ਅੱਤਵਾਦ ਵਿਰੋਧੀ ਅਦਾਲਤ ਨੇ ਗਿਲਗਿਤ-ਬਾਲਟਿਸਤਾਨ ਦੇ ਸਾਬਕਾ CM ਨੂੰ ਸੁਣਾਈ 34 ਸਾਲ ਦੀ ਸਜ਼ਾ
Tuesday, Dec 31, 2024 - 11:14 PM (IST)
ਇਸਲਾਮਾਬਾਦ (ਭਾਸ਼ਾ) : ਪਾਕਿਸਤਾਨ ਦੀ ਇਕ ਅੱਤਵਾਦ ਵਿਰੋਧੀ ਅਦਾਲਤ ਨੇ ਮੰਗਲਵਾਰ ਨੂੰ ਗਿਲਗਿਤ-ਬਾਲਟਿਸਤਾਨ ਦੇ ਸਾਬਕਾ ਮੁੱਖ ਮੰਤਰੀ ਖਾਲਿਦ ਖੁਰਸ਼ੀਦ ਖਾਨ ਨੂੰ ਖੇਤਰ ਦੀਆਂ ਸੁਰੱਖਿਆ ਏਜੰਸੀਆਂ ਨੂੰ ਧਮਕੀ ਦੇਣ ਦੇ ਦੋਸ਼ ਵਿਚ 34 ਸਾਲ ਦੀ ਸਜ਼ਾ ਸੁਣਾਈ ਹੈ। ਜੁਲਾਈ 2024 ਵਿਚ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਖਾਨ ਵਿਰੁੱਧ ਦੇਸ਼ਧ੍ਰੋਹ ਅਤੇ ਅੱਤਵਾਦ ਦੇ ਕੇਸ ਦਰਜ ਕੀਤੇ ਗਏ ਸਨ, ਜਿੱਥੇ ਉਨ੍ਹਾਂ 'ਤੇ ਧਮਕੀ ਭਰੇ ਭਾਸ਼ਣ ਦੇਣ ਦਾ ਵੀ ਦੋਸ਼ ਲਗਾਇਆ ਗਿਆ ਸੀ।
ਗਿਲਗਿਤ-ਬਾਲਟਿਸਤਾਨ ਦੀ ਅੱਤਵਾਦ ਵਿਰੋਧੀ ਅਦਾਲਤ ਨੰਬਰ ਇਕ ਨੇ ਆਪਣੇ ਫੈਸਲੇ 'ਚ ਕਿਹਾ ਕਿ ਇਸਤਗਾਸਾ ਪੱਖ ਦੇ ਮੁਤਾਬਕ ਖਾਨ ਨੇ 26 ਜੁਲਾਈ 2024 ਨੂੰ ਗਿਲਗਿਤ 'ਚ ਪ੍ਰਦਰਸ਼ਨ ਦੌਰਾਨ ਸੂਬੇ ਦੇ ਮੁੱਖ ਸਕੱਤਰ, ਪੁਲਸ ਕਰਮਚਾਰੀਆਂ ਅਤੇ ਖੁਫੀਆ ਏਜੰਸੀਆਂ ਨੂੰ ਧਮਕੀ ਦਿੱਤੀ ਸੀ। ਅਦਾਲਤ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੇ ਕਥਿਤ ਤੌਰ 'ਤੇ ਦਾਅਵਾ ਕੀਤਾ ਹੈ ਕਿ ਜੇਕਰ ਉਹ ਦੁਬਾਰਾ ਸੱਤਾ ਵਿਚ ਆਏ ਤਾਂ ਉਹ ਕਿਸੇ ਨੂੰ ਵੀ ਨਹੀਂ ਬਖਸ਼ਣਗੇ। ਮਾਮਲੇ ਵਿਚ ਇਲਜ਼ਾਮ ਲਗਾਇਆ ਗਿਆ ਸੀ ਕਿ ਖਾਨ ਨੇ ਸੰਵੇਦਨਸ਼ੀਲ ਸੰਸਥਾਵਾਂ ਖਿਲਾਫ ਹਿੰਸਾ ਭੜਕਾਈ ਸੀ। ਮਾਮਲਾ ਦਰਜ ਹੋਣ ਤੋਂ ਬਾਅਦ ਸਾਂਝੀ ਜਾਂਚ ਟੀਮ ਬਣਾਈ ਗਈ ਸੀ, ਜਿਸ ਨੇ ਖਾਨ ਨੂੰ ਦੋਸ਼ੀ ਪਾਇਆ ਸੀ। ਫਿਲਹਾਲ ਖਾਨ ਫ਼ਰਾਰ ਹਨ।
ਇਹ ਵੀ ਪੜ੍ਹੋ : ਲਹਿੰਦੇ ਪੰਜਾਬ ਦੀ ਸਰਕਾਰ ਨੇ ਇਤਿਹਾਸਕ 'ਪੁੰਛ ਹਾਊਸ' 'ਚ ਸੈਲਾਨੀਆਂ ਲਈ ਖੋਲ੍ਹੀ ਭਗਤ ਸਿੰਘ ਗੈਲਰੀ
ਅਦਾਲਤ ਨੇ ਆਪਣੇ ਫੈਸਲੇ 'ਚ ਕਿਹਾ ਕਿ ਮਾਮਲੇ ਦੀ ਸੁਣਵਾਈ ਦੌਰਾਨ ਇਸਤਗਾਸਾ ਪੱਖ ਖਾਨ 'ਤੇ ਦੋਸ਼ ਸਾਬਤ ਕਰਨ 'ਚ ਕਾਮਯਾਬ ਰਿਹਾ, ਜਿਸ ਤੋਂ ਬਾਅਦ ਉਸ ਨੂੰ ਵੱਖ-ਵੱਖ ਧਾਰਾਵਾਂ ਤਹਿਤ 34 ਸਾਲ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ। ਸਜ਼ਾ ਤੋਂ ਇਲਾਵਾ ਅਦਾਲਤ ਨੇ ਸਿਆਸਤਦਾਨ 'ਤੇ 6 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ ਅਤੇ ਪੁਲਸ ਨੂੰ ਉਸ ਨੂੰ ਗ੍ਰਿਫ਼ਤਾਰ ਕਰਨ ਅਤੇ ਸਜ਼ਾ ਦੇ ਹੁਕਮਾਂ ਨੂੰ ਲਾਗੂ ਕਰਨ ਦੇ ਹੁਕਮ ਦਿੱਤੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8