ਸ਼ੱਕੀ ਹਾਲਾਤ ’ਚ ਨੌਜਵਾਨ ਦੀ ਮੌਤ
Tuesday, Apr 22, 2025 - 05:39 PM (IST)

ਅਬੋਹਰ (ਸੁਨੀਲ) : ਸਥਾਨਕ ਢਾਣੀ ਕੜਾਕਾ ਸਿੰਘ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਬੀਤੀ ਰਾਤ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਨੌਜਵਾਨ ਨੂੰ ਉਸ ਦੇ ਪਰਿਵਾਰਕ ਮੈਂਬਰ ਬੇਹੋਸ਼ੀ ਦੀ ਹਾਲਤ ’ਚ ਹਸਪਤਾਲ ਲੈ ਕੇ ਆਏ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ’ਚ ਰੱਖਵਾ ਦਿੱਤਾ ਹੈ। ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ। ਜਾਣਕਾਰੀ ਅਨੁਸਾਰ ਲਗਭਗ 18 ਸਾਲ ਦਾ ਜਸਵਿੰਦਰ ਸਿੰਘ ਮਜ਼ਦੂਰੀ ਦਾ ਕੰਮ ਕਰਦਾ ਸੀ। ਉਸ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਉਹ ਕੱਲ੍ਹ ਰਾਤ ਕੰਮ ਤੋਂ ਘਰ ਆਇਆ, ਰਾਤ ਦਾ ਖਾਣਾ ਖਾਧਾ ਅਤੇ ਸੌਣ ਲਈ ਆਪਣੇ ਕਮਰੇ ’ਚ ਚਲਾ ਗਿਆ।
ਦੇਰ ਰਾਤ ਲਗਭਗ 1-2 ਵਜੇ ਉਸ ਦੀ ਮਾਂ ਸੁਨੀਤਾ ਨੇ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਉੱਠਿਆ। ਜਿਸ ’ਤੇ ਪਰਿਵਾਰ ਵਾਲੇ ਤੁਰੰਤ ਉਸ ਨੂੰ ਇਲਾਜ ਲਈ ਹਸਪਤਾਲ ਲੈ ਆਏ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੀਡ ਫਾਰਮ ਪੁਲਸ ਸਟੇਸ਼ਨ ਦੇ ਸਹਾਇਕ ਸਬ-ਇੰਸਪੈਕਟਰ ਰਾਜਵੀਰ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ’ਚ ਰੱਖ ਦਿੱਤਾ ਗਿਆ ਹੈ।