ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ : ਸੋਮ ਪ੍ਰਕਾਸ਼

08/09/2022 8:29:45 PM

ਹੁਸ਼ਿਆਰਪੁਰ : ਲੋਕ ਸਭਾ ਮੈਂਬਰ ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਸੁਚਾਰੂ ਢੰਗ ਨਾਲ ਜ਼ਿਲ੍ਹੇ 'ਚ ਲਾਗੂ ਕੀਤੀਆਂ ਜਾਣ ਤਾਂ ਜੋ ਹਰ ਯੋਗ ਲਾਭਪਾਤਰੀ ਨੂੰ ਇਨ੍ਹਾਂ ਦਾ ਫਾਇਦਾ ਪਹੁੰਚ ਸਕੇ। ਇਸ ਮੌਕੇ ਲੋਕ ਸਭਾ ਮੈਂਬਰ ਸ੍ਰੀ ਅਨੰਦਪੁਰ ਸਾਹਿਬ-ਕਮ-ਕੋ-ਚੇਅਰਮੈਨ ਮਨੀਸ਼ ਤਿਵਾੜੀ, ਹਲਕਾ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ, ਹਲਕਾ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਹਲਕਾ ਵਿਧਾਇਕ ਮੁਕੇਰੀਆਂ ਜੰਗੀ ਲਾਲ ਮਹਾਜਨ, ਡਿਪਟੀ ਕਮਿਸ਼ਨਰ ਸੰਦੀਪ ਹੰਸ, ਐਸ.ਐਸ.ਪੀ. ਸਰਤਾਜ ਸਿੰਘ ਚਾਹਲ, ਸਾਬਕਾ ਮੰਤਰੀ ਤੀਕਸ਼ਨ ਸੂਦ ਅਤੇ ਬੀਬੀ ਮਹਿੰਦਰ ਕੌਰ ਜੋਸ਼ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਨਾਲ਼ੇ 'ਚ ਡਿੱਗਿਆ ਡੇਢ ਸਾਲ ਦਾ ਬੱਚਾ, ਬਚਾਉਣ ਲਈ ਮਾਂ ਨੇ ਵੀ ਮਾਰੀ ਛਾਲ

ਸੋਮ ਪ੍ਰਕਾਸ਼ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਇਨ੍ਹਾਂ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨਾ ਬਹੁਤ ਜ਼ਰੂਰੀ ਹੈ, ਇਸ ਲਈ ਅਧਿਕਾਰੀ ਇਸ ਸਬੰਧੀ ਪੂਰੀ ਗੰਭੀਰਤਾ ਦਿਖਾਉਣ। ਉਨ੍ਹਾਂ ਕਿਹਾ ਕਿ ਸ਼ੁਰੂ ਕੀਤੇ ਵੱਖ-ਵੱਖ ਵਿਕਾਸ ਕਾਰਜ ਵੀ ਜਲਦੀ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਲਕਾ ਵਿਧਾਇਕਾਂ, ਦਿਸ਼ਾ ਕਮੇਟੀ ਦੇ ਮੈਂਬਰਾਂ ਨਾਲ ਤਾਲਮੇਲ ਕਰਨਾ ਵੀ ਯਕੀਨੀ ਬਣਾਇਆ ਜਾਵੇ।ਕੇਂਦਰੀ ਰਾਜ ਮੰਤਰੀ ਨੇ ਪੀ.ਐਮ. ਸਵੈਨਿਧੀ ਯੋਜਨਾ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਸਹੂਲਤ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਵੀ ਫੈਲਾਈ ਜਾਵੇ ਤਾਂ ਜੋ ਜ਼ਰੂਰਤਮੰਦ ਰੇਹੜੀ-ਫੜ੍ਹੀ ਵਾਲੇ ਵਿਅਕਤੀ ਇਸ ਦਾ ਲਾਹਾ ਲੈ ਸਕਣ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਗਰੀਬ ਪਰਿਵਾਰ ਦੇ ਸਬੰਧਤ ਵਿਅਕਤੀ ਨੂੰ 10 ਹਜ਼ਾਰ ਰੁਪਏ ਦਾ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ ਅਤੇ ਇਹ ਕਰਜ਼ਾ ਵਾਪਸ ਕਰਨ ਦੀ ਸੂਰਤ ਵਿਚ 20 ਹਜ਼ਾਰ ਰੁਪਏ ਦੀ ਦੂਸਰੀ ਕਿਸ਼ਤ ਜਾਰੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ 20 ਹਜ਼ਾਰ ਰੁਪਏ ਵਾਪਸ ਕਰਨ ਦੀ ਸੂਰਤ ਵਿਚ 50 ਹਜ਼ਾਰ ਰੁਪਏ ਦਾ ਹੋਰ ਕਰਜ਼ਾ ਦਿੱਤਾ ਜਾ ਸਕਦਾ ਹੈ। ਉਨ੍ਹਾਂ ਲੀਡ ਬੈਂਕ ਮੈਨੇਜਰ ਨੂੰ ਹਦਾਇਤ ਕੀਤੀ ਕਿ ਪੀ.ਐਮ. ਸਵੈਨਿਧੀ ਯੋਜਨਾ ਤਹਿਤ ਕਰਜ਼ਾ ਲੈਣ ਵਾਲੇ ਵਿਅਕਤੀ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਨਾ ਆਉਣ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ 1 ਅਪ੍ਰੈਲ ਤੋਂ ਹੁਣ ਤੱਕ 2588 ਵਿਅਕਤੀਆਂ ਨੂੰ ਪ੍ਰਤੀ ਵਿਅਕਤੀ 10 ਹਜ਼ਾਰ ਰੁਪਏ ਅਤੇ ਕਰੀਬ 137 ਵਿਅਕਤੀਆਂ ਨੂੰ ਪ੍ਰਤੀ ਵਿਅਕਤੀ 20 ਹਜ਼ਾਰ ਰੁਪਏ ਦਾ ਕਰਜ਼ਾ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਹੂਲਤ ਪ੍ਰਾਪਤ ਕਰਨ ਲਈ ਸਬੰਧਤ ਵਿਅਕਤੀ ਕਾਰਜਸਾਧਕ ਅਫ਼ਸਰਾਂ ਨਾਲ ਸੰਪਰਕ ਕਰ ਸਕਦੇ ਹਨ।  ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਦਾ ਜਾਇਜ਼ਾ ਲੈਂਦਿਆਂ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਇਸ ਯੋਜਨਾ ਅਧੀਨ ਪਿੰਡਾਂ ਵਿਚ ਸ਼ੁਰੂ ਕੀਤੇ ਵਿਕਾਸ ਕਾਰਜ ਜਲਦੀ ਮੁਕੰਮਲ ਕੀਤੇ ਜਾਣ।

