ਬ੍ਰਿਸਬੇਨ ''ਚ ਦਸਮ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

01/05/2020 2:45:36 PM

ਬ੍ਰਿਸਬੇਨ, (ਸੁਰਿੰਦਰਪਾਲ ਸਿੰਘ ਖੁਰਦ)—ਸਾਹਿਬ-ਏ-ਕਮਾਲ, ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਮਨਾਇਆ ਗਿਆ। ਬ੍ਰਿਸਬੇਨ ਸਿੱਖ ਟੈਂਪਲ ਲੋਗਨ ਰੋਡ, ਗੁਰਦੁਆਰਾ ਸਿੰਘ ਸਭਾ ਟਾਇਗਮ ਵਿਖੇ ਪ੍ਰਬੰਧਕ ਕਮੇਟੀਆਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਠ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਇਸ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ।

ਭਾਈ ਸਤਵਿੰਦਰ ਸਿੰਘ, ਭਾਈ ਜਸਵੀਰ ਸਿੰਘ ਜਮਾਲਪੁਰੀ, ਭਾਈ ਗੁਰਤੇਜ ਸਿੰਘ, ਭਾਈ ਸੁਖਦੇਵ ਸਿੰਘ ਬਠਿੰਡੇ ਵਾਲੇ ਆਦਿ ਦੇ ਪੰਥ ਪ੍ਰਸਿੱਧ ਰਾਗੀ ਤੇ ਢਾਡੀ ਜੱਥਿਆਂ ਅਤੇ ਬੱਚਿਆਂ ਵਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ, ਵੀਰ ਰਸੀ ਵਾਰਾਂ, ਕਥਾ ਵਿਚਾਰਾਂ ਕੀਤੀਆਂ ਗਈਆਂ ਅਤੇ ਗੁਰੂ ਸਾਹਿਬ ਜੀ ਦੇ ਜੀਵਨ ਫਲਸਫ਼ੇ ਬਾਰੇ ਚਾਨਣਾ ਪਾਉਦਿਆਂ ਸੰਗਤਾਂ ਨੂੰ ਖਾਲਸਾ ਪੰਥ ਬਾਰੇ ਦੱਸਿਆ ਗਿਆ। ਉਨ੍ਹਾਂ ਦੱਸਿਆ ਕਿ ਦਸ਼ਮੇਸ਼ ਪਿਤਾ ਜੀ ਵਿਸ਼ਵ ਦੇ ਇਤਿਹਾਸ 'