ਆਸਟ੍ਰੇਲੀਆ ਦੇ ਸ਼ਹਿਰ ਗ੍ਰਿਫ਼ਿਥ ਵਿਖੇ 10-11 ਜੂਨ ਨੂੰ ਸ਼ਹੀਦਾਂ ਦੀ ਯਾਦ 'ਚ ਕਰਵਾਇਆ ਜਾ ਰਿਹੈ ਖੇਡ ਮੇਲਾ

Friday, May 26, 2023 - 10:31 AM (IST)

ਆਸਟ੍ਰੇਲੀਆ ਦੇ ਸ਼ਹਿਰ ਗ੍ਰਿਫ਼ਿਥ ਵਿਖੇ 10-11 ਜੂਨ ਨੂੰ ਸ਼ਹੀਦਾਂ ਦੀ ਯਾਦ 'ਚ ਕਰਵਾਇਆ ਜਾ ਰਿਹੈ ਖੇਡ ਮੇਲਾ

ਮੈਲਬੌਰਨ/ਸਿਡਨੀ (ਮਨਦੀਪ ਸਿੰਘ ਸੈਣੀ,ਸੰਨੀ ਚਾਂਦਪੁਰੀ) – ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਆਸਟ੍ਰੇਲੀਆ ਦੇ ਗ੍ਰਿਫਿਥ ਸ਼ਹਿਰ ਵਿਖੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਗ੍ਰਿਫ਼ਿਥ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਭਾਈਚਾਰੇ ਦੇ ਸਹਿਯੋਗ ਨਾਲ 25 ਵਾਂ ਸ਼ਹੀਦੀ ਖੇਡ ਮੇਲਾ 10 ਅਤੇ 11 ਜੂਨ ਨੂੰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕਾਂ ਨੇ ਦੱਸਿਆ ਕਿ 2 ਜੂਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 4 ਜੂਨ ਨੂੰ ਭੋਗ ਪਾਏ ਜਾਣਗੇ। ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਮੇਜ ਸਿੰਘ ਸੰਗਤਾਂ ਨੂੰ ਕਥਾ ਕੀਰਤਨ ਨਾਲ ਨਿਹਾਲ ਕਰਨਗੇ।

ਇਸ ਸ਼ਹੀਦੀ ਖੇਡ ਮੇਲੇ ਵਿੱਚ ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਅਤੇ ਨਿਊਜ਼ੀਲੈਂਡ ਤੋਂ ਟੀਮਾਂ ਹਿੱਸਾ ਲੈ ਰਹੀਆਂ ਹਨ ਤੇ ਕਬੱਡੀ, ਫੁੱਟਬਾਲ, ਵਾਲੀਬਾਲ, ਬੱਚਿਆਂ ਦੀਆਂ ਦੌੜਾਂ ਅਤੇ ਰੱਸਾਕੱਸ਼ੀ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਔਰਤਾਂ ਅਤੇ ਬੱਚਿਆਂ ਲਈ ਮਿਊਜ਼ੀਕਲ ਚੇਅਰ ਅਤੇ ਹੋਰ ਦਿਲਚਸਪ ਮੁਕਾਬਲੇ ਰੱਖੇ ਗਏ ਹਨ। ਖਾਲਸਾਈ ਸ਼ਾਨ ਦਾ ਪ੍ਰਤੀਕ ਗਤਕਾ, ਦਸਤਾਰ ਮੁਕਾਬਲੇ, ਸਵਾਲ-ਜਵਾਬ ਅਤੇ ਸਿੱਖ ਇਤਿਹਾਸ ਨੂੰ ਰੂਪਮਾਨ ਕਰਦੀ ਜਾਣਕਾਰੀ ਭਰਪੂਰ ਪ੍ਰਦਰਸ਼ਨੀ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਹੋਣਗੇ। ਜ਼ਿਕਰਯੋਗ ਹੈ ਕਿ ਇਸ ਖੇਡ ਮੇਲੇ ਨੂੰ ਸਿੱਖ ਖੇਡਾਂ ਤੋਂ ਬਾਅਦ ਆਸਟ੍ਰੇਲੀਆ ਦਾ ਦੂਜਾ ਸਭ ਤੋਂ ਵੱਡਾ ਮੇਲਾ ਹੋਣ ਦਾ ਮਾਣ ਹਾਸਲ ਹੈ ਤੇ ਇਸ ਵਾਰ ਇਸ ਸ਼ਹੀਦੀ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਇਕੱਠ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।


author

cherry

Content Editor

Related News