ਤੇਜ਼ ਰਫ਼ਤਾਰ ਵਾਹਨ ਦੀ ਲਪੇਟ ’ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
Monday, Sep 21, 2026 - 06:11 PM (IST)
ਤਲਵੰਡੀ ਭਾਈ (ਗੁਲਾਟੀ) : ਤਲਵੰਡੀ ਭਾਈ ਤੋਂ ਕੁਝ ਹੀ ਦੂਰੀ 'ਤੇ ਬਠਿੰਡਾ- ਅੰਮ੍ਰਿਤਸਰ ਕੌਮੀ ਮਾਰਗ ’ਤੇ ਫਿੱਡੇ ਗੇਟ ਨੇੜੇ ਅੱਜ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਇਲੈਕਟ੍ਰਿਕ ਸਕੂਟਰੀ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਟੇਕ ਸਿੰਘ ਉਮਰ 50 ਸਾਲਾ ਪੁੱਤਰ ਕਰਨੈਲ ਸਿੰਘ ਵਾਸੀ ਝੰਡੇਆਣਾ ਪੱਛਮੀ, ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟੇਕ ਸਿੰਘ ਆਪਣੀ ਇਲੈਕਟ੍ਰਿਕ ਸਕੂਟਰੀ ’ਤੇ ਸਵਾਰ ਹੋ ਕੇ ਹਾਈਵੇ ’ਤੇ ਚੜ੍ਹਨ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਇਕ ਤੇਜ਼ ਰਫ਼ਤਾਰ ਵਾਹਨ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਸਕੂਟਰੀ ਸਵਾਰ ਦੀ ਮੌਕੇ ’ਤੇ ਹੀ ਮੌਤ ਹੋਣ ਦੀ ਜਾਣਕਾਰੀ ਹੈ।
ਘਟਨਾ ਤੋਂ ਬਾਅਦ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਮੌਕੇ ’ਤੇ ਮੌਜੂਦ ਕੁਝ ਲੋਕਾਂ ਵੱਲੋਂ ਦੱਸਿਆ ਗਿਆ ਕਿ ਹਾਦਸੇ ਵਿਚ ਸ਼ਾਮਲ ਵਾਹਨ ਇਕ ਨੋਵਾ ਕਾਰ ਹੋਣ ਦਾ ਖ਼ਦਸ਼ਾ ਹੈ। ਹਾਦਸੇ ਦੌਰਾਨ ਕਾਰ ਦੀ ਨੰਬਰ ਪਲੇਟ ਵੀ ਮੌਕੇ ’ਤੇ ਡਿੱਗੀ ਮਿਲਣ ਦੀ ਗੱਲ ਸਾਹਮਣੇ ਆਈ ਹੈ। ਹਾਲਾਂਕਿ ਹਾਦਸੇ ਵਿਚ ਸ਼ਾਮਲ ਵਾਹਨ ਅਤੇ ਇਸ ਦੇ ਚਾਲਕ ਸਬੰਧੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਮੌਕੇ ਤੋਂ ਲੋੜੀਂਦੇ ਸਬੂਤ ਇਕੱਠੇ ਕਰਕੇ ਅਗਲੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਗਈ ਹੈ।
