ਪਾਕਿਸਤਾਨੀ ਫੌਜੀ ਕੈਂਪ ''ਤੇ ਹਮਲਾ, 7 ਜਵਾਨ ਸ਼ਹੀਦ
Saturday, Nov 16, 2024 - 07:50 PM (IST)

ਕਲਾਤ — ਪਾਕਿਸਤਾਨ 'ਚ ਬਲੋਚਿਸਤਾਨ ਸੂਬੇ ਦੇ ਕਲਾਤ ਇਲਾਕੇ 'ਚ ਸ਼ਨੀਵਾਰ ਸਵੇਰੇ ਫੌਜ ਦੇ ਕੈਂਪ 'ਤੇ ਹੋਏ ਹਮਲੇ 'ਚ ਘੱਟੋ-ਘੱਟ 7 ਫੌਜੀ ਮਾਰੇ ਗਏ ਅਤੇ 15 ਹੋਰ ਜ਼ਖਮੀ ਹੋ ਗਏ। ਪਾਬੰਦੀਸ਼ੁਦਾ ਅੱਤਵਾਦੀ ਸਮੂਹ ਬਲੋਚ ਲਿਬਰੇਸ਼ਨ ਆਰਮੀ (BLA) ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਐਕਸਪ੍ਰੈਸ ਟ੍ਰਿਬਿਊਨ ਦੀ ਰਿਪੋਰਟ ਅਨੁਸਾਰ, ਇਹ ਘਟਨਾ ਕਲਾਤ ਦੇ ਸ਼ਾਹ ਮਰਦਾਨ ਚੌਕੀ 'ਤੇ ਵਾਪਰੀ, ਜਿੱਥੇ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਨੇ ਗੋਲੀਬਾਰੀ ਕੀਤੀ, ਨਤੀਜੇ ਵਜੋਂ ਸੱਤ ਸੁਰੱਖਿਆ ਕਰਮਚਾਰੀਆਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਦੀ ਵੱਡੀ ਟੁਕੜੀ ਮੌਕੇ 'ਤੇ ਪਹੁੰਚ ਗਈ ਅਤੇ ਇਲਾਕੇ ਨੂੰ ਘੇਰ ਲਿਆ। ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਹਮਲੇ ਦੀ ਨਿੰਦਾ ਕੀਤੀ ਅਤੇ ਮਾਰੇ ਗਏ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਜਵਾਨਾਂ ਦੇ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ ਨੇ ਵੀ ਇਸ ਅੱਤਵਾਦੀ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਇਸ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਬਲੋਚਿਸਤਾਨ ਦੇ ਕੁਝ ਹਿੱਸਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।