ਜਸਟਿਨ ਟਰੂਡੋ ਦੇ ਭਾਰਤ ਵਿਰੋਧੀ ਦਾਅਵੇ 'ਤੇ ਅਮਰੀਕਾ ਨੇ ਦਿੱਤੀ ਪ੍ਰਤੀਕਿਰਿਆ

09/19/2023 12:51:05 PM

ਇੰਟਰਨੈਸ਼ਨਲ ਡੈਸਕ- ਖ਼ਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਮਾਮਲਾ ਭਾਰਤ-ਕੈਨੇਡਾ ਸਬੰਧਾਂ ਵਿੱਚ ਤਣਾਅ ਦਾ ਕਾਰਨ ਬਣ ਗਿਆ ਹੈ। ਦਰਅਸਲ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਨ੍ਹਾਂ ਦੋਸ਼ਾਂ ਨੂੰ ਭਰੋਸੇਯੋਗ ਕਰਾਰ ਦਿੱਤਾ ਹੈ ਕਿ ਕੈਨੇਡਾ ਵਿੱਚ ਸਿੱਖ ਕਾਰਕੁਨ ਦੇ ਕਤਲ ਦਾ ਭਾਰਤ ਸਰਕਾਰ ਦਾ ਕੋਈ ਸਬੰਧ ਹੋ ਸਕਦਾ ਹੈ। ਦੂਜੇ ਪਾਸੇ ਭਾਰਤ ਨੇ ਕੈਨੇਡਾ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਇਸ ਮਾਮਲੇ 'ਤੇ ਵ੍ਹਾਈਟ ਹਾਊਸ ਨੇ ਕਿਹਾ ਕਿ ਅਮਰੀਕਾ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਉਨ੍ਹਾਂ ਦੋਸ਼ਾਂ 'ਤੇ 'ਡੂੰਘਾ ਚਿੰਤਤ' ਹੈ ਕਿ ਜੂਨ 'ਚ ਬ੍ਰਿਟਿਸ਼ ਕੋਲੰਬੀਆ 'ਚ ਖ਼ਾਲਿਸਤਾਨੀ ਨੇਤਾ ਦੇ ਕਤਲ 'ਚ ਭਾਰਤ ਸਰਕਾਰ ਦੇ ਏਜੰਟ ਸ਼ਾਮਲ ਹਨ।

ਵ੍ਹਾਈਟ ਹਾਊਸ ਦੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੀ ਬੁਲਾਰਾ ਐਡਰਿਏਨ ਵਾਟਸਨ ਨੇ ਇਕ ਬਿਆਨ ਵਿਚ ਕਿਹਾ ਕਿ 'ਅਸੀਂ ਪ੍ਰਧਾਨ ਮੰਤਰੀ ਟਰੂਡੋ ਦੁਆਰਾ ਅੱਜ ਦਿੱਤੇ ਗਏ ਦੋਸ਼ਾਂ ਨੂੰ ਲੈ ਕੇ ਡੂੰਘੀ ਚਿੰਤਾ ਵਿਚ ਹਾਂ।' ਅਸੀਂ ਆਪਣੇ ਕੈਨੇਡੀਅਨ ਭਾਈਵਾਲਾਂ ਨਾਲ ਨਿਯਮਤ ਸੰਪਰਕ ਵਿਚ ਰਹਿੰਦੇ ਹਾਂ।' ਇਹ ਮਹੱਤਵਪੂਰਨ ਹੈ ਕਿ ਕੈਨੇਡਾ ਦੀ ਜਾਂਚ ਅੱਗੇ ਵਧੇ ਅਤੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ।

