'ਕੇਜਰੀਵਾਲ ਵਲੋਂ ਮਜੀਠੀਆ ਕੋਲੋਂ ਮੁਆਫ਼ੀ ਮੰਗਣ ਨਾਲ ਹੋਈ ਸੱਚਾਈ ਦੀ ਜਿੱਤ'

03/17/2018 1:59:38 PM

ਬ੍ਰਿਸਬੇਨ,(ਸੁਰਿੰਦਰਪਾਲ ਸਿੰਘ ਖੁਰਦ)— ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਕੋਲੋਂ ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਬਿਨਾਂ ਸ਼ਰਤ ਮੁਆਫ਼ੀ ਮੰਗਣ ਨਾਲ ਸਾਫ ਹੋ ਗਿਆ ਹੈ ਕਿ ਸੱਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ। ਇਨ੍ਹਾਂ ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਵਿਨਰਜੀਤ ਸਿੰਘ ਗੋਲਡੀ ਨੇ ਐਡੀਲੇਡ ਵਿਖੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਿਤ ਕਰਦਿਆਂ ਕੀਤਾ। 
ਉਨ੍ਹਾਂ ਅੱਗੇ ਕਿਹਾ ਕਿ ਮਜੀਠੀਆ ਪਰਿਵਾਰ ਨੇ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕੀਤੇ ਹਨ। ਆਮ ਆਦਮੀ ਪਾਰਟੀ ਦੇ ਕੁਝ ਲੀਡਰਾਂ ਨੇ ਆਪਣੇ ਨਿੱਜੀ ਹਿੱਤਾਂ ਤੇ ਸੱਤਾ ਦੀ ਲਾਲਸਾ ਲਈ ਗਲਤ ਦੂਸ਼ਣਬਾਜ਼ੀ, ਝੂਠੇ ਇਲਜ਼ਾਮ ਲਗਾ ਕੇ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਕੇ ਜੋ ਰਾਜਨੀਤੀ 'ਚ ਗਿਰਾਵਟ ਲਿਆਂਦੀ ਹੈ, ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਇਸ ਦੀ ਨਿੰਦਿਆ ਕੀਤੀ ਹੈ। ਆਪ ਦੇ ਆਗੂ ਨੇ ਝੂਠੇ ਵਾਅਦਿਆਂ ਨਾਲ ਦੁਨੀਆ ਭਰ 'ਚ ਬੈਠੇ ਭੋਲੇ-ਭਾਲੇ ਪੰਜਾਬੀਆਂ ਨੂੰ ਸਬਜਬਾਗ ਦਿਖਾਏ ਹਨ, ਕੇਜਰੀਵਾਲ ਵਲੋਂ ਬਿਨਾਂ ਸ਼ਰਤ ਮੁਆਫ਼ੀ ਮੰਗਣ ਨਾਲ ਇਹ ਸਾਬਤ ਹੋ ਗਿਆ ਹੈ ਕਿ ਆਪ ਦੇ ਲੀਡਰ ਸੱਤਾ 'ਤੇ ਕਾਬਜ਼ ਹੋਣ ਲਈ ਕਿਸੇ ਵੀ ਹੱਦ ਤਕ ਜਾ ਸਕਦੇ ਹਨ, ਭਾਵੇਂ ਉਸ ਨਾਲ ਪੰਜਾਬ ਤੇ ਪੰਜਾਬੀਆਂ ਦਾ ਕਿੰਨਾ ਵੀ ਨੁਕਸਾਨ ਕਿਉਂ ਨਾ ਹੋ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭੁਪਿੰਦਰ ਮਨੇਸ਼ ਪ੍ਰਧਾਨ ਆਸਟ੍ਰੇਲੀਆਈ ਇਕਾਈ, ਦੀਪ ਘੁਮਾਣ, ਨਰਿੰਦਰ ਬੈਂਸ, ਸਿਮਰ ਸਿੰਘ, ਨਵੀ ਸ਼ਰਮਾ, ਸੁਰਿੰਦਰ ਚਹਿਲ ਅਤੇ ਹੋਰ ਵੀ ਆਗੂ ਤੇ ਵਰਕਰ ਹਾਜ਼ਰ ਸਨ।