ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡਿਆਂ ਨੇ ਗੁਰਦਾਸਪੁਰ 'ਚ ਲਹਿਰਾਇਆ 'ਤਿਰੰਗਾ'
Friday, Aug 15, 2025 - 02:12 PM (IST)

ਗੁਰਦਾਸਪੁਰ (ਹਰਮਨ)- ਸਰਕਾਰੀ ਕਾਲਜ ਗੁਰਦਾਸਪੁਰ ਦੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ ਵਿਖੇ ਅੱਜ 79ਵਾਂ ਅਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸੂਬੇ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਇਸ ਜ਼ਿਲ੍ਹਾ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਹੋਰਨਾਂ ਸ਼ਖ਼ਸੀਅਤਾਂ ਸਮੇਤ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਦੇ ਬੁੱਤ ਅਤੇ ਸਟੇਡੀਅਮ ਵਿੱਚ ਬਣੀ ਸ਼ਹੀਦੀ ਗੈਲਰੀ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਹ ਵੀ ਪੜ੍ਹੋ- ਫਿਰੋਜ਼ਪੁਰ ‘ਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲਹਿਰਾਇਆ 'ਤਿਰੰਗਾ', ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਗੁਰਦਾਸਪੁਰ ਵਾਸੀਆਂ ਨੂੰ ਅਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲ਼ੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ 'ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜ਼ਿਲ੍ਹਾ ਗੁਰਦਾਸਪੁਰ ਦੇ ਸਰਬਪੱਖੀ ਵਿਕਾਸ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਨੇ ਪੰਜਾਬ ਤੇ ਦੇਸ਼ ਨੂੰ ਵੱਡੇ ਨਾਮੀ ਖਿਡਾਰੀ ਤੇ ਲੇਖਕ ਅਤੇ ਸੈਨਿਕ ਦਿੱਤੇ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਸਟੇਡੀਅਮ 'ਚ ਮੰਤਰੀ ਡਾ. ਬਲਬੀਰ ਸਿੰਘ ਨੇ ਲਹਿਰਾਇਆ 'ਕੌਮੀ ਝੰਡਾ'
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਟੇਡੀਅਮ ਵਿਖੇ ਪਰੇਡ ਟੁਕੜੀਆਂ ਦਾ ਨਿਰੀਖਣ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਐੱਸ.ਐੱਸ.ਪੀ. ਆਦਿੱਤਯ ਵੀ ਉਨ੍ਹਾਂ ਦੇ ਨਾਲ ਸਨ। ਡੀ.ਐੱਸ.ਪੀ. ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਸ ਦੇ ਜਵਾਨਾਂ, ਮਹਿਲਾ ਪਲਾਟੂਨ, ਪੰਜਾਬ ਹੋਮਗਾਰਡਜ਼, ਐਨ.ਸੀ.ਸੀ ਦੀਆਂ ਟੁਕੜੀਆਂ ਅਤੇ ਪੰਜਾਬ ਪੁਲਿਸ ਬੈਂਡ ਟੀਮ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਕੈਬਨਿਟ ਮੰਤਰੀ ਵੱਲੋਂ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਵੀਰ ਨਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਦਾ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਲੋੜਵੰਦ ਵਿਅਕਤੀਆਂ ਨੂੰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਤਰਫ਼ੋਂ ਮੁਹੱਈਆ ਕਰਵਾਏ ਗਏ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਅਜ਼ਾਦੀ ਸਮਾਗਮ ਦੌਰਾਨ ਜ਼ਿਲ੍ਹੇ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਨਾ ਲਬਰੇਜ਼ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ Weather Update, ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
ਇਸ ਮੌਕੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਨਿਯੁਕਤ ਹੋਏ 18 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਸਹਾਇਕ ਕਮਿਸ਼ਨਰ (ਜਨਰਲ) ਆਦਿੱਤਯ ਗੁਪਤਾ ਨੂੰ ਓਪਰੇਸ਼ਨ ਸਿੰਧੂਰ ਦੌਰਾਨ ਮਿਸਾਲੀ ਸੇਵਾਵਾਂ ਨਿਭਾਉਣ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਮੁੱਖ ਮਹਿਮਾਨ ਵੱਲੋਂ ਜ਼ਿਲ੍ਹੇ ਵਿੱਚ ਸ਼ਲਾਘਾਯੋਗ ਕਾਰਜ ਕਰਨ ਵਾਲੇ ਅਧਿਕਾਰੀਆਂ, ਕਰਮਚਾਰੀਆਂ, ਸਮਾਜ ਸੇਵਕਾਂ, ਅਧਿਆਪਕਾਂ, ਡਾਕਟਰਾਂ, ਖਿਡਾਰੀਆਂ ਸਮੇਤ ਹੋਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਅਤੇ ਐੱਸ.ਐੱਸ.ਪੀ ਗੁਰਦਾਸਪੁਰ ਆਦਿੱਤਯ ਵੱਲੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਹਰਦੀਪ ਸਿੰਘ ਮੁੰਡੀਆਂ ਦੀ ਧਰਮ ਪਤਨੀ ਸਿਮਰਦੀਪ ਕੌਰ, ਬੇਟਾ ਜਸ਼ਨਦੀਪ ਸਿੰਘ, ਬੇਟੀਆਂ ਅਗਮਦੀਪ ਕੌਰ, ਅਰਸ਼ਦੀਪ ਕੌਰ, ਕੋਮਲਦੀਪ ਕੌਰ ਤੇ ਭਤੀਜਾ ਪ੍ਰਿੰਸ ਸੈਣੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8