ਕੈਨੇਡੀਅਨ ਪ੍ਰਧਾਨ ਮੰਤਰੀ ਨੇ ਕਹੀ ਇਹ ਗੱਲ

ਜਸਟਿਨ ਟਰੂਡੋ ਨੇ ਸੰਸਦ ਵਿੱਚ ਕਿਹਾ ਕਿ 'ਪਿਛਲੇ ਕਈ ਹਫ਼ਤਿਆਂ ਤੋਂ, ਕੈਨੇਡੀਅਨ ਸੁਰੱਖਿਆ ਏਜੰਸੀਆਂ ਭਾਰਤ ਸਰਕਾਰ ਦੇ ਏਜੰਟਾਂ ਅਤੇ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਦਰਮਿਆਨ ਸੰਭਾਵੀ ਸਬੰਧਾਂ ਦੇ ਭਰੋਸੇਯੋਗ ਦੋਸ਼ਾਂ 'ਤੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ।' ਟਰੂਡੋ ਨੇ ਕਿਹਾ ਕਿ ‘ਕੈਨੇਡੀਅਨ ਧਰਤੀ ‘ਤੇ ਕੈਨੇਡੀਅਨ ਨਾਗਰਿਕ ਦੇ ਕਤਲ ਵਿੱਚ ਕਿਸੇ ਵਿਦੇਸ਼ੀ ਸਰਕਾਰ ਦੀ ਸ਼ਮੂਲੀਅਤ ਸਾਡੀ ਪ੍ਰਭੂਸੱਤਾ ਦੀ ਅਸਵੀਕਾਰਨਯੋਗ ਉਲੰਘਣਾ ਹੈ।’ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਮਾਮਲੇ ‘ਤੇ ਕੈਨੇਡਾ ਦੇ ਸਹਿਯੋਗੀਆਂ ਨਾਲ ਮਿਲ ਕੇ ਕੰਮ ਕਰ ਰਹੀ ਹੈ ਅਤੇ ਤਾਲਮੇਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਖ਼ਤ ਸ਼ਬਦਾਂ ਵਿੱਚ ਮੈਂ ਭਾਰਤ ਸਰਕਾਰ ਨੂੰ ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਕੈਨੇਡਾ ਨਾਲ ਸਹਿਯੋਗ ਕਰਨ ਦੀ ਅਪੀਲ ਕਰਦਾ ਹਾਂ।'

ਪੜ੍ਹੋ ਇਹ ਅਹਿਮ ਖ਼ਬਰ-ਭਾਰਤ-ਕੈਨੇਡਾ ਦੇ ਤਲਖ਼ ਰਿਸ਼ਤਿਆਂ ਦਰਮਿਆਨ MP ਜਗਮੀਤ ਸਿੰਘ ਨੇ PM ਮੋਦੀ ਲਈ ਆਖੀ ਵੱਡੀ ਗੱਲ (ਵੀਡੀਓ)

ਭਾਰਤ ਨੇ ਕੈਨੇਡਾ ਦੇ ਦੋਸ਼ਾਂ ਨੂੰ ਕੀਤਾ ਰੱਦ

ਇਸ ਦੇ ਨਾਲ ਹੀ ਭਾਰਤ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਇਨ੍ਹਾਂ ਦੋਸ਼ਾਂ ਨੂੰ ‘ਬੇਬੁਨਿਆਦ’ ਦੱਸਦਿਆਂ ਰੱਦ ਕਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੈਨੇਡਾ ਵਿੱਚ ਹਿੰਸਾ ਦੀ ਕਿਸੇ ਵੀ ਕਾਰਵਾਈ ਵਿੱਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ ‘ਬੇਤੁਕੇ’ ਹਨ। ਉਨ੍ਹਾਂ ਕਿਹਾ ਕਿ 'ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਸਾਡੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਦੌਰਾਨ ਅਜਿਹੇ ਹੀ ਦੋਸ਼ ਲਾਏ ਸਨ, ਜਿਨ੍ਹਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਸੀ।' ਵਿਦੇਸ਼ ਮੰਤਰਾਲੇ ਨੇ ਕਿਹਾ ਕਿ 'ਭਾਰਤ ਇੱਕ ਲੋਕਤੰਤਰੀ ਦੇਸ਼ ਹੈ, ਜੋ ਕਾਨੂੰਨ ਦੇ ਸ਼ਾਸਨ ਲਈ ਵਚਨਬੱਧ ਹੈ।' ਇਸ ਵਿਚ ਕਿਹਾ ਗਿਆ ਹੈ ਕਿ ਅਜਿਹੇ 'ਬੇਬੁਨਿਆਦ' ਦੋਸ਼ ਖ਼ਾਲਿਸਤਾਨੀ ਅੱਤਵਾਦੀਆਂ ਅਤੇ ਕੱਟੜਪੰਥੀਆਂ ਤੋਂ ਧਿਆਨ ਹਟਾਉਣਾ ਚਾਹੁੰਦੇ ਹਨ ਜਿਨ੍ਹਾਂ ਨੂੰ 'ਕੈਨੇਡਾ ਵਿਚ ਪਨਾਹ ਦਿੱਤੀ ਗਈ ਹੈ ਅਤੇ ਭਾਰਤ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਲਈ ਖ਼ਤਰਾ ਹੈ।' ਮੰਤਰਾਲੇ ਨੇ ਕਿਹਾ ਕਿ 'ਕੈਨੇਡਾ ਸਰਕਾਰ ਦੀ ਇਸ ਮਾਮਲੇ 'ਚ ਅਯੋਗਤਾ ਲੰਬੇ ਸਮੇਂ ਤੋਂ ਅਤੇ ਲਗਾਤਾਰ ਚਿੰਤਾ ਦਾ ਵਿਸ਼ਾ ਰਹੀ ਹੈ।'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

Vandana

This news is Content Editor Vandana