ਪਾਕਿਸਤਾਨ PMO ਤੋਂ ਆਡੀਓ ਲੀਕ ਮਾਮਲਾ: ਸ਼ਾਹਬਾਜ਼ ਨੇ ਚਰਚਾ ਲਈ NSC ਦੀ ਮੀਟਿੰਗ ਬੁਲਾਈ
Tuesday, Sep 27, 2022 - 03:29 PM (IST)
ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਉਨ੍ਹਾਂ ਦੇ ਦਫ਼ਤਰ ਤੋਂ ਕਥਿਤ ਆਡੀਓ ਲੀਕ ਹੋਣ 'ਤੇ ਚਰਚਾ ਕਰਨ ਲਈ ਬੁੱਧਵਾਰ ਨੂੰ ਰਾਸ਼ਟਰੀ ਸੁਰੱਖਿਆ ਕਮੇਟੀ (ਐੱਨ.ਐੱਸ.ਸੀ.) ਦੀ ਬੈਠਕ ਬੁਲਾਈ ਹੈ। ਵਿਰੋਧੀ ਧਿਰ ਨੇ ਇਸ ਮੁੱਦੇ 'ਤੇ ਹਮਲਾਵਰ ਰੁਖ਼ ਅਖਤਿਆਰ ਕੀਤਾ ਹੈ ਅਤੇ ਸ਼ਾਹਬਾਜ਼ ਸ਼ਰੀਫ਼ ਦੇ ਅਸਤੀਫ਼ੇ ਦੀ ਮੰਗ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਪ੍ਰਧਾਨ ਮੰਤਰੀ ਦੀ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਕਥਿਤ ਹੋਈ ਗੁਪਤ ਗੱਲਬਾਤ ਦੀ ਆਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਦੇਸ਼ ਦੇ ਉੱਚ ਅਧਿਕਾਰੀਆਂ ਦੀ ਸੁਰੱਖਿਆ 'ਤੇ ਸਵਾਲ ਖੜ੍ਹੇ ਹੋ ਗਏ ਸਨ।
ਸੋਮਵਾਰ ਨੂੰ, ਕੁਝ ਆਡੀਓ ਰਿਕਾਰਡ ਲੀਕ ਹੋਏ, ਜਿਸ ਵਿੱਚ ਸੱਤਾਧਾਰੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਨੇਤਾਵਾਂ ਉਪ-ਚੋਣਾਂ ਦੀ ਰਣਨੀਤੀ ਬਾਰੇ ਗੱਲ ਕਰਦੇ ਸੁਣਿਆ ਜਾ ਸਕਦਾ ਹੈ। ਪਾਕਿਸਤਾਨ ਵਿੱਚ ਹਾਲ ਹੀ ਵਿੱਚ ਹੋਣ ਵਾਲੀਆਂ ਉਪ ਚੋਣਾਂ ਨੂੰ ਗੰਭੀਰ ਹੜ੍ਹਾਂ ਕਾਰਨ ਮੁਲਤਵੀ ਕਰ ਦਿੱਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਲਈ ਇੱਕ ਸਾਂਝੀ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਫ਼ੌਜ ਦੀ ਖ਼ੁਫ਼ੀਆ ਏਜੰਸੀਆਂ ਦੇ ਨੁਮਾਇੰਦੇ ਸ਼ਾਮਲ ਹਨ। ਇਸ ਲੀਕ ਕਾਂਢ ਦੀ ਜਾਂਚ ਇੰਟੈਲੀਜੈਂਸ ਬਿਊਰੋ (ਆਈ.ਬੀ.) ਵੀ ਕਰ ਰਹੀ ਹੈ।