ਟਿਕਰੀ ਬਾਰਡਰ ’ਤੇ ਇਕ ਹੋਰ ਕਿਸਾਨ ਦੀ ਹੋਈ ਮੌਤ, ਸਿਹਤ ਖਰਾਬ ਹੋਣ ਦੇ ਚਲਦੇ ਹਸਪਤਾਲ ’ਚ ਸੀ ਦਾਖਲ

08/21/2021 11:35:04 AM

ਬਹਾਦੁਰਗੜ੍ਹ–ਟਿਕਰੀ ਬਾਰਡਰ ’ਤੇ ਕਿਸਾਨ ਅੰਦੋਲਨ ’ਚ ਸ਼ਾਮਲ ਇਕ ਹੋਰ ਕਿਸਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਦਿਨ ਪਹਿਲਾਂ ਕਿਸਾਨ ਦੀ ਸਿਹਤ ਖਰਾਬ ਹੋਈ ਸੀ। ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ ਪਰ ਇਲਾਜ ਦੌਰਾਨ ਬਜ਼ੁਰਗ ਕਿਸਾਨ ਨੇ ਦਮ ਤੌਰ ਦਿੱਤਾ। 

ਮ੍ਰਿਤਕ ਕਿਸਾਨ ਦੀ ਪਛਾਣ ਪੰਜਾਬ ਦੇ ਬਰਨਾਲਾ ਜ਼ਿਲ੍ਹਾ ਨਿਵਾਸੀ ਕਰਨੈਲ ਸਿੰਘ ਦੇ ਰੂਪ ’ਚ ਹੋਈ ਹੈ। ਕਰਨੈਲ ਸਿੰਘ ਪਿਛਲੇ ਲੰਬੇ ਸਮੇਂ ਤੋਂ ਟਿਕਰੀ ਬਾਰਡਰ ’ਤੇ ਕਿਸਾਨ ਅੰਦੋਲਨ ’ਚ ਆਪਣੀ ਭੂਮਿਕਾ ਨਿਭਾ ਰਿਹਾ ਸੀ। ਅਚਾਨਕ ਸਿਹਤ ਖਰਾਬ ਹੋਣ ਕਾਰਨ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਕਰਲੈਨ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਥੇ ਹੀ ਮ੍ਰਿਤਕ ਦੀ ਮੌਤ ਦੇ ਨਾਲ ਹੀ ਅੰਦੋਲਨਕਾਰੀ ਕਿਸਾਨਾਂ ਨੇ ਸਰਕਾਰ ਨੂੰ ਉਸ ਦੇ ਪਰਿਵਾਰ ਨੂੰ ਆਰਥਿਕ ਮੁਆਵਜ਼ਾ ਦੇਣ ਅਤੇ ਉਸ ਦੇ ਪਰਿਵਾਰ ਦਾ ਕਰਜਾ ਮੁਆਫ ਕਰਨ ਦੀ ਅਪੀਲ ਕੀਤੀ ਹੈ। ਇੰਨਾ ਹੀ ਨਹੀਂ ਅੰਦੋਲਨਕਾਰੀ ਕਿਸਨਾਂ ਨੇ ਇਕ ਵਾਰ ਫਿਰ ਕਿਹਾ ਕਿ ਅੰਦੋਲਨ ਉਦੋਂ ਤਕ ਜਾਰੀ ਰਹੇਗਾ, ਜਦੋਂ ਤਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ। 

ਦੱਸ ਦੇਈਏ ਕਿ ਪਿਛਲੇ ਕਰੀਬ ਸਾਢੇ 8 ਮਹੀਨਿਆਂ ਤੋਂ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐੱਮ.ਐੱਸ.ਪੀ. ’ਤੇ ਨਵਾਂ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਹਨ। ਇਸ ਦੌਰਾਨ 500 ਤੋਂ ਜ਼ਿਆਦਾ ਕਿਸਾਨ ਆਪਣੀ ਜਾਨ ਵੀ ਗੁਆ ਚੁਕੇ ਹਨ ਪਰ ਕਿਸਾਨ ਅਤੇ ਸਰਕਾਰ ਵਿਚਾਲੇ ਗੱਲਬਾਤ ਦਾ ਡੈੱਡਲਾਕ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਅਜਿਹੇ ’ਚ ਅੰਦੋਲਨ ਕਦੋਂ ਖਤਮ ਹੋਵੇਗਾ ਅਤੇ ਕੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨ ਲਵੇਗੀ, ਇਹ ਵੇਖਣ ਵਾਲੀ ਗੱਲ ਹੋਵੇਗੀ। 


Rakesh

Content Editor

Related News