ਪੰਜਾਬ ਸਰਕਾਰ ਦੇ ਬਜਟ ਵਿਚ ਹਰ ਵਰਗ ਨੂੰ ਨਜ਼ਰ ਅੰਦਾਜ਼ : ਰੰਧਾਵਾ/ਮਹਾਜਨ
Friday, Mar 28, 2025 - 06:16 PM (IST)

ਬਟਾਲਾ/ਕਲਾਨੌਰ (ਬੇਰੀ, ਮਨਮੋਹਨ) : ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ’ਚ ਸਰਕਾਰ ਵਲੋਂ ਹਰ ਵਰਗ ਨੂੰ ਨਜ਼ਰ ਅੰਦਾਜ ਕੀਤਾ ਗਿਆ ਹੈ ਅਤੇ ਇਹ ਬਜਟ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਅਤੇ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ’ਚ ਵਪਾਰੀਆਂ, ਕਰਮਚਾਰੀਆਂ ਅਤੇ ਮਜ਼ਦੂਰ ਵਰਗ ਦੇ ਲੋਕਾਂ ਨੂੰ ਕੋਈ ਸਹੂਲਤ ਮੁਹੱਈਆ ਨਹੀਂ ਕਰਵਾਈ ਗਈ। ਅੱਜ ਪੰਜਾਬ ਦੇ ਕਿਸਾਨ, ਕਰਮਚਾਰੀ ਅਤੇ ਮਜ਼ਦੂਰ ਸਰਕਾਰ ਦੀਆਂ ਗਲਤ ਨੀਤੀਆਂ ਨੂੰ ਲੈ ਕੇ ਸਰਕਾਰ ਦੇ ਵਿਰੁੱਧ ਸੜਕਾਂ ’ਤੇ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵਲੋਂ ਮੰਗਾਂ ਨੂੰ ਪੂਰਾ ਕਰਨ ਲਈ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਭਵਿੱਖ ਕਾਂਗਰਸ ਪਾਰਟੀ ਦੇ ਹੱਥਾਂ ’ਚ ਸੁਰੱਖਿਅਤ ਹੈ ਅਤੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ।