ਨਹੀ ਹੱਲ ਹੋ ਰਿਹਾ ਮਨਸੂਰਵਾਲ ਕਲਾਂ ਸ਼ਰਾਬ ਫੈਕਟਰੀ ਦਾ ਮਾਮਲਾ, ਮੋਰਚੇ ''ਚ ਗੱਲਬਾਤ ਕਰਨ ਪਹੁੰਚੇ ਵਿਧਾਇਕ ਭੁੱਲਰ

Monday, Oct 10, 2022 - 06:15 PM (IST)

ਨਹੀ ਹੱਲ ਹੋ ਰਿਹਾ ਮਨਸੂਰਵਾਲ ਕਲਾਂ ਸ਼ਰਾਬ ਫੈਕਟਰੀ ਦਾ ਮਾਮਲਾ, ਮੋਰਚੇ ''ਚ ਗੱਲਬਾਤ ਕਰਨ ਪਹੁੰਚੇ ਵਿਧਾਇਕ ਭੁੱਲਰ

ਜ਼ੀਰਾ (ਗੁਰਮੇਲ ਸੇਖਵਾਂ) : ਜ਼ੀਰਾ ਵਿਧਾਨ ਸਭਾ ਦੇ ਪਿੰਡ ਮਨਸੂਰਵਾਲ ਕਲਾਂ 'ਚ ਸਥਿਤ ਮਾਲਬ੍ਰੋਜ ਸ਼ਰਾਬ ਫੈਕਟਰੀ ਤੋਂ ਨਿਕਲਣ ਵਾਲੇ ਗੰਦੇ ਪਾਣੀ ਨੂੰ ਲੈ ਕੇ ਕਿਸਾਨਾ ਤੇ ਲੋਕਾਂ ਵੱਲੋਂ ਸ਼ਰਾਬ ਫੈਕਟਰੀ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਲਗਾਇਆ ਮੋਰਚਾ ਜਾਰੀ ਹੈ। ਇਸ ਮੁੱਦੇ ਦੇ ਹੱਲ ਲਈ ਬੀਤੇ ਦਿਨ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਵੱਖ-ਵੱਖ ਪਿੰਡਾਂ ਦੇ ਮੋਹਤਬਰਾਂ ਅਤੇ ਪ੍ਰਦਰਸ਼ਨਕਾਰੀਆਂ ਦੇ ਨਾਲ ਮੀਟਿੰਗ ਕੀਤੀ ਗਈ ਸੀ ਅਤੇ ਇਸ ਦੌਰਾਨ ਉਨ੍ਹਾਂ ਨੂੰ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਐਨ.ਜੀ.ਟੀ ਦੀ ਰਿਪੋਰਟ ਮਨਜ਼ੂਰ ਨਹੀਂ ਹੈ ਅਤੇ ਉਹ ਸ਼ਰਾਬ ਫੈਕਟਰੀ ਬੰਦ ਕਰਵਾ ਕੇ ਹੀ ਧਰਨਾ ਖ਼ਤਮ ਕਰਨਗੇ।

ਇਹ ਵੀ ਪੜ੍ਹੋ : CM ਮਾਨ ਨੇ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ, ਸੁਚਾਰੂ ਪ੍ਰਬੰਧਾਂ ਲਈ ਕੈਬਨਿਟ ਸਬ-ਕਮੇਟੀ ਗਠਿਤ

ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਉਕਤ ਮਾਮਲੇ ਦੇ ਹੱਲ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਦੀ ਡਿਊਟੀ ਲਗਾਈ ਗਈ ਹੈ ਅਤੇ ਉਹ ਸਾਰੀ ਰਿਪੋਰਟ ਜਲਦ ਹੀ ਮੁੱਖ ਮੰਤਰੀ ਨੂੰ ਦੇ ਕੇ ਇਸ ਮਾਮਲੇ ਨੂੰ ਹੱਲ ਕਰਵਾਉਣ ਦੀ ਹਰ ਸੰਭਵ ਕੋਸਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦਾ ਹੱਲ ਬੈਠ ਕੇ ਕੀਤਾ ਜਾ ਸਕਦਾ ਹੈ, ਜਿਸ 'ਤੇ ਪ੍ਰਦਰਸ਼ਨਕਾਰੀਆਂ ਨੂੰ ਗੌਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰਦਰਸ਼ਨਕਾਰੀਆਂ ਦੀ ਇਸ ਗੱਲ ਲਈ ਪ੍ਰਸ਼ੰਸਾ ਕਰਦੇ ਹਨ ਕਿ ਉਹ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀ ਕਾਨੂੰਨ ਦੇ ਦਾਇਰੇ 'ਚ ਰਹਿ ਕੇ ਆਪਣਾ ਪ੍ਰਦਰਸ਼ਨ ਕਰਨ ਅਤੇ ਇਸ ਮਾਮਲੇ ਨੂੰ ਗੱਲਬਾਤ ਦੇ ਜ਼ਰੀਏ ਹੱਲ ਕਰਨ ਦੀ ਕੋਸਿਸ਼ ਕਰਨ। ਇਸ ਮੌਕੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅੰਮ੍ਰਿਤਸਰ, ਜੁਗਰਾਜ ਸਿੰਘ ਫੇਰੋ ਕੇ ਭਾਰਤੀ ਕਿਸਾਨ ਯੂਨੀਅਨ, ਅਮਰਜੀਤ ਕੌਰ, ਗੁਰਮੇਲ ਸਿੰਘ ਮਨਸੂਰਵਾਲ, ਜੋਗਿੰਦਰ ਸਿੰਘ ਤੀਯੇਵਾਲੀ, ਸ਼ਰਨਜੀਤ ਕੌਰ ਮੁਦਕੀ, ਰਵਿੰਦਰ ਜੀਤ ਕੌਰ, ਹਰਜਿੰਦਰ ਕੌਰ, ਜਗਤਾਰ ਸਿੰਘ ਲੌਂਗੋਦੇਵਾ ਨੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੂੰ ਕਿਹਾ ਕਿ ਉਹ ਸ਼ੁਰੂ ਤੋਂ ਹੀ ਫੈਕਟਰੀ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਹ ਪ੍ਰਦਰਸ਼ਨ ਫੈਕਟਰੀ ਬੰਦ ਹੋਣ ਤੱਕ ਜਾਰੀ ਰਹੇਗਾ।


author

Mandeep Singh

Content Editor

Related News