ਸਟੇਟ ਐਵਾਰਡ ਨਾਲ ਸਨਮਾਨਿਤ ਹੋਏ ਸਹਾਇਕ ਸਿਵਲ ਸਰਜਨ ਡਾ. ਪ੍ਰਭਜੋਤ ਕੌਰ ਕਲਸੀ
Thursday, Jul 02, 2026 - 04:11 PM (IST)
ਗੁਰਦਾਸਪੁਰ (ਹਰਮਨ) : ਸਿਹਤ ਵਿਭਾਗ ਵਿਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੇ ਮੱਦੇਨਜ਼ਰ ਸਹਾਇਕ ਸਿਵਲ ਸਰਜਨ ਗੁਰਦਾਸਪੁਰ ਡਾ. ਪ੍ਰਭਜੋਤ ਕੌਰ ਕਲਸੀ ਨੂੰ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ ਦੌਰਾਨ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਐਵਾਰਡ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪ੍ਰਿੰਸੀਪਲ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਕੁਮਾਰ ਰਾਹੁਲ (ਆਈ.ਏ.ਐਸ.) ਵੱਲੋਂ ਭੇਟ ਕੀਤਾ ਗਿਆ। ਡਾ. ਪ੍ਰਭਜੋਤ ਕੌਰ ਕਲਸੀ ਨੂੰ ਇਹ ਸਨਮਾਨ ਸਿਹਤ ਵਿਭਾਗ ਪ੍ਰਤੀ ਉਨ੍ਹਾਂ ਦੀਆਂ ਸਮਰਪਿਤ ਅਤੇ ਤਨਦੇਹੀ ਭਰੀਆਂ ਸੇਵਾਵਾਂ, ਮਹਾਂਮਾਰੀਆਂ, ਵੈਕਟਰ ਬੋਰਨ ਬਿਮਾਰੀਆਂ ਅਤੇ ਦੂਸ਼ਿਤ ਪਾਣੀ ਕਾਰਨ ਫੈਲਣ ਵਾਲੇ ਪੀਲੀਏ ਦੀ ਰੋਕਥਾਮ ਲਈ ਸਮੇਂ ਸਿਰ ਪ੍ਰਭਾਵਸ਼ਾਲੀ ਪ੍ਰਬੰਧ ਕਰਨ ਅਤੇ ਆਪਣੇ ਸੇਵਾ ਕਾਲ ਦੌਰਾਨ ਵਿਭਾਗੀ ਜ਼ਿੰਮੇਵਾਰੀਆਂ ਨੂੰ ਬੇਹੱਦ ਕੁਸ਼ਲਤਾ ਨਾਲ ਨਿਭਾਉਣ ਲਈ ਦਿੱਤਾ ਗਿਆ ਹੈ।
ਇਸੇ ਸਮਾਗਮ ਦੌਰਾਨ ਬਟਾਲਾ ਤੋਂ ਬੀ.ਟੀ.ਓ. ਡਾ. ਪ੍ਰੀਆਗੀਤ ਕਲਸੀ ਨੂੰ ਵੀ ਸਿਹਤ ਵਿਭਾਗ ਵਿਚ ਵਧੀਆ ਸੇਵਾਵਾਂ ਦੇਣ ਲਈ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਟੇਟ ਐਵਾਰਡ ਹਾਸਲ ਕਰਨ ਤੋਂ ਬਾਅਦ ਜਦੋਂ ਡਾ. ਪ੍ਰਭਜੋਤ ਕੌਰ ਕਲਸੀ ਗੁਰਦਾਸਪੁਰ ਪੁੱਜੇ ਤਾਂ ਉਨ੍ਹਾਂ ਦਾ ਪਰਿਵਾਰਕ ਮੈਂਬਰਾਂ ਅਤੇ ਜ਼ਿਲ੍ਹੇ ਦੇ ਡਾਕਟਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਡਾ. ਸੁਰਿੰਦਰ ਕੌਰ ਪੰਨੂ ਨੇ ਡਾ. ਪ੍ਰਭਜੋਤ ਕੌਰ ਕਲਸੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਨਮਾਨ ਨਾ ਸਿਰਫ਼ ਉਨ੍ਹਾਂ ਲਈ, ਸਗੋਂ ਸਮੂਹ ਜ਼ਿਲ੍ਹਾ ਗੁਰਦਾਸਪੁਰ ਲਈ ਵੀ ਮਾਣ ਅਤੇ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਡਾ. ਕਲਸੀ ਦੀ ਇਹ ਉਪਲਬਧੀ ਸਿਹਤ ਵਿਭਾਗ ਦੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਵੀ ਪ੍ਰੇਰਣਾਸਰੋਤ ਸਾਬਤ ਹੋਵੇਗੀ।
