ਰੇਲਵੇ ਟਰੈਕ ’ਤੇ ਮਿਲੀ ਨੌਜਵਾਨ ਦੀ ਲਾਸ਼

Friday, Jun 26, 2026 - 06:12 PM (IST)

ਰੇਲਵੇ ਟਰੈਕ ’ਤੇ ਮਿਲੀ ਨੌਜਵਾਨ ਦੀ ਲਾਸ਼

ਅਬੋਹਰ (ਸੁਨੀਲ) : ਬੀਤੀ ਦੇਰ ਰਾਤ ਨੇੜਲੇ ਪਿੰਡ ਚੂਹੜੀਵਾਲਾ ਧੰਨਾ ਅਤੇ ਨਿਹਾਲਖੇੜਾ ਦੇ ਵਿਚਕਾਰ ਰੇਲਵੇ ਟਰੈਕ ’ਤੇ ਇਕ ਨੌਜਵਾਨ ਦੀ ਟਰੇਨ ਦੀ ਲਪੇਟ ’ਚ ਆਉਣ ਕਾਰਨ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਜੀ. ਆਰ. ਪੀ. ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਅਤੇ ਪਛਾਣ ਲਈ ਹਸਪਤਾਲ ਦੇ ਮੁਰਦਾਘਰ ’ਚ ਰੱਖ ਦਿੱਤਾ ਹੈ। ਜੀ. ਆਰ. ਪੀ. ਦੇ ਸਹਾਇਕ ਸਬ-ਇੰਸਪੈਕਟਰ ਬਲਦੇਵ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਲੱਗਭਗ 12:00 ਵਜੇ ਸੂਚਨਾ ਮਿਲੀ ਕਿ ਚੂਹੜੀਵਾਲਾ ਧੰਨਾ ਨੇੜੇ ਕਿਲੋਮੀਟਰ ਨੰਬਰ 18 ’ਤੇ ਰੇਲਵੇ ਲਾਈਨ ’ਤੇ ਇਕ ਨੌਜਵਾਨ ਦੀ ਲਾਸ਼ ਪਈ ਹੈ। ਸੂਚਨਾ ਮਿਲਣ ’ਤੇ ਉਹ ਕਾਂਸਟੇਬਲ ਗੁਰਮੁਖ ਸਿੰਘ ਅਤੇ ਪੁਲਸ ਟੀਮ ਦੇ ਨਾਲ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ।

ਮੁੱਢਲੀ ਜਾਂਚ ’ਚ ਸਾਹਮਣੇ ਆਇਆ ਕਿ ਬੀਕਾਨੇਰ ਤੋਂ ਅੰਮ੍ਰਿਤਸਰ ਜਾ ਰਹੀ ਰੇਲਗੱਡੀ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਇਹ ਖੁਦਕੁਸ਼ੀ ਦਾ ਮਾਮਲਾ ਹੈ ਜਾਂ ਹਾਦਸਾ। ਪੁਲਸ ਜਾਂਚ ਦੇ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਨੌਜਵਾਨ ਦੀ ਉਮਰ 20 ਤੋਂ 25 ਸਾਲ ਦੇ ਵਿਚਕਾਰ ਹੋਣ ਦਾ ਅਨੁਮਾਨ ਹੈ। ਉਸ ਦੇ ਕੋਲੋਂ ਕੋਈ ਵੀ ਦਸਤਾਵੇਜ਼ ਜਾਂ ਸਾਮਾਨ ਬਰਾਮਦ ਨਹੀਂ ਹੋਇਆ ਜਿਸ ਨਾਲ ਉਸ ਦੀ ਪਛਾਣ ਹੋ ਸਕੇ। ਜੀ. ਆਰ. ਪੀ. ਪੁਲਸ ਨੇ ਲਾਸ਼ ਨੂੰ ਪਛਾਣ ਲਈ 72 ਘੰਟਿਆਂ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ’ਚ ਰੱਖਿਆ ਹੈ। ਪੁਲਸ ਦਾ ਕਹਿਣਾ ਹੈ ਕਿ ਆਲੇ-ਦੁਆਲੇ ਦੇ ਇਲਾਕਿਆਂ ’ਚ ਨੌਜਵਾਨ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸੋਸ਼ਲ ਮੀਡੀਆ ਅਤੇ ਹੋਰ ਸਾਧਨਾਂ ਰਾਹੀਂ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰ ਦੇ ਪਤਾ ਲੱਗਣ ਤੋਂ ਬਾਅਦ ਹੀ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


author

Gurminder Singh

Content Editor

Related News