ਫਾਜ਼ਿਲਕਾ ''ਚ ਸਰਹੱਦ ਨਾਲ ਲੱਗਦੇ ਪਿੰਡਾਂ ''ਚ ਸ਼ਾਮ 5 ਵਜੇ ਤੋਂ ਬਾਅਦ DJ ਚਲਾਉਣ ''ਤੇ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

02/24/2023 4:20:59 PM

ਜਲਾਲਾਬਾਦ (ਬੰਟੀ ਦਹੂਜਾ) : ਜ਼ਿਲ੍ਹਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਆਈ. ਏ. ਐੱਸ. ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਕ ਵਿਸ਼ੇਸ਼ ਹੁਕਮ ਜਾਰੀ ਕਰ ਕੇ ਜ਼ਿਲ੍ਹਾ ਫਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾਂ ਵਿਚ ਸ਼ਾਮ 5 ਵਜੇ ਤੋਂ ਬਾਅਦ ਡੀ. ਜੇ. (ਮਿਊਜਿਕ ਸਿਸਟਮ), ਪਟਾਕੇ ਚਲਾਉਣ ਅਤੇ ਲੇਜਰ ਲਾਇਟਾਂ ਦੀ ਵਰਤੋਂ ਕਰਨ ’ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਹੁਕਮ 31 ਮਾਰਚ 2023 ਤੱਕ ਲਾਗੂ ਰਹਿਣਗੇ। ਜ਼ਿਕਰਯੋਗ ਹੈ ਕਿ ਬਾਰਡਰ ਦੇ ਪਾਰ ਤੋਂ ਰਾਤ ਸਮੇਂ ਡ੍ਰੋਨ ਰਾਹੀਂ ਘੁਸਪੈਠ ਦੀ ਕੋਸ਼ਿਸ਼ ਹੁੰਦੀ ਹੈ ਅਤੇ ਡੀ. ਜੇ. ਦੀ ਉੱਚੀ ਆਵਾਜ਼ ਵਿਚ ਭਾਰਤ-ਪਾਕਿ ਸਰਹੱਦ ’ਤੇ ਡਿਊਟੀ ਕਰ ਰਹੇ ਜਵਾਨਾਂ ਨੂੰ ਡਰੋਨ ਦੀ ਗੂੰਜ ਸੁਣਾਈ ਨਹੀਂ ਦਿੰਦੀ, ਜਿਸ ਕਾਰਨ ਡੋਰਨ ਗਤੀਵਿਧੀ ਦਾ ਪਤਾ ਲਗਾਉਣਾ ਮੁਸ਼ਕਿਲ ਹੋ ਜਾਂਦਾ ਹੈ।

ਇਹ ਵੀ ਪੜ੍ਹੋ- ਭਾਜਪਾ ਆਗੂ ਭੁਪਿੰਦਰ ਸਿੰਘ ਚੀਮਾ ਖ਼ਿਲਾਫ਼ ਮਾਮਲਾ ਦਰਜ, ਜਾਣੋ ਕੀ ਹੈ ਪੂਰਾ ਮਾਮਲਾ

ਦੂਜੇ ਪਾਸੇ ਡਾ. ਸੇਨੂੰ ਦੁੱਗਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਤਹਿਤ ਜ਼ਿਲਾ ਫਾਜ਼ਿਲਕਾ ’ਚ ਕਵਾਡਕਾਪਟਰ (ਡਰੋਨ ਕੈਮਰੇ) ਆਦਿ ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਮਾਰਚ 2023 ਤਕ ਲਾਗੂ ਰਹਿਣਗੇ। ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਹੁਕਮਾਂ ਵਿੱਚ ਕਿਹਾ ਕਿ ਜ਼ਿਲਾ ਫਾਜ਼ਿਲਕਾ ਦੀ ਹਦੂਦ ਅੰਦਰ ਮਿਲਟਰੀ ਸਟੇਸ਼ਨ, ਬੀ.ਐੱਸ.ਐੱਫ. ਦੇ ਆਸ-ਪਾਸ ਵਿਆਹ ਸ਼ਾਦੀ/ਹੋਰ ਸਮਾਗਮਾਂ ਦੌਰਾਨ ਕਵਾਡਕਾਪਟਰ (ਡਰੋਨ ਕੈਮਰੇ) ਦੀ ਵਰਤੋਂ ਕੀਤੀ ਜਾਂਦੀ ਹੈ ਜਿਸ ਨਾਲ ਰਾਸ਼ਟਰੀ ਸੁਰੱਖਿਆ ਨੂੰ ਖਤਰਾ ਹੋਣ ਦਾ ਖਦਸ਼ਾ ਰਹਿੰਦਾ ਹੈ।

ਇਹ ਵੀ ਪੜ੍ਹੋ- ਜ਼ਮੀਨੀ ਵਿਵਾਦ ਨੇ ਘਰ 'ਚ ਪੁਆਏ ਵੈਣ, ਸੈਰ ਕਰਨ ਗਏ ਵਿਅਕਤੀ ਦਾ ਬੇਰਹਿਮੀ ਨਾਲ ਕਤਲ

ਜ਼ਿਲ੍ਹਾ ਮੈਜਿਸਟ੍ਰੇਟ ਨੇ ਸਪੱਸ਼ਟ ਕੀਤਾ ਹੈ ਕਿ ਡਰੋਨ ਕੈਮਰੇ ਉਡਾਉਣਾ 'ਆਪ੍ਰੇਸ਼ਨ ਆਫ ਸਿਵਲ ਰੀਮੋਟੀਲੀ ਪਾਇਲਟਿਡ ਏਅਰ ਕਰਾਫਟ' ਬਾਰੇ ਡਾਇਰੈਕਟਰ ਜਨਰਲ ਆਫ ਸਿਵਲ ਏਵੀਏਸ਼ਨ ਦੀ ਨੀਤੀ ਦੀ ਵੀ ਉਲੰਘਣਾ ਹੈ। ਇਸ ਲਈ ਉਕਤ ਹਾਲਾਤ ਨੂੰ ਮੁੱਖ ਰੱਖਦਿਆਂ ਅਤੇ ਜ਼ਿਲਾ ਫਾਜ਼ਿਲਕਾ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਅਤੇ ਰਾਸ਼ਟਰੀ ਸੁਰੱਖਿਆ ਨੂੰ ਕਾਇਮ ਰੱਖਣਾ ਯਕੀਨੀ ਬਣਾਉਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ। ਇਸ ਲਈ ਰਾਸ਼ਟਰੀ ਸੁਰੱਖਿਆ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਦਾ ਉਲੰਘਣ ਕਰਨ ’ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

Simran Bhutto

This news is Content Editor Simran Bhutto