ਔਰਤ ਨੂੰ ਗੋਲੀ ਮਾਰਨ ਵਾਲੇ ਦੋ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ
Saturday, Jan 25, 2025 - 06:21 PM (IST)
ਗੁਰੂਹਰਸਹਾਏ (ਸੁਨੀਲ ਵਿੱਕੀ) : ਕੁਝ ਦਿਨ ਪਹਿਲਾਂ ਸ਼ਹਿਰ ਦੀ ਗੁਰੂ ਕਰਮ ਸਿੰਘ ਬਸਤੀ ਵਿਚ ਚੱਲੀ ਗੋਲੀ ਵਿਚ ਇੱਕ ਔਰਤ ਜ਼ਖਮੀ ਹੋ ਗਈ ਸੀ, ਜਿਸਨੂੰ ਲੈ ਕੇ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਤਿੰਨ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕੀਤਾ ਸੀ, ਜਿਨ੍ਹਾ ਵਿਚੋਂ ਪੁਲਸ ਨੇ 2 ਦੋਸ਼ੀਆਂ ਨੂੰ 32 ਬੋਰ ਦੇ ਪਿਸਤੌਲ ਸਮੇਤ ਗ੍ਰਿਫਤਾਰ ਕਰ ਲਿਆ ਹੈ ਤੇ ਤੀਜੇ ਦੋਸ਼ੀ ਦੀ ਗ੍ਰਿਫਤਾਰੀ ਲਈ ਪੁਲਸ ਵੱਲੋਂ ਛਾਪਾਮਾਰੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਗੁਰੂਹਰਸਹਾਏ ਦੇ ਡੀਐੱਸਪੀ ਸਤਨਾਮ ਸਿੰਘ ਅਤੇ ਥਾਣਾ ਇੰਚਾਰਜ ਜਸਵਿੰਦਰ ਸਿੰਘ ਬਰਾੜ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਕੁਝ ਦਿਨ ਪਹਿਲਾਂ ਸ਼ਹਿਰ ਦੀ ਗੁਰੂ ਕਰਮ ਸਿੰਘ ਬਸਤੀ ਵਿਚ ਚੱਲੀ ਗੋਲੀ ਦੌਰਾਨ ਇਕ ਔਰਤ ਗੀਤਾ ਪਤਨੀ ਯੂਸਫ਼ ਜ਼ਖਮੀ ਹੋ ਗਈ, ਜਿਸਦੇ ਬਿਆਨਾ ’ਤੇ ਪੁਲਸ ਵੱਲੋਂ ਦੋਸ਼ੀ ਸੰਨੀ, ਮੁੰਨੀ ਅਤੇ ਰੂਪਾ ਵਾਸੀ ਗੁਰੂਹਰਸਹਾਏ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।
ਉਨ੍ਹਾ ਦੱਸਿਆ ਕਿ ਇਸ ਮਾਮਲੇ ਵਿਚ ਕਾਰਵਾਈ ਕਰਦੇ ਹੋਏ ਪੁਲਸ ਨੇ ਛਾਪਾਮਾਰੀ ਕਰਕੇ ਘਟਨਾ ਨੂੰ ਅੰਜਾਮ ਦੇਣ ਵਾਲੇ ਦੋ ਮੁਲਜ਼ਮਾ ਮੁੰਨੀ ਅਤੇ ਸੰਨੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਘਟਨਾ ਵਿਚ ਵਰਤਿਆ ਗਿਆ 32 ਬੋਰ ਦਾ ਪਿਸਤੌਲ ਵੀ ਬਰਾਮਦ ਕਰ ਲਿਆ ਹੈ ਤੇ ਪੁਲਸ ਤੀਜੇ ਦੋਸ਼ੀ ਰੂਪਾ ਨੂੰ ਗ੍ਰਿਫ਼ਤਾਰ ਕਰਨ ਲਈ ਛਾਪਾਮਾਰੀ ਕਰ ਰਹੀ ਹੈ, ਜਿਸਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਡੀਐੱਸਪੀ ਸਤਨਾਮ ਸਿੰਘ ਨੇ ਕਿਹਾ ਕਿ ਪੁਲਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਲਾਕੇ ਵਿਚ ਕਾਨੂੰਨ ਵਿਵਸਥਾ ਨੂੰ ਹਰ ਹਾਲ ਵਿਚ ਕਾਇਮ ਰੱਖਿਆ ਜਾਵੇਗਾ।