਂ ਅਤੇ ਨੌਜਵਾਨਾਂ ਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮਾਡ਼ੀ ਲਤ ਤੋਂ ਬਚਾਉਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ। ਉਨ੍ਹਾਂ ਮਕਾਨ ਮਾਲਕਾਂ ਨੂੰ ਆਪਣੇ ਘਰਾਂ ’ਚ ਬਿਠਾਏ ਕਿਰਾਏਦਾਰਾਂ ਦੀ ਸੂਚਨਾ ਸਬੰਧਤ ਥਾਣੇ ’ਚ ਦੇਣ ਲਈ ਹਦਾਇਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਾਲਕ ਮਕਾਨਾਂ ਤੋਂ ਮਕਾਨ ਕਿਰਾਏ ’ਤੇ ਲੈ ਕੇ ਸਮਾਜ ਵਿਰੋਧੀ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ, ਜਿਸ ਨਾਲ ਅਮਨ ਭੰਗ ਹੋਣ ਦੀ ਸੰਭਾਵਨਾ ਪੈਦਾ ਹੋ ਸਕਦੀ ਹੈ। ਜ਼ਿਲਾ ਮੈਜਿਸਟ੍ਰੇਟ ਨੇ ਦੂਜੇ ਜ਼ਿਲਿਆਂ ਦੇ ਅਸਲਾ ਲਾਇਸੈਂਸ ਧਾਰਕਾਂ ਨੂੰ ਆਪਣੇ ਪੱਕੇ ਰਿਹਾਇਸ਼ੀ ਪਤੇ ਸਮੇਤ ਅਸਲਾ ਲਾਇਸੈਂਸ ਅਤੇ ਅਸਲੇ ਸਬੰਧੀ ਲੋਡ਼ੀਂਦੀ ਸੂਚਨਾ ਨਜ਼ਦੀਕੀ ਪੁਲਸ ਥਾਣੇ ’ਚ ਦਿੱਤੇ ਬਗੈਰ ਜ਼ਿਲਾ ਫਿਰੋਜ਼ਪੁਰ ਦੀਆਂ ਸੀਮਾਵਾਂ ’ਚ ਦਾਖਲ ਹੋਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਫੌਜ ਵੱਲੋਂ ਜਿਥੇ ਅਸਲਾ ਜਮ੍ਹਾ ਕੀਤਾ ਹੋਇਆ ਹੈ, ਉਥੋਂ 1000 ਮੀਟਰ ਦੇ ਦਾਇਰੇ ’ਚ ਫਸਲਾਂ ਦੇ ਰਹਿੰਦ-ਖੂੰਹਦ ਨੂੰ ਅੱਗ ਲਾਉਣ ਅਤੇ ਕਿਸੇ ਕਿਸਮ ਦੀ ਉਸਾਰੀ ਕਰਨ ’ਤੇ ਪਾਬੰਦੀ ਲਾਗੂ ਕੀਤੀ ਹੈ ਤਾਂ ਕਿ ਲੋਕਾਂ ਦੀ ਜ਼ਿੰਦਗੀ ਤੇ ਜ਼ਮੀਨ-ਜਾਇਦਾਦ ਨੂੰ ਨੁਕਸਾਨ ਨਾ ਪਹੁੰਚ ਸਕੇ ਅਤੇ ਇਸ ਨਾਲ ਫੌਜ ਨੂੰ ਵੀ ਭਾਰੀ ਵਿੱਤੀ ਨੁਕਸਾਨ ਹੋ ਸਕਦਾ ਹੈ। ਜ਼ਿਲਾ ਮੈਜਿਸਟ੍ਰੇਟ ਵੱਲੋਂ ਬਾਰਡਰ ਏਰੀਏ ’ਚ ਪੈਂਦੇ ਦਰਿਆ ’ਚ ਪ੍ਰਾਈਵੇਟ ਵਿਅਕਤੀਆਂ ਵੱਲੋਂ ਰਾਤ 7 ਤੋਂ ਸਵੇਰੇ 7 ਵਜੇ ਤੱਕ ਕਿਸ਼ਤੀਆਂ ਚਲਾਉਣ ’ਤੇ ਪੂਰਨ ਪਾਬੰਦੀ ਦਾ ਹੁਕਮ ਜਾਰੀ ਕੀਤਾ ਗਿਆ ਹੈ ਤਾਂ ਕਿ ਡਰੱਗ ਸਮੱਗਲਿੰਗ ਨੂੰ ਰੋਕਿਆ ਜਾ ਸਕੇ।


Related News