ਬੰਗਲਾਦੇਸ਼ 'ਚ ਹੁਣ ਬਲਾਤਕਾਰ ਦੇ ਦੋਸ਼ੀਆਂ ਨੂੰ ਮਿਲੇਗੀ 'ਮੌਤ ਦੀ ਸਜ਼ਾ'
Tuesday, Oct 13, 2020 - 03:46 AM (IST)
ਢਾਕਾ - ਬੰਗਲਾਦੇਸ਼ ਵਿਚ ਬਲਾਤਕਾਰ ਦੇ ਦੋਸ਼ੀ ਪਾਏ ਗਏ ਲੋਕਾਂ ਨੂੰ ਮੌਤ ਦੀ ਸਜ਼ਾ ਦੇਣ ਵਾਲੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਅਗਵਾਈ ਵਿਚ ਸੋਮਵਾਰ ਨੂੰ ਹੋਈ ਕੈਬਨਿਟ ਦੀ ਬੈਠਕ ਵਿਚ ਇਸ ਪ੍ਰਸਤਾਵ ਨੂੰ ਮਨਜ਼ੂਰੀ ਪ੍ਰਦਾਨ ਕੀਤੀ ਗਈ। ਬੰਗਲਾਦੇਸ਼ ਦੇ ਕਾਨੂੰਨ ਮੰਤਰੀ ਅਨੀਸੁਲ ਹਕ ਨੇ ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿੱਤੀ।
ਹਕ ਨੇ ਆਖਿਆ ਕਿ ਪ੍ਰਸਤਾਵਿਤ ਕਾਨੂੰਨ ਦੇ ਤਹਿਤ ਬਲਾਤਕਾਰ ਦੇ ਦੋਸ਼ੀ ਪਾਏ ਗਏ ਲੋਕਾਂ ਨੂੰ ਮੌਤ ਦੀ ਸਜ਼ਾ ਦੇਣ ਦਾ ਪ੍ਰਾਵਧਾਨ ਕੀਤਾ ਗਿਆ ਹੈ। ਕੈਬਨਿਟ ਵੱਲੋਂ ਇਸ ਪ੍ਰਸਤਾਵ ਨੂੰ ਮਨਜ਼ੂਰੀ ਪ੍ਰਦਾਨ ਕਰਨ ਤੋਂ ਬਾਅਦ ਹੁਣ ਬੰਗਲਾਦੇਸ਼ ਦੇ ਰਾਸ਼ਟਰਪਤੀ ਅਬਦੁਲ ਹਾਮਿਦ ਜਲਦ ਹੀ ਇਕ ਆਰਡੀਨੈਂਸ 'ਤੇ ਹਸਤਾਖਰ ਕਰ ਬਲਾਤਕਾਰ ਦੇ ਦੋਸ਼ੀ ਪਾਏ ਗਏ ਲੋਕਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਮੌਤ ਦੀ ਸਜ਼ਾ ਦੇਣ ਦੇ ਪ੍ਰਸਤਾਵ ਨੂੰ ਕਾਨੂੰਨ ਦੇ ਰੂਪ ਵਿਚ ਆਪਣੀ ਮਨਜ਼ੂਰੀ ਪ੍ਰਦਾਨ ਕਰ ਦੇਣਗੇ। ਹਕ ਨੇ ਆਖਿਆ ਕਿ ਦੇਸ਼ ਵਿਚ ਯੌਨ ਸ਼ੋਸ਼ਣ ਖਿਲਾਫ ਮੌਜੂਦਾ ਕਾਨੂੰਨ ਵਿਚ ਸੋਧ ਕਰਨ ਲਈ ਇਹ ਪ੍ਰਸਤਾਵ ਪੇਸ਼ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਬੰਗਲਾਦੇਸ਼ ਵਿਚ ਹਾਲ ਹੀ ਦੇ ਮਹੀਨਿਆਂ ਵਿਚ ਯੌਨ ਸ਼ੋਸ਼ਣ ਅਤੇ ਬਲਾਤਕਾਰ ਦੇ ਮਾਮਲਿਆਂ ਵਿਚ ਲਗਾਤਾਰ ਹੋ ਰਹੇ ਵਾਧੇ ਕਾਰਨ ਸਰਕਾਰ ਨੇ ਇਨ੍ਹਾਂ ਅਪਰਾਧਾਂ ਖਿਲਾਫ ਸਖਤ ਕਾਨੂੰਨ ਬਣਾਉਣ ਦਾ ਪ੍ਰਾਵਧਾਨ ਕੀਤਾ ਹੈ।