ਮੰਦਰਾਂ ਦੇ ਬਾਹਰ ਭੀਖ ਮੰਗਦੇ 7 ਬੱਚੇ ਰੈਸਕਿਊ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਮੁਹਿੰਮ
Wednesday, Sep 02, 2026 - 07:39 PM (IST)
ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ): ਬਾਲ ਭਿੱਖਿਆ ਨੂੰ ਠੱਲ੍ਹ ਪਾਉਣ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਪਠਾਨਕੋਟ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਰੈਸਕਿਊ ਮੁਹਿੰਮ ਚਲਾਈ ਗਈ। ਡਿਪਟੀ ਕਮਿਸ਼ਨਰ ਡਾ. ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਚਾਈਲਡ ਲਾਈਨ 1098 ਅਤੇ ਪੰਜਾਬ ਪੁਲਿਸ ਦੀ ਸਾਂਝੀ ਟੀਮ ਨੇ ਸ਼ਹਿਰ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਆਲੇ-ਦੁਆਲੇ ਚੈਕਿੰਗ ਕੀਤੀ।
ਇਸ ਮੁਹਿੰਮ ਦੌਰਾਨ ਕਾਲੀ ਮਾਤਾ ਮੰਦਰ ਨੇੜਿਓਂ 2 ਅਤੇ ਆਸ਼ਾਪੁਰਨੀ ਮੰਦਰ ਨੇੜਿਓਂ 5 ਬੱਚਿਆਂ ਸਮੇਤ ਕੁੱਲ 7 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਟੀਮ ਵੱਲੋਂ ਧਾਰਮਿਕ ਸਥਾਨਾਂ ਦੇ ਬਾਹਰ ਭੀਖ ਮੰਗ ਰਹੇ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸੁਰੱਖਿਅਤ ਹਿਰਾਸਤ ਵਿੱਚ ਲਿਆ ਗਿਆ।
ਇਸ ਮੁਹਿੰਮ ਦੀ ਅਗਵਾਈ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਮੈਡਮ ਊਸ਼ਾ ਦੀ ਅਗਵਾਈ ਹੇਠ ਕੀਤੀ ਗਈ। ਰੈਸਕਿਊ ਕੀਤੇ ਗਏ ਸਾਰੇ ਬੱਚਿਆਂ ਨੂੰ ਅਗਲੀ ਕਾਰਵਾਈ ਲਈ ਬਾਲ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਗਿਆ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਹਾ ਗਿਆ ਕਿ ਬੱਚਿਆਂ ਤੋਂ ਭੀਖ ਮੰਗਵਾਉਣ ਦੀ ਪ੍ਰਵਿਰਤੀ ਨੂੰ ਰੋਕਣ ਲਈ ਅਜਿਹੀਆਂ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ। ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕੋਈ ਬੱਚਾ ਭੀਖ ਮੰਗਦਾ ਨਜ਼ਰ ਆਵੇ ਤਾਂ ਇਸ ਦੀ ਸੂਚਨਾ ਚਾਈਲਡ ਹੈਲਪਲਾਈਨ 1098 ’ਤੇ ਦਿੱਤੀ ਜਾਵੇ।
