28 ਸਾਲਾ ਵਿਆਹੁਤਾ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ

Friday, Mar 22, 2024 - 05:12 PM (IST)

28 ਸਾਲਾ ਵਿਆਹੁਤਾ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ

ਫਿਰੋਜ਼ਪੁਰ (ਕੁਮਾਰ, ਵਾਹੀ) : ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਪੀਰ ਮੁਹੰਮਦ ਵਿਖੇ 28 ਸਾਲਾ ਵਿਆਹੁਤਾ ਔਰਤ ਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਅਤੇ ਇਸ ਮਾਮਲੇ ਸਬੰਧੀ ਪੁਲਸ ਨੇ ਮ੍ਰਿਤਕਾ ਦੇ ਭਰਾ ਦੇ ਬਿਆਨਾਂ ’ਤੇ ਥਾਣਾ ਮਖੂ ਵਿਚ ਵਿਆਹੁਤਾ ਦੇ ਪਤੀ ਸਮੇਤ 7 ਲੋਕਾਂ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਬਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਕਾਇਤਕਰਤਾ ਜਸਬੀਰ ਸਿੰਘ ਨੇ ਦੋਸ਼ ਲਾਇਆ ਹੈ ਕਿ ਉਸਦੀ ਭੈਣ ਸੁਨੀਤਾ ਦਾ ਵਿਆਹ ਕਰੀਬ ਸਵਾ ਸਾਲ ਪਹਿਲਾਂ ਚਰਨਜੀਤ ਸਿੰਘ ਪੁੱਤਰ ਲਖਵੀਰ ਸਿੰਘ ਨਾਲ ਹੋਇਆ ਸੀ। ਸ਼ਿਕਾਇਤਕਰਤਾ ਅਨੁਸਾਰ ਉਨ੍ਹਾਂ ਦੇ ਘਰ ਵਿਚ ਲੜਾਈ ਝਗੜਾ ਰਹਿੰਦਾ ਸੀ, ਜਿਸ ਕਾਰਨ ਉਸਦੀ ਭੈਣ ਸੁਨੀਤਾ ਨੇ ਕੋਈ ਜ਼ਹਿਰੀਲੀ ਦਵਾਈ ਪੀ ਲਈ।

ਇਸ ਦੌਰਾਨ ਸਨੀਤਾ ਨੂੰ ਇਲਾਜ ਲਈ ਸਿਵਲ ਹਸਪਤਾਲ ਮਖੂ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਉਸ ਦੇ ਪਤੀ ਚਰਨਜੀਤ ਸਿੰਘ, ਸੁਖਵਿੰਦਰ ਕੌਰ, ਲਵਦੀਪ ਸਿੰਘ, ਕਿਰਨਦੀਪ ਕੌਰ, ਤਰਸੇਮ ਸਿੰਘ, ਗੁਰਲੀਨ ਕੌਰ ਅਤੇ ਸਿਮਰਜੀਤ ਕੌਰ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।


author

Gurminder Singh

Content Editor

Related News