ਬੰਗਲਾਦੇਸ਼ ''ਚ ਜਵਾਕਾਂ ਦੀ ਸਥਿਤੀ ਚਿੰਤਾਜਨਕ ! ISHR ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਰਿਪੋਰਟ
Saturday, Sep 05, 2026 - 04:21 PM (IST)
ਇੰਟਰਨੈਸ਼ਨਲ ਡੈਸਕ- ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਸਥਾ ISHR (International Service for Human Rights) ਦੀ ਇੱਕ ਤਾਜ਼ਾ ਰਿਪੋਰਟ 'ਚ ਬੰਗਲਾਦੇਸ਼ ਵਿੱਚ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਗੰਭੀਰ ਅਤੇ ਚਿੰਤਾਜਨਕ ਸਥਿਤੀ ਦਾ ਖੁਲਾਸਾ ਕੀਤਾ ਗਿਆ ਹੈ। ਰਿਪੋਰਟ ਅਨੁਸਾਰ, ਦੇਸ਼ 'ਚ ਚੱਲ ਰਹੀ ਰਾਜਨੀਤਿਕ ਅਸਥਿਰਤਾ, ਹਿੰਸਾ ਅਤੇ ਕਾਨੂੰਨ ਵਿਵਸਥਾ ਦੇ ਵਿਗੜ ਰਹੇ ਢਾਂਚੇ ਕਾਰਨ ਬੱਚੇ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ।
ਰਿਪੋਰਟ 'ਚ ਦੱਸਿਆ ਗਿਆ ਹੈ ਕਿ ਬੰਗਲਾਦੇਸ਼ 'ਚ ਬੱਚਿਆਂ ਖ਼ਿਲਾਫ਼ ਹਿੰਸਾ, ਬਾਲ ਮਜ਼ਦੂਰੀ, ਜਿਨਸੀ ਸ਼ੋਸ਼ਣ ਅਤੇ ਮਨੁੱਖੀ ਤਸਕਰੀ ਦੇ ਮਾਮਲਿਆਂ 'ਚ ਤੇਜ਼ੀ ਨਾਲ ਵਾਧਾ ਹੋਇਆ ਹੈ। ਖ਼ਾਸਕਰ ਹਾਲੀਆ ਰਾਜਨੀਤਿਕ ਵਿਰੋਧ ਪ੍ਰਦਰਸ਼ਨਾਂ ਦੌਰਾਨ ਬੱਚਿਆਂ ਨੂੰ ਹਿੰਸਾ ਦੀ ਲਪੇਟ ਵਿੱਚ ਆਉਂਦੇ ਦੇਖਿਆ ਗਿਆ ਹੈ।
ਦੇਸ਼ ਦੇ ਅਸਥਿਰ ਹਾਲਾਤਾਂ ਕਾਰਨ ਹਜ਼ਾਰਾਂ ਸਕੂਲ ਬੰਦ ਰਹੇ ਹਨ, ਜਿਸ ਨਾਲ ਬੱਚਿਆਂ ਦੀ ਪ੍ਰਾਇਮਰੀ ਸਿੱਖਿਆ ਪ੍ਰਭਾਵਿਤ ਹੋਈ ਹੈ। ਇਸ ਤੋਂ ਇਲਾਵਾ, ਕੁਪੋਸ਼ਣ ਅਤੇ ਸਿਹਤ ਸੇਵਾਵਾਂ ਦੀ ਘਾਟ ਕਾਰਨ ਗਰੀਬ ਅਤੇ ਰੋਹਿੰਗਿਆ ਸ਼ਰਨਾਰਥੀ ਕੈਂਪਾਂ 'ਚ ਰਹਿ ਰਹੇ ਬੱਚਿਆਂ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ।
ISHR ਨੇ ਚਿੰਤਾ ਪ੍ਰਗਟਾਈ ਹੈ ਕਿ ਬੱਚਿਆਂ ਦੀ ਸੁਰੱਖਿਆ ਲਈ ਬਣਾਏ ਗਏ ਕਾਨੂੰਨਾਂ ਨੂੰ ਸਖ਼ਤੀ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ ਅਤੇ ਬਾਲ ਅਪਰਾਧੀਆਂ ਨੂੰ ਸਜ਼ਾ ਦਿਵਾਉਣ ਵਾਲੀ ਨਿਆਂ ਪ੍ਰਣਾਲੀ ਵੀ ਬਹੁਤ ਸੁਸਤ ਹੈ। ਸੰਸਥਾ ਨੇ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਅਤੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਬੱਚਿਆਂ ਦੇ ਮੁਢਲੇ ਅਧਿਕਾਰਾਂ, ਸਿੱਖਿਆ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾਣ ਅਤੇ ਬੱਚਿਆਂ ਦੀ ਭਲਾਈ ਸਬੰਧੀ ਨੀਤੀਆਂ ਲਾਗੂ ਕੀਤੀਆਂ ਜਾਣ।
