ਬੰਦੀ ਸਿੰਘ ਰਿਹਾਈ ਮਾਰਚ ''ਚ ਵਹੀਰਾਂ ਘੱਤ ਕੇ ਪੁੱਜਣ ਸੰਗਤਾਂ : ਯੂਨਾਈਟਿਡ ਖ਼ਾਲਸਾ ਦਲ
Wednesday, Sep 30, 2026 - 05:08 PM (IST)
ਲੰਡਨ (ਸਰਬਜੀਤ ਸਿੰਘ ਬਨੂੜ) - ਯੂਨਾਈਟਿਡ ਖ਼ਾਲਸਾ ਦਲ ਯੂ.ਕੇ. ਨੇ ਪੰਜਾਬ ਭਰ ਦੀਆਂ ਸਿੱਖ ਸੰਗਤਾਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੌਮੀ ਇਨਸਾਫ਼ ਮੋਰਚੇ ਵੱਲੋਂ 2 ਅਕਤੂਬਰ ਨੂੰ ਸ਼ੁਰੂ ਕੀਤੇ ਜਾ ਰਹੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵਹੀਰਾਂ ਘੱਤ ਕੇ ਸ਼ਮੂਲੀਅਤ ਕੀਤੀ ਜਾਵੇ। ਜਥੇਬੰਦੀ ਨੇ ਸੰਗਤਾਂ ਨੂੰ 2 ਅਤੇ 3 ਅਕਤੂਬਰ ਦੇ ਦਿਨ ਆਪਣੇ ਸਮਾਜਿਕ, ਰਾਜਨੀਤਕ ਅਤੇ ਆਰਥਿਕ ਰੁਝੇਵਿਆਂ ਤੋਂ ਵਿਹਲੇ ਰੱਖ ਕੇ ਮਾਰਚ ਦਾ ਹਿੱਸਾ ਬਣਨ ਅਤੇ ਇੱਕਜੁਟਤਾ ਦਾ ਪ੍ਰਗਟਾਵਾ ਕਰਨ ਦਾ ਸੱਦਾ ਦਿੱਤਾ ਹੈ।
ਜਥੇਬੰਦੀ ਦੇ ਪ੍ਰਧਾਨ ਭਾਈ ਨਿਰਮਲ ਸਿੰਘ ਸੰਧੂ ਅਤੇ ਜਨਰਲ ਸਕੱਤਰ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ, ਭਾਈ ਪਰਮਜੀਤ ਸਿੰਘ ਭਿਉਰਾ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਰਮਨਦੀਪ ਸਿੰਘ ਬੱਗਾ, ਭਾਈ ਹਰਦੀਪ ਸਿੰਘ ਸ਼ੇਰਾ, ਭਾਈ ਧਰਮਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਜੱਗੀ ਜੌਹਲ ਸਮੇਤ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚਾ ਲੰਬੇ ਸਮੇਂ ਤੋਂ ਸੰਘਰਸ਼ ਕਰ ਰਿਹਾ ਹੈ।
ਪੜ੍ਹੋ ਇਹ ਅਹਿਮ ਖ਼ਬਰ- 'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ ਚਰਚਾ
ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੇ ਮੋਰਚੇ ਦੇ ਸੰਚਾਲਕਾਂ ਤੇ ਸਮਰਥਕਾਂ ਦੀ ਦ੍ਰਿੜ੍ਹਤਾ ਅਤੇ ਸਬਰ ਨੂੰ ਅਣਗੌਲਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਮੋਰਚੇ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੇ ਐਲਾਨ ਨਾਲ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਮੁੜ ਜ਼ੋਰ ਨਾਲ ਉੱਭਰੀ ਹੈ ਅਤੇ ਸਰਕਾਰਾਂ ਨੂੰ ਇਸ ਮਸਲੇ ਪ੍ਰਤੀ ਗੰਭੀਰਤਾ ਦਿਖਾਉਣੀ ਚਾਹੀਦੀ ਹੈ।
ਭਾਈ ਜਗਤਾਰ ਸਿੰਘ ਹਵਾਰਾ ਦਾ ਜ਼ਿਕਰ ਕਰਦਿਆਂ ਆਗੂਆਂ ਨੇ ਕਿਹਾ ਕਿ ਸਿੱਖ ਸੰਗਤਾਂ ਵੱਲੋਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਚੁਣੇ ਜਾਣ ਦੇ ਬਾਵਜੂਦ ਸਰਕਾਰੀ ਪੱਧਰ ’ਤੇ ਕੋਈ ਰਾਹਤ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਦਾਅਵਾ ਕੀਤਾ ਕਿ ਪੈਰੋਲ ਦੀਆਂ ਲੋੜੀਂਦੀਆਂ ਸ਼ਰਤਾਂ ਪੂਰੀਆਂ ਹੋਣ ਦੇ ਬਾਵਜੂਦ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨਾਲ ਮੁਲਾਕਾਤ ਲਈ ਪੈਰੋਲ ਨਹੀਂ ਦਿੱਤੀ ਜਾ ਰਹੀ। ਬਿਆਨ ਵਿੱਚ ਆਗੂਆਂ ਨੇ ਲੰਬੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਉਨ੍ਹਾਂ ਦਾ ਹੱਕ ਦੱਸਦਿਆਂ ਕਿਹਾ ਕਿ ਕਈ ਬੰਦੀ ਸਿੰਘ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਹਨ। ਉਨ੍ਹਾਂ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀ ਰਿਹਾਈ ਦੀ ਮੰਗ ਵੀ ਕੀਤੀ ਅਤੇ ਸਰਕਾਰਾਂ ਦੀਆਂ ਨੀਤੀਆਂ ਨੂੰ ਸਿੱਖਾਂ ਨਾਲ ਵਿਤਕਰੇ ਵਾਲੀਆਂ ਕਰਾਰ ਦਿੱਤਾ।ਆਗੂਆਂ ਨੇ ਕਿਹਾ ਕਿ ਸਿੱਖਾਂ ਦੀਆਂ ਧਾਰਮਿਕ, ਆਰਥਿਕ, ਸਮਾਜਿਕ ਅਤੇ ਰਾਜਨੀਤਕ ਸਮੱਸਿਆਵਾਂ ਦਾ ਸਥਾਈ ਹੱਲ ਖ਼ਾਲਿਸਤਾਨ ਦੀ ਕਾਇਮੀ ਵਿੱਚ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
