ਇਸਲਾਮਾਬਾਦ ਦੀ ਜਵਾਬਦੇਹੀ ਅਦਾਲਤ ''ਚ ਭ੍ਰਿਸ਼ਟਾਚਾਰ ਦੇ ਘੱਟੋ-ਘੱਟ 80 ਮਾਮਲਿਆਂ ਦੀ ਸੁਣਵਾਈ ਮੁੜ ਹੋਵੇਗੀ ਸ਼ੁਰੂ

09/22/2023 3:43:48 PM

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਹਾਲ ਹੀ ਵਿਚ ਆਏ ਇਕ ਇਤਿਹਾਸਕ ਫੈਸਲੇ ਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀਆਂ ਨਵਾਜ਼ ਸ਼ਰੀਫ ਅਤੇ ਸ਼ਹਿਬਾਜ਼ ਸ਼ਰੀਫ ਅਤੇ ਸਾਬਕਾ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਸਮੇਤ ਕੁਝ ਲੋਕਾਂ ਖਿਲਾਫ ਭ੍ਰਿਸ਼ਟਾਚਾਰ ਦੇ ਘੱਟੋ-ਘੱਟ 80 ਵੱਡੇ ਮਾਮਲੇ ਮੁੜ ਖੋਲ੍ਹੇ ਜਾਣਗੇ, ਜਿਨ੍ਹਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਇਹ ਦਾਅਵਾ ਸ਼ੁੱਕਰਵਾਰ ਨੂੰ ਇਕ ਖ਼ਬਰ 'ਚ ਕੀਤਾ ਗਿਆ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਇਹ ਮਾਮਲੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਪਾਰਟੀ ਦੀ ਪਿਛਲੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨਾਂ ਵਿੱਚ ਕੀਤੇ ਗਏ ਸੋਧਾਂ ਦੇ ਨਤੀਜੇ ਵਜੋਂ ਬੰਦ ਕੀਤੇ ਗਏ ਸੈਂਕੜੇ ਕੇਸਾਂ ਵਿੱਚੋਂ ਹਨ।

ਇਹ ਵੀ ਪੜ੍ਹੋ: ਭਾਰਤ ਨਾਲ ਤਣਾਅ ਦੌਰਾਨ ਜਸਟਿਨ ਟਰੂਡੋ ਨੂੰ ਵੱਡਾ ਝਟਕਾ, ਸਰਕਾਰ 'ਤੇ ਮੰਡਰਾਉਣ ਲੱਗਾ ਖ਼ਤਰਾ

ਉਨ੍ਹਾਂ ਕਿਹਾ ਕਿ ਇਨ੍ਹਾਂ ਕੇਸਾਂ ਦੀ ਸੁਣਵਾਈ ਜਲਦੀ ਸ਼ੁਰੂ ਹੋਵੇਗੀ। ਪਾਕਿਸਤਾਨ ਦੇ ਸਾਬਕਾ ਚੀਫ਼ ਜਸਟਿਸ ਉਮਰ ਅਤਾ ਬੰਦਿਆਲ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੀ ਬੈਂਚ ਨੇ 15 ਸਤੰਬਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨਾਂ ਵਿੱਚ ਸੋਧਾਂ ਨੂੰ ਰੱਦ ਕਰ ਦਿੱਤਾ ਸੀ ਅਤੇ ਰਾਸ਼ਟਰੀ ਜਵਾਬਦੇਹੀ ਬਿਊਰੋ (ਐੱਨ.ਏ.ਬੀ.) ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ ਜਨਤਕ ਅਹੁਦਿਆਂ 'ਤੇ ਬੈਠੇ ਲੋਕਾਂ ਵਿਰੁੱਧ ਬੰਦ ਕੇਸਾਂ ਨੂੰ 7 ਦਿਨਾਂ ਦੇ ਅੰਦਰ ਮੁੜ ਖੋਲ੍ਹੇ। ਸੁਪਰੀਮ ਕੋਰਟ ਨੇ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਿਛਲੇ ਸਾਲ ਦਾਇਰ ਇਕ ਪਟੀਸ਼ਨ ’ਤੇ ਇਹ ਫ਼ੈਸਲਾ ਸੁਣਾਇਆ ਸੀ।

ਇਹ ਵੀ ਪੜ੍ਹੋ: ਕੈਨੇਡੀਅਨ ਅਧਿਕਾਰੀ ਦਾ ਦਾਅਵਾ: ਖੁਫ਼ੀਆ ਜਾਣਕਾਰੀ 'ਤੇ ਆਧਾਰਿਤ ਹਨ ਭਾਰਤ 'ਤੇ ਲਾਏ ਗਏ ਦੋਸ਼

ਖਾਨ ਨੇ ਤਤਕਾਲੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਸਰਕਾਰ ਵੱਲੋਂ ਜਵਾਬਦੇਹੀ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਨੂੰ ਚੁਣੌਤੀ ਦਿੱਤੀ ਸੀ। ਡਾਨ ਅਖ਼ਬਾਰ ਅਨੁਸਾਰ, NAB ਦੇ ਇਸਤਗਾਸਾ ਨੇ ਇਸਲਾਮਾਬਾਦ ਦੀ ਜਵਾਬਦੇਹੀ ਅਦਾਲਤ ਨੂੰ 80 ਮਾਮਲਿਆਂ ਦੇ ਵੇਰਵੇ ਸੌਂਪੇ ਹਨ। ਕਈ ਹੋਰ ਕੇਸ ਰਾਵਲਪਿੰਡੀ ਅਤੇ ਕਵੇਟਾ ਦੀਆਂ ਜਵਾਬਦੇਹੀ ਅਦਾਲਤਾਂ ਨੂੰ ਵਾਪਸ ਭੇਜ ਦਿੱਤੇ ਗਏ ਹਨ। ਅਧਿਕਾਰਤ ਸੂਤਰਾਂ ਮੁਤਾਬਕ ਸੁਪਰੀਮ ਕੋਰਟ ਦੇ ਦਖ਼ਲ ਤੋਂ ਬਾਅਦ ਅਧਿਕਾਰੀਆਂ ਅਤੇ ਕਾਰੋਬਾਰੀਆਂ ਖਿਲਾਫ ਅਜਿਹੇ ਕਰੀਬ 2,000 ਕੇਸ ਮੁੜ ਖੋਲ੍ਹੇ ਜਾ ਰਹੇ ਹਨ, ਜਿਨ੍ਹਾਂ ਨੂੰ ਪਹਿਲਾਂ ਬੰਦ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: ਕੈਨੇਡੀਅਨਾਂ ਲਈ ਵੀਜ਼ਾ ਸੇਵਾਵਾਂ 'ਤੇ ਪਾਬੰਦੀ ਦਾ ਮਾਮਲਾ, ਇਹ ਲੋਕਾ ਬਿਨਾਂ ਰੁਕਾਵਟ ਕਰ ਸਕਦੇ ਨੇ ਭਾਰਤ ਦੀ ਯਾਤਰਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

cherry

This news is Content Editor cherry