ਭਾਰਤ ਜਾਣ ਵਾਲੇ ਨਾਗਰਿਕ ਰਹਿਣ ਸਾਵਧਾਨ, ਆਸਟਰੇਲੀਆ ਨੇ ਜਾਰੀ ਕੀਤੀ ਐਡਵਾਈਜ਼ਰੀ

08/25/2017 11:19:00 PM

ਸਿਡਨੀ— ਆਸਟਰੇਲੀਆ ਨੇ ਭਾਰਤ ਆਉਣ ਵਾਲੇ ਆਪਣੇ ਨਾਗਰਿਕਾਂ ਲਈ ਸੁਰੱਖਿਆ ਐਡਵਾਈਜ਼ਰੀ ਜਾਰੀ ਕੀਤੀ ਹੈ। ਰੇਪ ਦੇ ਮਾਮਲੇ 'ਚ ਡੇਰਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਠਹਿਰਾਏ ਜਾਣ ਦੇ ਬਾਅਦ ਭੜਕੀ ਹਿੰਸਾ ਤੋਂ ਬਾਅਦ ਇਹ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਆਸਟਰੇਲੀਆ ਨੇ ਆਪਣੇ ਨਾਗਰਿਕਾਂ ਨੂੰ ਸਾਵਧਾਨੀ ਵਰਤਣ ਦੇ ਲਈ ਕਿਹਾ ਹੈ। 
ਪੰਚਕੁਲਾ 'ਚ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੇ ਹਜ਼ਾਰਾਂ ਸਮਰਥਕਾਂ ਨੇ ਸ਼ੁੱਕਰਵਾਰ ਨੂੰ ਜੰਮ ਕੇ ਹੰਗਾਮਾ ਕੀਤਾ। ਉਨ੍ਹਾਂ ਨੇ ਗੱਡੀਆਂ, ਇਮਾਰਤਾਂ ਤੇ ਰੇਲਵੇ ਸਟੇਸ਼ਨਾਂ ਆਦਿ 'ਤੇ ਅੱਗ ਲਗਾ ਦਿੱਤੀ। 2002 ਦੇ ਬਲਾਤਕਾਰ ਦੇ ਮਾਮਲੇ 'ਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਲੋਂ ਰਾਮ ਰਹੀਮ ਨੂੰ ਦੋਸ਼ੀ ਠਹਿਰਾਏ ਜਾਣ ਦੇ ਬਾਅਦ ਇਹ ਹਿੰਸਾ ਭੜਕੀ ਸੀ। ਵਿਦੇਸ਼ ਮਾਮਲੇ 'ਤੇ ਵਪਾਰ ਵਿਭਾਗ ਵਲੋਂ ਜਾਰੀ ਐਡਵਾਈਜ਼ਰੀ 'ਚ ਭਾਰਤ ਜਾਣ ਵਾਲੇ ਯਾਤਰੀਆਂ ਨੂੰ ਵੱਡੀ ਗਿਣਤੀ 'ਚ ਇਕੱਠੇ ਹੋਣ ਤੋਂ ਬਚਣ ਤੇ ਸਥਾਨਕ ਅਧਿਕਾਰੀਆਂ ਦੀ ਸਲਾਹ ਮੰਨਣ ਲਈ ਕਿਹਾ ਗਿਆ ਹੈ।