ਪਾਕਿ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਮੰਨਿਆ- ''''ਧਰਮ ਦੇ ਨਾਂ ''ਤੇ ਘੱਟ ਗਿਣਤੀਆਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ''''
Wednesday, Jun 26, 2024 - 01:09 AM (IST)

ਗੁਰਦਾਸਪੁਰ/ਇਸਲਾਮਾਬਾਦ (ਵਿਨੋਦ) : ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਦੇ ਸੈਸ਼ਨ ਦੌਰਾਨ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਮੰਨਿਆ ਕਿ ਪਾਕਿਸਤਾਨ ਵਿਚ ਘੱਟ ਗਿਣਤੀਆਂ ਨੂੰ ਧਰਮ ਦੇ ਨਾਂ ’ਤੇ ਹਿੰਸਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਘੱਟ ਗਿਣਤੀਆਂ ਦੇ ਰੋਜ਼ਾਨਾ ਹੋ ਰਹੇ ਕਤਲਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਖਵਾਜਾ ਨੇ ਕਿਹਾ ਕਿ ਹਰ ਰੋਜ਼ ਘੱਟ ਗਿਣਤੀਆਂ ਨੂੰ ਮਾਰਿਆ ਜਾ ਰਿਹਾ ਹੈ। ਉਹ ਇਸਲਾਮ ਦੀ ਆੜ ਵਿਚ ਸੁਰੱਖਿਅਤ ਨਹੀਂ ਹਨ।
ਉਨ੍ਹਾਂ ਅੱਗੇ ਕਿਹਾ, ''ਮੈਂ ਘੱਟ ਗਿਣਤੀਆਂ ਦੀ ਸੁਰੱਖਿਆ ਦੇ ਮੁੱਦੇ ’ਤੇ ਗੱਲ ਕਰਨਾ ਚਾਹੁੰਦਾ ਹਾਂ ਪਰ ਵਿਰੋਧੀ ਧਿਰ ਮੇਰੀਆਂ ਕੋਸ਼ਿਸ਼ਾਂ ਨੂੰ ਰੋਕ ਰਹੀ ਹੈ।'' ਆਸਿਫ਼ ਨੇ ਕਿਹਾ ਕਿ ਸੰਵਿਧਾਨਕ ਸੁਰੱਖਿਆ ਦੇ ਬਾਵਜੂਦ ਇਸਲਾਮ ਵਿਚ ਛੋਟੇ ਸੰਪਰਦਾਵਾਂ ਸਮੇਤ ਕੋਈ ਵੀ ਧਾਰਮਿਕ ਘੱਟ ਗਿਣਤੀ ਸੁਰੱਖਿਅਤ ਨਹੀਂ ਹੈ। ਹਿੰਸਾ ਦੇ ਬਹੁਤ ਸਾਰੇ ਪੀੜਤਾਂ ਦਾ ਈਸ਼ਨਿੰਦਾ ਦੇ ਦੋਸ਼ਾਂ ਨਾਲ ਕੋਈ ਲੈਣਾ-ਦੇਣਾ ਨਹੀਂ ਸੀ ਪਰ ਨਿੱਜੀ ਬਦਲਾਖੋਰੀ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ।
ਇਹ ਵੀ ਪੜ੍ਹੋ- SC 'ਚ ਸੁਣਵਾਈ ਤੋਂ ਪਹਿਲਾਂ ਕੇਜਰੀਵਾਲ ਨੂੰ ਵੱਡਾ ਝਟਕਾ, ED ਤੋਂ ਬਾਅਦ ਹੁਣ CBI ਨੇ ਕੀਤਾ ਗ੍ਰਿਫ਼ਤਾਰ
ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਛੋਟੇ ਮੁਸਲਿਮ ਭਾਈਚਾਰੇ ਵੀ ਸੁਰੱਖਿਅਤ ਨਹੀਂ ਹਨ, ਜੋ ਕਿ ਸ਼ਰਮਨਾਕ ਸਥਿਤੀ ਹੈ। ਅਸੀਂ ਘੱਟ ਗਿਣਤੀਆਂ ਦੀ ਸੁਰੱਖਿਆ ਲਈ ਪ੍ਰਸਤਾਵ ਪੇਸ਼ ਕਰਨ ਦਾ ਇਰਾਦਾ ਰੱਖਦੇ ਹਾਂ। ਜਦਕਿ ਸਾਡਾ ਸੰਵਿਧਾਨ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਗਾਰੰਟੀ ਦਿੰਦਾ ਹੈ। ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨ ਹਿਊਮਨ ਰਾਈਟਸ ਵਾਚ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਵਿਚ ਹਿੰਦੂ, ਸਿੱਖ ਅਤੇ ਹੋਰ ਘੱਟ ਗਿਣਤੀਆਂ ਨੂੰ ਜ਼ਬਰਦਸਤੀ ਧਰਮ ਪਰਿਵਰਤਨ, ਅਗਵਾ, ਕਤਲ ਅਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ ’ਤੇ ਹਮਲਿਆਂ ਵਰਗੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਨੂੰ ਉਨ੍ਹਾਂ ਦੇ ਧਾਰਮਿਕ ਵਿਸ਼ਵਾਸਾਂ ਕਾਰਨ ਨਿਸ਼ਾਨਾ ਬਣਾਇਆ ਜਾਂਦਾ ਹੈ, ਦੇਸ਼ ਭਰ ਵਿਚ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਈਸਾਈਆਂ ਨੂੰ ਰੁਜ਼ਗਾਰ, ਸਿੱਖਿਆ ਅਤੇ ਈਸ਼ਨਿੰਦਾ ਦੇ ਦੋਸ਼ਾਂ ਵਿਚ ਵਿਤਕਰੇ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਨਾਲ ਭੀੜ ਹਿੰਸਾ ਅਤੇ ਚਰਚਾਂ ’ਤੇ ਹਮਲੇ ਹੁੰਦੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e