ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸੋਨੀਪਤ ਤੋਂ ਅਗਲੇ ਪੜਾਅ ਲਈ ਰਵਾਨਾ

04/13/2021 4:36:06 PM

ਅੰਮ੍ਰਿਤਸਰ– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਕਟਰ-15 ਸੋਨੀਪਤ (ਹਰਿਆਣਾ) ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤਰਾਵੜੀ ਲਈ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਸਜੇ ਦੀਵਾਨ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਮੌਕੇ ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਸ. ਮੰਗਪ੍ਰੀਤ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਦੇ ਜੀਵਨ ਤੋਂ ਨੌਜੁਆਨੀ ਨੂੰ ਪ੍ਰੇਰਣਾ ਲੈ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਹੋਣਾ ਚਾਹੀਦਾ ਹੈ। ਉਨ੍ਹਾਂ ਸੰਗਤ ਨੂੰ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਿਰਕਤ ਕਰਨ ਦੀ ਪ੍ਰੇਰਨਾ ਵੀ ਕੀਤੀ।

ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦਿੱਤੇ। ਰਵਾਨਗੀ ਸਮੇਂ ਵੱਡੀ ਗਿਣਤੀ ਵਿਚ ਹਾਜ਼ਰ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ ਗਿਆ। ਰਸਤੇ ਵਿਚ ਸਮਾਲਕਾ, ਪਾਣੀਪਤ, ਘਰੋਡਾ, ਕਰਨਾਲ, ਸ਼ਾਮਗੜ੍ਹ ਆਦਿ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕਰ ਕੇ ਸ਼ਰਧਾ ਪ੍ਰਗਟਾਈ। ਸੰਗਤਾਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ ਸਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਇੰਚਾਰਜ ਸ. ਕਰਤਾਰ ਸਿੰਘ, ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਸ. ਮੰਗਪ੍ਰੀਤ ਸਿੰਘ, ਸ. ਜਸਵੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।


Rakesh

Content Editor

Related News