ਦੀਨਾਨਗਰ ਦੇ ਮਕੌੜਾ ਪੱਤਣ ਪਹੁੰਚ ਰਾਹੁਲ ਗਾਂਧੀ ਨੇ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਨਾਲ ਕੀਤੀ ਮੁਲਾਕਾਤ
Monday, Sep 15, 2025 - 10:26 PM (IST)

ਦੀਨਾਨਗਰ, (ਹਰਜਿੰਦਰ ਸਿੰਘ ਗੋਰਾਇਆ)- ਰਾਵੀ ਦਰਿਆ ਵੱਲੋਂ ਪਿਛਲੇ ਦਿਨੀ ਪਾਣੀ ਦੀ ਮਾਰ ਨਾਲ ਮਾਰੇ ਗਏ ਇਲਾਕੇ ਦੇ ਕਈ ਪਿੰਡਾਂ ਅੰਦਰ ਅੱਜ ਵੀ ਤਬਾਹੀ ਦਾ ਮੰਜ਼ਰ ਦੇਖਣ ਨੂੰ ਮਿਲ ਰਿਹਾ ਹੈ। ਇਸ ਹੜ੍ਹ ਦੀ ਮਾਰ ਨਾਲ ਪ੍ਰਭਾਵਿਤ ਹੋਏ ਲੋਕਾਂ ਨਾਲ ਮੁਲਾਕਾਤ ਕਰਨ ਲਈ ਅੱਜ ਮਕੌੜਾ ਪੱਤਣ ਵਿਖੇ ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਵੱਲੋਂ ਰਾਵੀ ਦਰਿਆ ਦੇ ਪਾਰਲੇ ਪਾਸੇ ਵੱਸੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਪਾਰਲੇ ਪਿੰਡਾਂ ਦੇ ਲੋਕਾਂ ਵੱਲੋਂ ਰਾਹੁਲ ਗਾਂਧੀ ਨੂੰ ਆਪਣੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਲੋਕਾਂ ਨੇ ਰਾਵੀ ਦਰਿਆ ਦੇ ਮਕੌੜਾ ਪੱਤਣ 'ਤੇ ਪੱਕੇ ਪੁੱਲ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਜਦ ਬਰਸਾਤਾਂ ਦੇ ਦਿਨ ਆਉਂਦੇ ਹਨ ਤਾਂ ਪਲੂਟਨ ਪੁੱਲ ਚੁੱਕ ਲਿਆ ਜਾਂਦਾ ਹੈ ਜਿਸ ਕਰਕੇ ਸਾਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਹੜ੍ਹ ਕਾਰਨ ਸਾਡੇ ਇਲਾਕਾ ਕਾਫੀ ਪ੍ਰਭਾਵਿਤ ਹੋਇਆ ਹੈ ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧੜੇ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਦੀਨਾਨਗਰ ਵਿਧਾਇਕ ਅਰੁਣਾ ਚੌਧਰੀ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਹਾਜ਼ਰ ਸਨ