ਖ਼ਾਲਸਾਈ ਜਾਹੋ-ਜਲਾਲ ਨਾਲ ਸਜਾਇਆ ਗਿਆ ਗੁਰਦੁਆਰਾ ਸਿੰਘ ਸਭਾ ਪਾਰਮਾ ''ਚ ਵਿਸ਼ਾਲ ਨਗਰ ਕੀਰਤਨ

Sunday, Apr 27, 2025 - 03:53 AM (IST)

ਖ਼ਾਲਸਾਈ ਜਾਹੋ-ਜਲਾਲ ਨਾਲ ਸਜਾਇਆ ਗਿਆ ਗੁਰਦੁਆਰਾ ਸਿੰਘ ਸਭਾ ਪਾਰਮਾ ''ਚ ਵਿਸ਼ਾਲ ਨਗਰ ਕੀਰਤਨ

ਪਾਰਮਾ (ਦਲਵੀਰ ਸਿੰਘ ਕੈਂਥ) : ਧੰਨ-ਧੰਨ ਸਾਹਿਬ-ਏ-ਕਮਾਲ, ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈ: ਦੀ ਵਿਸਾਖੀ ਨੂੰ ਜੋ ਸਾਰੀ ਦੁਨੀਆ ਤੋਂ ਨਿਆਰਾ ਪੰਥ ਸਾਜਿਆ, ਉਸ ਪੰਥ ਦੀਆਂ ਗੂੰਜਾਂ ਅੱਜ ਸਾਰੀ ਦੁਨੀਆ ਵਿੱਚ ਪੈ ਰਹੀਆਂ ਹਨ। ਉੱਤਰੀ ਇਟਲੀ ਦੇ ਪਾਰਮਾ ਸ਼ਹਿਰ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰਾਲੇ ਸਦਕਾ ਖਾਲਸੇ ਦੇ ਸਿਰਜਣਾ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਸਜਾਇਆ ਗਿਆ।

PunjabKesari

ਗੁਰਦੁਆਰਾ ਸਾਹਿਬ ਵਿਖੇ ਸਵੇਰ ਦੇ ਦੀਵਾਨ ਸਜਾਏ ਗਏ ਸਨ ਜਿਹਨਾਂ ਵਿੱਚ ਭੋਗ ਉਪਰੰਤ ਅਰਦਾਸ ਬੇਨਤੀ ਤੋਂ ਬਾਅਦ ਨਗਰ ਕੀਰਤਨ ਦੀ ਆਰੰਭਤਾ ਪੰਜ ਪਿਆਰੇ ਸਿੰਘ ਸਾਹਿਬਾਨਾਂ ਦੀ ਅਗਵਾਈ ਅਤੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਸਾਹਿਬ ਤੋਂ 12.00 ਵਜੇ ਹੋਈ। ਸ਼ਹਿਰ ਦੀ ਪਰਿਕਰਮਾ ਕਰਦਿਆਂ ਅਤੇ ਗੁਰੂ ਜਸ ਕਰਦਿਆਂ ਸੰਪੂਰਨਤਾ ਲਗਭਗ 3.00 ਵਜੇ ਗੁਰਦੁਆਰਾ ਸਾਹਿਬ ਵਿਖੇ ਹੀ ਹੋਈ। ਇਸ ਮੌਕੇ ਵੱਖ-ਵੱਖ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਨਗਰ ਕੀਰਤਨ ਵਿੱਚ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੇ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਹਾਜ਼ਰੀ ਭਰੀ। ਇਸ ਮੌਕੇ ਪੁਲਸ ਪ੍ਰਸ਼ਾਸਨ ਵਲੋਂ ਟ੍ਰੈਫਿਕ ਨੂੰ ਕੰਟਰੋਲ ਕਰਨ ਲਈ ਸੁਚੱਜਾ ਪ੍ਰਬੰਧ ਕੀਤਾ ਗਿਆ ਸੀ। ਸੰਪੂਰਨਤਾ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੇ ਸੁੱਖ ਆਸਣ ਤੋਂ ਬਾਅਦ ਪੰਜ ਪਿਆਰੇ ਸਾਹਿਬਾਨਾਂ ਦੀ ਹਾਜ਼ਰੀ ਵਿੱਚ ਅਰਦਾਸ ਬੇਨਤੀ ਕੀਤੀ ਗਈ ਅਤੇ ਗੁਰੂ ਸਾਹਿਬ ਜੀ ਵੱਲੋਂ ਹੁਕਮਨਾਮਾ ਸਾਹਿਬ ਦੀ ਬਖਸ਼ਿਸ਼ ਹੋਈ। 

PunjabKesari

ਉਪਰੰਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਾਰੀ ਸੰਗਤ ਨੂੰ ਜੀ ਆਇਆਂ ਨੂੰ ਆਖਦਿਆਂ ਸਭ ਦਾ ਧੰਨਵਾਦ ਕੀਤਾ ਗਿਆ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਨਾਂ ਦੀਆਂ ਪ੍ਰਬੰਧਕ ਕਮੇਟੀਆਂ, ਪਤਵੰਤੇ ਸੱਜਣਾਂ, ਵੱਖ-ਵੱਖ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਅਤੇ ਵਿਸ਼ੇਸ਼ ਤੌਰ 'ਤੇ ਪ੍ਰੈਸ ਕਲੱਬ ਵੱਲੋਂ ਸ਼ਿਰਕਤ ਕਰਨ ਅਤੇ ਸਾਰੇ ਪ੍ਰੋਗਰਾਮ ਦੀ ਕਵਰੇਜ ਕਰਨ ਲਈ ਗੁਰੂ ਸਾਹਿਬ ਜੀ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਇਸ ਸਾਰੇ ਸਮਾਗਮ ਦਾ ਲਾਈਵ ਟੈਲੀਕਾਸਟ ਕਲਤੂਰਾ ਸਿੱਖ ਸੰਸਥਾ ਵੱਲੋਂ ਕੀਤਾ ਗਿਆ।

PunjabKesari

ਇਸ ਮੌਕੇ ਭਾਈ ਮਨੀ ਸਿੰਘ ਜੀ ਦਸਤਾਰ ਸੇਵਾ, ਨੋਵੇਲਾਰਾ ਵਾਲੇ ਵੀਰਾਂ ਵੱਲੋਂ ਦਸਤਾਰਾਂ ਦਾ ਕੈਂਪ ਲਗਾਇਆ ਗਿਆ। ਇਸ ਮੌਕੇ ਦੂਰੋਂ ਨੇੜਿਓ ਆਈਆਂ ਸੰਗਤਾਂ ਲਈ ਗੁਰੂ ਸਾਹਿਬ ਜੀ ਦੇ ਬਖਸ਼ਿਸ਼ ਕੀਤੇ ਹੋਏ ਭੰਡਾਰਿਆਂ ਵਿੱਚੋਂ ਅਨੇਕਾਂ ਪ੍ਰਕਾਰ ਦਾ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News