ਇਹ ਵੀ ਪੜ੍ਹੋ : Corona Update : ਜਲੰਧਰ 'ਚ ਅੱਜ ਫਿਰ ਕੋਰੋਨਾ ਨਾਲ ਇਕ ਮਰੀਜ਼ ਦੀ ਮੌਤ, ਇੰਨੇ ਪਾਜ਼ੇਟਿਵ

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 29 ਪਿੰਡਾਂ ਨੂੰ ਆਦਰਸ਼ ਪਿੰਡ ਘੋਸ਼ਿਤ ਕਰ ਦਿੱਤਾ ਗਿਆ ਹੈ ਅਤੇ ਚੁਣੇ ਗਏ ਬਾਕੀ ਪਿੰਡਾਂ ਨੂੰ ਵੀ ਜਲਦੀ ਹੀ ਆਦਰਸ਼ ਪਿੰਡ ਘੋਸ਼ਿਤ ਕਰਵਾਇਆ ਜਾਵੇ। ਮੀਟਿੰਗ ਦੌਰਾਨ ਉਨ੍ਹਾਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ਬਣਾਏ ਜਾ ਰਹੇ ਅੰਮ੍ਰਿਤ ਸਰੋਵਰਾਂ, ਸਮੱਗਰਾ ਸ਼ਿਕਸ਼ਾ ਅਭਿਆਨ, ਸਮਾਰਟ ਸਕੂਲਾਂ, ਮਿਡ-ਡੇ-ਮੀਲ, ਸਵੱਛ ਭਾਰਤ ਮਿਸ਼ਨ, ਜਲ ਜੀਵਨ ਮਿਸ਼ਨ, ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾ, ਜਨਨੀ ਸੁਰੱਖਿਆ ਯੋਜਨਾ, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਤੋਂ ਇਲਾਵਾ ਹੋਰ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਵੀ ਲਿਆ। ਡੀਸੀ ਸੰਦੀਪ ਹੰਸ ਨੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਤੋਂ ਇਲਾਵਾ ਸ਼ੁਰੂ ਕੀਤੇ ਗਏ ਵੱਖ-ਵੱਖ ਵਿਕਾਸ ਕਾਰਜਾਂ ਨੂੰ ਵੀ ਜਲਦੀ ਨੇਪਰੇ ਚਾੜ੍ਹਨ ਲਈ ਸਬੰਧਤ ਅਧਿਕਾਰੀਆਂ ਨਾਲ ਸਮੇਂ-ਸਮੇਂ ’ਤੇ ਰਿਵਿਊ ਮੀਟਿੰਗਾਂ ਯਕੀਨੀ ਬਣਾਈਆਂ ਜਾਣਗੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।


Anuradha

Content Editor

Related News