ਇਮਰਾਨ ਖਾਨ ਵਿਰੁੱਧ ਤੋਸ਼ਾਖਾਨਾ ਕੇਸ ’ਚ ਅਦਾਲਤ ਦੇ ਫੈਸਲੇ ’ਚ ਗੰਭੀਰ ਖਾਮੀਆਂ : ਪਾਕਿ ਚੀਫ ਜਸਟਿਸ
Thursday, Aug 24, 2023 - 12:31 PM (IST)

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਚੀਫ਼ ਜਸਟਿਸ ਉਮਰ ਅਤਾ ਬੰਦਿਆਲ ਨੇ ਕਿਹਾ ਕਿ ਇਮਰਾਨ ਖਾਨ ਖਿਲਾਫ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਹੇਠਲੀ ਅਦਾਲਤ ਦੇ ਫੈਸਲੇ ’ਚ ਪਹਿਲੀ ਨਜ਼ਰੇ ‘ਖਾਮੀਆਂ’ ਸਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਮਾਮਲੇ ਵਿੱਚ ਦਖ਼ਲ ਦੇਣ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਦੀ ਦੋਸ਼ਸਿੱਧੀ ਅਤੇ ਤਿੰਨ ਸਾਲ ਦੀ ਸਜ਼ਾ ਖਿਲਾਫ ਅਪੀਲ ’ਤੇ ਇਸਲਾਮਾਬਾਦ ਹਾਈ ਕੋਰਟ ਦੇ ਹੁਕਮ ਦਾ ਇੰਤਜ਼ਾਰ ਕਰੇਗਾ।
ਚੀਫ ਜਸਟਿਸ ਦੀ ਇਹ ਟਿੱਪਣੀ ਉਸ ਸਮੇਂ ਆਈ ਹੈ, ਜਦੋਂ ਉਨ੍ਹਾਂ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੀ ਵਿਸ਼ੇਸ਼ ਬੈਂਚ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਮੁਖੀ ਦੀ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਹੇਠਲੀ ਅਦਾਲਤ ਦੀ ਕਾਰਵਾਈ ਖਿਲਾਫ ਪਟੀਸ਼ਨ ’ਤੇ ਸੁਣਵਾਈ ਕੀਤੀ। ਇਸ ਬੈਂਚ ਵਿੱਚ ਜਸਟਿਸ ਮਜ਼ਹਰ ਅਲੀ, ਅਕਬਰ ਨਕਵੀ ਅਤੇ ਜਸਟਿਸ ਜਮਾਲ ਖਾਨ ਮੰਡੋਖਿਲ ਵੀ ਸ਼ਾਮਲ ਸਨ।
ਬੈਂਚ ਨੇ ਕਿਹਾ ਕਿ ਫੈਸਲਾ ਜਲਦਬਾਜ਼ੀ ’ਚ ਅਤੇ ਦੋਸ਼ੀ ਨੂੰ ਬਚਾਅ ਦਾ ਅਧਿਕਾਰ ਦਿੱਤੇ ਬਿਨਾਂ ਸੁਣਾਇਆ ਗਿਆ। ਚੀਫ ਜਸਟਿਸ ਨੇ ਕਿਹਾ, ‘‘ਪਹਿਲੀ ਨਜ਼ਰ ’ਚ, ਹੇਠਲੀ ਅਦਾਲਤ ਦੇ ਫੈਸਲੇ ਵਿੱਚ ਖਾਮੀਆਂ ਹਨ।’’ ਸੁਪਰੀਮ ਕੋਰਟ ਨੇ ਹਾਲਾਂਕਿ ਕੋਈ ਵੀ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਹ ਆਈ. ਐੱਚ. ਸੀ. ਵੱਲੋਂ ਮਾਮਲੇ ਦੀ ਸੁਣਵਾਈ ਦਾ ਇੰਤਜ਼ਾਰ ਕਰੇਗਾ ਅਤੇ ਉਸ ਤੋਂ ਬਾਅਦ ਮਾਮਲੇ ਦੀ ਸੁਣਵਾਈ ਕਰੇਗਾ।