ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਪਾਕਿਸਤਾਨ ਦੇ ਪੰਜਾਬ ਸੂਬੇ ''ਚ ਤਾਇਨਾਤ ਕੀਤੀ ਗਈ ਫ਼ੌਜ
Wednesday, May 10, 2023 - 06:06 PM (IST)
ਲਾਹੌਰ (ਭਾਸ਼ਾ)- ਪਾਕਿਸਤਾਨ ਵਿਚ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਨਾਟਕੀ ਢੰਗ ਨਾਲ ਗ੍ਰਿਫ਼ਤਾਰੀ ਤੋਂ ਬਾਅਦ ਕਈ ਸ਼ਹਿਰਾਂ ਵਿੱਚ ਹਿੰਸਕ ਪ੍ਰਦਰਸ਼ਨਾਂ ਅਤੇ ਫ਼ੌਜੀ ਟਿਕਾਣਿਆਂ ’ਤੇ ਹੋਏ ਹਮਲਿਆਂ ਤੋਂ ਬਾਅਦ ਦੇਸ਼ ਦੇ ਸਭ ਤੋਂ ਵੱਧ ਆਬਾਦੀ ਵਾਲੇ ਪੰਜਾਬ ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਦੇ ਮੱਦੇਨਜ਼ਰ ਬੁੱਧਵਾਰ ਨੂੰ ਪਾਕਿਸਤਾਨੀ ਫ਼ੌਜ ਦੀਆਂ ਟੁਕੜੀਆਂ ਨੂੰ ਤਾਇਨਾਤ ਕਰ ਦਿੱਤਾ। ਪਾਕਿਸਤਾਨ ਦੀ ਫੈਡਰਲ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਇਹ ਫੈਸਲਾ ਪੰਜਾਬ ਸਰਕਾਰ ਦੀ ਬੇਨਤੀ 'ਤੇ ਗ੍ਰਹਿ ਮੰਤਰਾਲਾ ਵੱਲੋਂ ਲਿਆ ਗਿਆ ਹੈ।
ਨੋਟੀਫਿਕੇਸ਼ਨ ਅਨੁਸਾਰ ਪੰਜਾਬ ਸੂਬੇ ਵਿੱਚ ਤਾਇਨਾਤ ਕੀਤੇ ਗਏ ਫ਼ੌਜੀਆਂ ਦੀ ਸਹੀ ਗਿਣਤੀ, ਤਾਇਨਾਤੀ ਦੀ ਤਾ੍ਰੀਖ਼ ਅਤੇ ਉਸ ਦੇ ਖੇਤਰ ਦਾ ਫੈਸਲਾ ਸੂਬਾਈ ਸਰਕਾਰ ਸਲਾਹ-ਮਸ਼ਵਰੇ ਦੇ ਆਧਾਰ 'ਤੇ ਕਰੇਗੀ। ਮੰਤਰਾਲਾ ਨੇ ਕਿਹਾ ਕਿ ਫੌਜ ਕਾਨੂੰਨ, ਵਿਵਸਥਾ ਅਤੇ ਸ਼ਾਂਤੀ ਬਹਾਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰੇਗੀ। ਇਸ ਦੌਰਾਨ ਪੰਜਾਬ ਪੁਲਸ ਨੇ ਕਿਹਾ ਕਿ ਸ਼ਾਂਤੀ ਭੰਗ ਕਰਨ ਅਤੇ ਹਿੰਸਾ ਵਿਚ ਸ਼ਾਮਲ ਹੋਣ ਦੇ ਦੋਸ਼ ਵਿਚ ਸੂਬੇ ਭਰ 'ਚੋਂ 945 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਮਰਾਨ (70) ਨੂੰ ਮੰਗਲਵਾਰ ਨੂੰ ਰਾਸ਼ਟਰੀ ਜਵਾਬਦੇਹੀ ਬਿਊਰੋ (ਐਨਏਬੀ) ਦੇ ਆਦੇਸ਼ਾਂ 'ਤੇ ਦੇਸ਼ ਦੇ ਅਰਧ ਸੈਨਿਕ ਬਲਾਂ ਨੇ ਗ੍ਰਿਫ਼ਤਾਰ ਕੀਤਾ ਸੀ, ਜਦੋਂ ਉਹ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਸੁਣਵਾਈ ਲਈ ਇਸਲਾਮਾਬਾਦ ਹਾਈ ਕੋਰਟ ਵਿੱਚ ਮੌਜੂਦ ਸਨ। ਸਾਬਕਾ ਕ੍ਰਿਕਟਰ ਇਮਰਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਦੇ ਸਮਰਥਕ ਦੇਸ਼ ਭਰ 'ਚ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।