ਜ਼ਬਰਦਸਤੀ ਵਸੂਲੀ ਮਾਮਲਿਆਂ ਖ਼ਿਲਾਫ਼ ਕਾਰਵਾਈ ਲਈ ਸਰੀ ''ਚ 20 ਹੋਰ RCMP ਅਧਿਕਾਰੀ ਕੀਤੇ ਜਾਣਗੇ ਤਾਇਨਾਤ

Thursday, Jan 29, 2026 - 08:28 PM (IST)

ਜ਼ਬਰਦਸਤੀ ਵਸੂਲੀ ਮਾਮਲਿਆਂ ਖ਼ਿਲਾਫ਼ ਕਾਰਵਾਈ ਲਈ ਸਰੀ ''ਚ 20 ਹੋਰ RCMP ਅਧਿਕਾਰੀ ਕੀਤੇ ਜਾਣਗੇ ਤਾਇਨਾਤ

ਵੈਨਕੂਵਰ, (ਮਲਕੀਤ ਸਿੰਘ)– ਕੈਨੇਡਾ ਦੇ ਸਰੀ ਸ਼ਹਿਰ ਵਿੱਚ ਵਧ ਰਹੇ ਜ਼ਬਰਦਸਤੀ ਵਸੂਲੀ ਦੇ ਮਾਮਲਿਆਂ ਨੂੰ ਕਾਬੂ ਕਰਨ ਲਈ ਫੈਡਰਲ ਸਰਕਾਰ ਵੱਲੋਂ 20 ਹੋਰ ਪੁਲਸ ਅਧਿਕਾਰੀ ਤਾਇਨਾਤ ਕੀਤੇ ਜਾਣਗੇ। ਸਰੀ ਦੀ ਮੇਅਰ ਬ੍ਰੈਂਡਾ ਲੌਕ ਨੇ ਦੱਸਿਆ ਹੈ ਕਿ ਕਨੇਡਾ ਦੀ ਰਾਜਧਾਨੀ  ਓਟਾਵਾ ਵੱਲੋਂ ਸ਼ਹਿਰ ਨੂੰ ਵਾਧੂ ਪੁਲਸ ਸਰੋਤ ਮੁਹੱਈਆ ਕਰਵਾਉਣ ਬਾਰੇ ਸੂਚਿਤ ਕੀਤਾ ਗਿਆ ਹੈ।

ਮੇਅਰ ਬ੍ਰੈਂਡਾ ਲੌਕ ਨੇ ਕਿਹਾ ਕਿ ਸ਼ਹਿਰ ਵਿੱਚ ਪਿਛਲੇ ਕੁਝ ਸਮੇਂ ਦੌਰਾਨ ਘਰਾਂ ਅਤੇ ਕਾਰੋਬਾਰਾਂ ਨੂੰ ਨਿਸ਼ਾਨਾ ਬਣਾਉਂਦੀਆਂ ਗੋਲਾਬਾਰੀ ਦੀਆਂ ਘਟਨਾਵਾਂ ਨਾਲ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਅਜਿਹੇ ਵਿੱਚ ਵਾਧੂ ਪੁਲਸ ਫੋਰਸ ਦੀ ਤਾਇਨਾਤੀ ਨਾਲ ਜ਼ਬਰਦਸਤੀ ਵਸੂਲੀ ਕਰਨ ਵਾਲੇ ਗਿਰੋਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਵਿੱਚ ਮਦਦ ਮਿਲੇਗੀ।

ਉਨ੍ਹਾਂ ਕਿਹਾ ਕਿ ਇਹ ਵਾਧੂ ਸਰੋਤ ਪੁਲਸ ਦੀਆਂ ਜਾਂਚਾਂ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਗੇ। ਮੇਅਰ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਪ੍ਰਸ਼ਾਸਨ ਵੱਲੋਂ ਪੁਲਸ ਅਤੇ ਹੋਰ ਸੁਰੱਖਿਆ ਏਜੰਸੀਆਂ ਨਾਲ ਮਿਲ ਕੇ ਅਪਰਾਧੀਆਂ ਖ਼ਿਲਾਫ਼ ਪੂਰੀ ਤਾਕਤ ਨਾਲ ਮੁਕਾਬਲਾ ਕੀਤਾ ਜਾਵੇਗਾ।

ਸੂਬੇ ਦੇ ਪ੍ਰੀਮੀਅਰ ਵੱਲੋਂ ਜ਼ਬਰਦਸਤੀ ਵਸੂਲੀ ਦੇ ਮਾਮਲਿਆਂ ਸਬੰਧੀ ਵੱਖ-ਵੱਖ ਸੂਬਿਆਂ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਉਣ ਦੇ ਐਲਾਨ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਸਰਕਾਰ ਦਾ ਮਕਸਦ ਅਪਰਾਧੀ ਨੈੱਟਵਰਕਾਂ ਨੂੰ ਤੋੜਨਾ ਅਤੇ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ।


author

Rakesh

Content Editor

Related News