ਧਾਰਾ 370 ਦੇ ਫੈਸਲੇ ਮਗਰੋਂ US ਨੇ LoC ''ਤੇ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ

08/06/2019 2:41:27 PM

ਵਾਸ਼ਿੰਗਟਨ— ਭਾਰਤ ਸਰਕਾਰ ਨੇ ਸੋਮਵਾਰ ਨੂੰ ਧਾਰਾ 370 ਅਤੇ 35-ਏ 'ਤੇ ਜੋ ਇਤਿਹਾਸਕ ਫੈਸਲਾ ਲਿਆ, ਉਸ ਨੂੰ ਲੈ ਕੇ ਦੁਨੀਆਭਰ ਤੋਂ ਪ੍ਰਤੀਕਿਰਿਆ ਆ ਰਹੀ ਹੈ। ਕਸ਼ਮੀਰ ਮੁੱਦੇ 'ਤੇ ਪਿਛਲੇ ਦਿਨੀਂ ਵਿਚੋਲਗੀ ਦੀ ਗੱਲ ਕਰਨ ਵਾਲੇ ਟਰੰਪ ਨੂੰ ਲੈ ਕੇ ਪਾਕਿਸਤਾਨ 'ਚ ਸਖਤ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ।  ਉੱਥੇ ਹੀ ਸਰਕਾਰ ਦੇ ਫੈਸਲੇ ਮਗਰੋਂ ਅਮਰੀਕਾ ਨੇ ਕਿਹਾ ਕਿ ਉਹ ਜੰਮੂ-ਕਸ਼ਮੀਰ ਦੇ ਘਟਨਾਕ੍ਰਮ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਪਾਕਿਸਤਾਨ ਦਾ ਨਾਂ ਲਏ ਬਗੈਰ ਉਸ ਨੇ ਸਾਰੇ ਪੱਖਾਂ ਤੋਂ ਅਪੀਲ ਕੀਤੀ ਕਿ ਉਹ ਕੰਟਰੋਲ ਰੇਖਾ 'ਤੇ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ।

ਅਮਰੀਕੀ ਵਿਦੇਸ਼ ਮੰਤਰਾਲੇ ਦੀ ਮਹਿਲਾ ਬੁਲਾਰਾ ਮਾਰਗਨ ਓਰਟਾਗਸ ਨੇ ਕਿਹਾ,''ਸਾਨੂੰ ਜੰਮੂ-ਕਸ਼ਮੀਰ ਦੀ ਸੰਵਿਧਾਨਕ ਸਥਿਤੀ 'ਚ ਸੋਧ ਦੀ ਭਾਰਤੀ ਘੋਸ਼ਣਾ ਅਤੇ ਸੂਬੇ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਵੰਡਣ ਦੀ ਯੋਜਨਾ ਦਾ ਪਤਾ ਲੱਗਾ ਹੈ।'' ਉਨ੍ਹਾਂ ਕਿਹਾ ਕਿ ਦੋਹਾਂ ਦੇਸ਼ਾਂ ਨੂੰ ਐੱਲ. ਓ. ਸੀ. 'ਤੇ ਸ਼ਾਂਤੀ ਕਾਇਮ ਰੱਖਣੀ ਚਾਹੀਦੀ ਹੈ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਭਾਰਤ ਨੇ ਜੰਮੂ-ਕਸ਼ਮੀਰ 'ਚ ਕਾਰਵਾਈ ਨੂੰ ਪੂਰੀ ਤਰ੍ਹਾਂ ਅੰਦਰੂਨੀ ਮਾਮਲਾ ਕਰਾਰ ਦਿੱਤਾ ਹੈ।  
ਇਸ ਤੋਂ ਪਹਿਲਾਂ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਟੋਨੀਓ ਗੁਤਾਰੇਸ ਨੇ ਵੀ ਭਾਰਤ ਅਤੇ ਪਾਕਿਸਤਾਨ ਨੂੰ ਸ਼ਾਂਤੀ ਵਰਤਣ ਦੀ ਅਪੀਲ ਕੀਤੀ ਹੈ।