ਬ੍ਰਿਸਬੇਨ ਸਿਟੀ ਕੌਂਸਲ ਦੇ ਬੱਸ ਆਪ੍ਰੇਟਰਾਂ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਲਗਾਇਆ

Thursday, Nov 07, 2019 - 09:28 AM (IST)

ਬ੍ਰਿਸਬੇਨ ਸਿਟੀ ਕੌਂਸਲ ਦੇ ਬੱਸ ਆਪ੍ਰੇਟਰਾਂ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਲਗਾਇਆ

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ) : ਦੁਨੀਆ ਭਰ ਵਿਚ ਹਰ ਪਾਸੇ ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਬਹੁਤ ਹੀ ਧੂੰਮ-ਧਾਮ ਨਾਲ ਆਯੋਜਿਤ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ ਵਿਖੇ ਵੀ ਪੰਜਾਬੀ ਅਤੇ ਹੋਰ ਭਾਈਚਾਰਿਆਂ ਨਾਲ ਸਬੰਧਤ ਬ੍ਰਿਸਬੇਨ ਸਿਟੀ ਕੌਂਸਲ ਦੇ ਬੱਸ (ਆਪ੍ਰੇਟਰਾਂ) ਵਲੋਂ ਵਰਜੀਨੀਆ ਅਤੇ ਈਗਲ ਫਾਰਮ ਬੱਸ ਡਿੱਪੂਆਂ ਵਿਖੇ ਗੁਰਦੁਆਰਾ ਸਾਹਿਬ ਸ੍ਰੀ ਸਿੰਘ ਸਭਾ ਟਾਇਗਮ ਜੀ ਦੇ ਸਹਿਯੋਗ ਦੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਅਰਦਾਸ ਕਰਨ ਉਪਰੰਤ ਚਾਹ-ਪਕੌੜੇ ਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।

ਇਸ ਮੌਕੇ 'ਤੇ ਸੇਵਾਦਾਰਾਂ ਵੱਲੋਂ ਵੱਖ-ਵੱਖ ਭਾਈਚਾਰਿਆਂ ਦੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰੋ, ਵੰਡ ਕੇ ਛੱਕੋ, ਸੱਚਾ-ਸੁੱਚਾ ਜੀਵਨ ਜਿਊਣ ਤੇ ਗੁਰੂ ਸਾਹਿਬ ਵਲੋਂ ਚਲਾਈ ਗਈ ਲੰਗਰ ਪ੍ਰਥਾ, ਅਧਿਆਤਮਕ ਜੀਵਨ ਫ਼ਲਸਫੇ, ਸਿੱਖਿਆਵਾਂ ਅਤੇ ਗੌਰਵਮਈ ਕੁਰਬਾਨੀਆ ਭਰੇ ਸਿੱਖ ਇਤਿਹਾਸ ਦੀ ਮੌਲਿਕਤਾ ਅਤੇ ਵਿਲੱਖਣਤਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ। ਪਤਵੰਤਿਆਂ ਨੇ ਆਪਣੇ-ਆਪਣੇ ਸੰਬੋਧਨ 'ਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਹੋਏ ਮਾਰਗ 'ਤੇ ਚੱਲ ਕੇ ਸਾਂਝੀਵਾਲਤਾ ਅਤੇ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਅਜਿਹੇ ਕਾਰਜ ਕਰਨ ਨਾਲ ਵਿਦੇਸ਼ਾਂ ਵਿਚ ਵੱਸਦੇ ਬਹੁ-ਸੱਭਿਅਕ ਸਮਾਜ ਵਿਚ ਭਾਈਚਾਰਕ ਏਕਤਾ ਤੇ ਮਿਲਵਰਤਣ ਦੇ ਨਾਲ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ, ਜੋ ਕਿ ਅਜੌਕੇ ਦੌਰ ਵਿਚ ਬਹੁਤ ਹੀ ਜਰੂਰੀ ਹੈ। ਇਸ ਮੌਕੇ 'ਤੇ ਸਥਾਨਕ ਬ੍ਰਿਸਬੇਨ ਟਰਾਂਸਪੋਰਟ ਬੱਸ ਡਿੱਪੂਆ ਦੇ ਨੁਮਾਇੰਦਿਆ ਤੇ ਬੱਸ ਆਪ੍ਰੇਟਰਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ।


author

cherry

Content Editor

Related News