ਕਰਤਾਰਪੁਰ ਲਾਂਘੇ ਦੇ ਉਦਘਾਟਨ ਤੋਂ ਪਹਿਲਾਂ 2200 ਤੋਂ ਵੱਧ ਭਾਰਤੀ ਸਿੱਖ ਪਾਕਿ ਦੇ ਨਨਕਾਣਾ ਸਾਹਿਬ ਪੁੱਜੇ

11/05/2019 7:35:40 PM

ਲਾਹੌਰ (ਭਾਸ਼ਾ)- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਭਾਰਤ ਤੋਂ 2000 ਤੋਂ ਵਧੇਰੇ ਸਿੱਖ ਸ਼ਰਧਾਲੂ ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਪਹੁੰਚ ਚੁੱਕੇ ਹਨ। ਜ਼ਿਕਰਯੋਗ ਹੈ ਕਿ ਇਸ ਹਫਤੇ ਹੀ ਕਰਤਾਰਪੁਰ ਲਾਂਘੇ ਦਾ ਉਦਘਾਟਨ ਹੋਣਾ ਹੈ। ਗੁਰਦੁਆਰਾ ਨਨਕਾਣਾ ਸਾਹਿਬ ਉਸ ਸਥਾਨ 'ਤੇ ਹੈ। ਜਿਥੇ ਗੁਰੂ ਨਾਨਕ ਦੇਵ ਦਾ ਜਨਮ ਹੋਇਆ ਸੀ। ਸਾਲ 2019 ਨੂੰ ਉਨ੍ਹਾਂ ਦੇ 550ਵੇਂ ਪ੍ਰਕਾਸ਼ ਪੁਰਬ ਵਜੋਂ ਮਨਾਇਆ ਜਾ ਰਿਹਾਹੈ। ਡਿਸਪਲੇਸਡ ਜਸਟਿਸ ਪ੍ਰਾਪਰਟੀ ਬੋਰਡ (ਈ.ਟੀ.ਪੀ.ਬੀ.) ਦੇ ਬੁਲਾਰੇ ਨੇ ਕਿਹਾ ਕਿ ਤਕਰੀਬਨ 2200 ਸਿੱਖ ਵਾਘਾ ਸਰਹੱਦ ਦੇ ਰਸਤੇ ਇਥੇ ਆ ਚੁੱਕੇ ਹਨ ਅਤੇ ਈ.ਟੀ.ਪੀ.ਬੀ. ਦੇ ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਦੀ ਅਗਵਾਈ ਕੀਤੀ।

ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਇਹ ਸ਼ਰਧਾਲੂ ਪੰਜਾਬ ਸੂਬੇ ਵਿਚ ਸਥਿਤ ਹੋਰ ਗੁਰਦੁਆਰਿਆਂ ਦੇ ਦਰਸ਼ਨ ਵੀ ਕਰਨਗੇ ਅਤੇ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿਚ ਵੀ ਸ਼ਾਮਲ ਹੋਣਗੇ। ਉਹ 12 ਨਵੰਬਰ ਨੂੰ ਪ੍ਰਕਾਸ਼ ਪੁਰਬ ਮੌਕੇ ਆਯੋਜਿਤ ਮੁੱਖ ਪ੍ਰੋਗਰਾਮ ਵਿਚ ਵੀ ਸ਼ਾਮਲ ਹੋਣਗੇ। ਉਨ੍ਹਾਂ ਨੇ ਦੱਸਿਆ ਕਿ ਇਹ ਸ਼ਰਧਾਲੂ ਵਾਪਸ ਆਪਣੇ ਦੇਸ਼ 14 ਨਵੰਬਰ ਨੂੰ ਰਵਾਨਾ ਹੋਣਗੇ। ਸ਼ਰਧਾਲੂਆਂ ਦੇ ਸਮੂਹ ਦੇ ਮੁਖੀ ਗੁਰਮੀਤ ਸਿੰਘ ਨੇ ਕਿਹਾ ਕਿ ਉਹ ਪਿਆਰ ਅਤੇ ਸ਼ਾਂਤੀ ਦਾ ਸੰਦੇਸ਼ ਲਿਆਏ ਹਨ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਸਿੱਖਾਂ ਲਈ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦੇ ਫੈਸਲੇ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਇਥੇ ਆ ਕੇ ਬਹੁਤ ਖੁਸ਼ ਹਾਂ। ਈ.ਟੀ.ਪੀ.ਬੀ. ਦੇ ਪ੍ਰਧਾਨ ਅਮੀਰ ਅਹਿਮਦ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ ਅਤੇ ਉਨ੍ਹਾਂ ਦੀ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣਗੇ।


Sunny Mehra

Content Editor

Related News