''''ਕੈਨੇਡਾ ''ਚ ਖ਼ਤਮ ਹੋਵੇ ਬਰਥ ਰਾਈਟ ਸਿਟੀਜ਼ਨਸ਼ਿਪ...'''' ਦੇਸ਼ ''ਚ ਗੂੰਜਿਆ ਮੁੱਦਾ
Saturday, Oct 11, 2025 - 12:20 PM (IST)

ਇੰਟਰਨੈਸ਼ਨਲ ਡੈਸਕ- ਇਕ ਪਾਸੇ ਡੋਨਾਲਡ ਟਰੰਪ ਦੀ ਅਗਵਾਈ ਵਾਲੀ ਅਮਰੀਕੀ ਸਰਕਾਰ ਪ੍ਰਵਾਸੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ 'ਚ ਲੱਗੀ ਹੋਈ ਹੈ, ਉੱਥੇ ਹੀ ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕੰਜ਼ਰਵੇਟਿਵ ਪਾਰਟੀ ਨੇ ਗੈਰ ਕਾਨੂੰਨੀ ਪ੍ਰਵਾਸੀਆਂ ਦੇ ਬੱਚਿਆਂ ਨੂੰ ਕੈਨੇਡੀਅਨ ਨਾਗਰਿਕਤਾ ਨਾ ਦੇਣ ਦੀ ਮੰਗ ਕੀਤੀ ਹੈ।
ਵਿਰੋਧੀ ਧਿਰ ਦੀ ਆਲੋਚਕ ਮਿਸ਼ੇਲ ਰੈਂਪਲ ਗਾਰਨਰ ਨੇ ਕਿਹਾ ਕਿ ਨਾਗਰਿਕਤਾ ਸਿਰਫ ਉਨ੍ਹਾਂ ਬੱਚਿਆਂ ਨੂੰ ਮਿਲੇ ਜਿਨ੍ਹਾਂ ਦੇ ਮਾਪਿਆਂ ਵਿੱਚੋਂ ਘੱਟੋ-ਘੱਟ ਇਕ ਪਰਮਾਨੈਂਟ ਰੈਜ਼ੀਡੈਂਟ ਜਾਂ ਕੈਨੇਡੀਅਨ ਨਾਗਰਿਕ ਹੋਵੇ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਇਮੀਗ੍ਰੇਸ਼ਨ ਸਿਸਟਮ ਦੀ ਦੁਰਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ 'ਚ ਅਸਫਲ ਰਹੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਇਕ ਹੋਰ ਜਹਾਜ਼ ਹੋ ਗਿਆ ਕ੍ਰੈਸ਼ ! ਡਿੱਗਦਿਆਂ ਹੀ ਲੱਗ ਗਈ ਅੱਗ, ਕਈ ਲੋਕਾਂ ਦੀ ਮੌਤ ਦਾ ਖ਼ਦਸ਼ਾ
ਉਨ੍ਹਾਂ ਨੇ ਕਿਹਾ ਕਿ ਬਰਥ ਰਾਈਟ ਸਿਟੀਜ਼ਨਸ਼ਿਪ ਨੂੰ ਖ਼ਤਮ ਕਰਨਾ ਚਾਹੀਦਾ ਹੈ, ਕਿਉਂਕਿ ਬਹੁਤ ਸਾਰੇ ਲੋਕ ਕੈਨੇਡਾ ਦੀ ਧਰਤੀ 'ਤੇ ਸਿਰਫ ਇਸ ਲਈ ਆਉਂਦੇ ਹਨ ਤਾਂ ਜੋ ਉਨ੍ਹਾਂ ਦੇ ਬੱਚੇ ਜਨਮ ਲੈ ਕੇ ਕੈਨੇਡੀਅਨ ਨਾਗਰਿਕ ਬਣ ਸਕਣ। ਉਨ੍ਹਾਂ ਦਾ ਦਾਅਵਾ ਹੈ ਕਿ ਵਿਦੇਸ਼ੀ ਨਾਗਰਿਕਾਂ ਨੂੰ ਕੈਨੇਡਾ ਵਿੱਚ ਬੱਚੇ ਨੂੰ ਜਨਮ ਦੇਣ ਦੀ ਸਲਾਹ ਦਿੱਤੀ ਜਾ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਜਨਮ ਮਗਰੋਂ ਹੀ ਉੱਥੋਂ ਦੀ ਨਾਗਰਿਕਤਾ ਮਿਲ ਸਕੇ।
ਹਾਲਾਂਕਿ ਕੈਨੇਡਾ ਦੀ ਲਿਬਰਲ ਸਰਕਾਰ ਇਸ ਵਿਚਾਰ ਨਾਲ ਸਹਿਮਤ ਨਹੀਂ ਹੈ। ਨਿਆਂ ਮੰਤਰੀ ਸ਼ੌਨ ਫਰੇਜ਼ਰ ਨੇ ਕਿਹਾ ਕਿ ਬਰਥ ਰਾਈਟ ਨਾਗਰਿਕਤਾ ਨਾਲ ਸਬੰਧਤ ਕਾਨੂੰਨ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਕੈਨੇਡਾ ਦਾ ਸੰਵਿਧਾਨ ਇਸ ਦੀ ਇਜਾਜ਼ਤ ਨਹੀਂ ਦਿੰਦਾ ਕਿ ਮੁਲਕ ਵਿੱਚ ਜਨਮ ਲੈਣ ਵਾਲੇ ਬੱਚਿਆਂ ਦੀ ਨਾਗਰਿਕਤਾ ਨੂੰ ਖ਼ਤਮ ਕਰ ਦਿੱਤਾ ਜਾਵੇ। ਇਸ ਮਾਮਲੇ 'ਤੇ ਕੈਨੇਡਾ ਵਿੱਚ ਚਰਚਾ ਜਾਰੀ ਹੈ ਅਤੇ ਹੋ ਸਕਦਾ ਹੈ ਕਿ ਇਸ ਚਰਚਾ ਦਾ ਅਸਰ ਭਵਿੱਖ 'ਚ ਦੇਸ਼ ਦੀਆਂ ਇਮੀਗ੍ਰੇਸ਼ਨ ਨੀਤੀਆਂ 'ਤੇ ਦਿਖੇ।
ਇਹ ਵੀ ਪੜ੍ਹੋ- ਸਕੂਲ 'ਚ ਅੱਤਵਾਦੀ ! ਪੁਲਸ ਨੇ ਪਾ ਲਿਆ ਘੇਰਾ, 6 ਨੂੰ ਕੀਤਾ ਢੇਰ, 3 ਜਵਾਨ ਵੀ ਹੋਏ ਸ਼ਹੀਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e