ਪੰਨੂ ਦੀ ਹੱਤਿਆ ਦੀ ਸਾਜਿਸ਼ ਮਾਮਲੇ 'ਚ ਭਾਰਤ ਦੀ ਜਾਂਚ ਸਬੰਧੀ ਅਮਰੀਕਾ ਦਾ ਤਾਜ਼ਾ ਬਿਆਨ
Tuesday, May 07, 2024 - 10:15 AM (IST)
ਵਾਸ਼ਿੰਗਟਨ (ਭਾਸ਼ਾ): ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਹੈ ਕਿ ਅਸੀਂ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਕਥਿਤ ਸਾਜ਼ਿਸ਼ ਬਾਰੇ ਭਾਰਤ ਦੀ ਜਾਂਚ ਦਾ ਇੰਤਜ਼ਾਰ ਕਰ ਰਹੇ ਹਾਂ। ਦਰਅਸਲ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਕਥਿਤ ਸਾਜ਼ਿਸ਼ ਦੀ ਭਾਰਤ ਵੱਲੋਂ ਵੀ ਜਾਂਚ ਕੀਤੀ ਜਾ ਰਹੀ ਹੈ। ਹਾਲ ਹੀ ਵਿੱਚ ਅਮਰੀਕਾ ਵਿੱਚ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਭਾਰਤ ਦੀ ਖੁਫੀਆ ਏਜੰਸੀ ਰਾਅ ਦਾ ਇੱਕ ਅਧਿਕਾਰੀ ਵੱਖਵਾਦੀ ਨੇਤਾ ਦੇ ਕਤਲ ਵਿੱਚ ਸ਼ਾਮਲ ਸੀ। ਹਾਲਾਂਕਿ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਸ ਰਿਪੋਰਟ ਨੂੰ ਰੱਦ ਕਰ ਦਿੱਤਾ ਹੈ।
ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਕਹੀ ਇਹ ਗੱਲ
ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਸੋਮਵਾਰ ਨੂੰ ਮੀਡੀਆ ਨਾਲ ਗੱਲਬਾਤ ਕੀਤੀ। ਇਸ ਦੌਰਾਨ ਮੈਥਿਊ ਮਿਲਰ ਨੂੰ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਕਥਿਤ ਸਾਜ਼ਿਸ਼ ਦੀ ਭਾਰਤ ਦੀ ਜਾਂਚ ਬਾਰੇ ਪੁੱਛਿਆ ਗਿਆ। ਇਸ 'ਤੇ ਮਿਲਰ ਨੇ ਕਿਹਾ ਕਿ 'ਉਨ੍ਹਾਂ (ਭਾਰਤ ਸਰਕਾਰ) ਨੇ ਇਸ ਮਾਮਲੇ ਦੀ ਜਾਂਚ ਲਈ ਇਕ ਕਮੇਟੀ ਬਣਾਈ ਹੈ ਅਤੇ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ। ਅਸੀਂ ਵੀ ਨਤੀਜਿਆਂ ਦੀ ਉਡੀਕ ਕਰ ਰਹੇ ਹਾਂ, ਪਰ ਅਸੀਂ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਉਹ ਚੀਜ਼ ਹੈ ਜਿਸ ਨੂੰ ਅਸੀਂ ਬਹੁਤ ਗੰਭੀਰਤਾ ਨਾਲ ਲੈਂਦੇ ਹਾਂ ਅਤੇ ਸਾਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਵੀ ਇਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।
ਪੜ੍ਹੋ ਇਹ ਅਹਿਮ ਖ਼ਬਰ-ਰੂਸ ਦਾ ਨਵਾਂ ਕਦਮ, ਪ੍ਰਮਾਣੂ ਹਥਿਆਰਾਂ ਨਾਲ ਮਿਲਟਰੀ ਅਭਿਆਸ ਦਾ ਕੀਤਾ ਐਲਾਨ
ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਦਾਅਵਾ
ਅਮਰੀਕਾ ਨੇ ਪਿਛਲੇ ਸਾਲ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਇੱਕ ਅਮਰੀਕੀ ਨਾਗਰਿਕ ਦੀ ਹੱਤਿਆ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ। ਭਾਰਤੀ ਨਾਗਰਿਕ ਨਿਖਿਲ ਗੁਪਤਾ 'ਤੇ ਇਸ ਕਤਲ ਦੀ ਕਥਿਤ ਸਾਜ਼ਿਸ਼ ਰਚਣ ਦਾ ਦੋਸ਼ ਸੀ। ਨਿਖਿਲ ਗੁਪਤਾ ਨੂੰ ਚੈੱਕ ਗਣਰਾਜ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਅਮਰੀਕਾ ਨਿਖਿਲ ਗੁਪਤਾ ਨੂੰ ਅਮਰੀਕਾ ਹਵਾਲੇ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਅਮਰੀਕਾ ਨੇ ਦਾਅਵਾ ਕੀਤਾ ਕਿ ਜਿਸ ਅਮਰੀਕੀ ਨਾਗਰਿਕ ਦੇ ਕਤਲ ਦੀ ਸਾਜ਼ਿਸ਼ ਰਚੀ ਗਈ ਸੀ, ਉਹ ਗੁਰਪਤਵੰਤ ਸਿੰਘ ਪੰਨੂ ਹੈ। ਪੰਨੂ ਇੱਕ ਅਮਰੀਕੀ ਕੈਨੇਡੀਅਨ ਨਾਗਰਿਕ ਅਤੇ ਖਾਲਿਸਤਾਨੀ ਨੇਤਾ ਹੈ। ਪੰਨੂ ਨੂੰ ਭਾਰਤ ਵਿੱਚ ਅੱਤਵਾਦੀ ਘੋਸ਼ਿਤ ਕੀਤਾ ਗਿਆ ਹੈ ਅਤੇ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ।
ਹਾਲ ਹੀ ਵਿੱਚ ਵਾਸ਼ਿੰਗਟਨ ਪੋਸਟ ਦੀ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਕਥਿਤ ਸਾਜ਼ਿਸ਼ ਵਿੱਚ ਭਾਰਤ ਦੀ ਖੁਫੀਆ ਏਜੰਸੀ ਰਾਅ ਦਾ ਇੱਕ ਅਧਿਕਾਰੀ ਸ਼ਾਮਲ ਸੀ। ਮੀਡੀਆ ਰਿਪੋਰਟ ਵਿੱਚ ਰਾਅ ਦੇ ਅਧਿਕਾਰੀ ਦਾ ਨਾਂ ਵੀ ਸਾਹਮਣੇ ਆਇਆ ਸੀ। ਹਾਲਾਂਕਿ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਸ ਰਿਪੋਰਟ ਨੂੰ ਤੱਥਹੀਣ ਅਤੇ ਬੇਬੁਨਿਆਦ ਕਰਾਰ ਦਿੱਤਾ ਸੀ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਸੀ ਕਿ ਭਾਰਤ ਨੇ ਜਾਂਚ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ ਅਤੇ ਉਹ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।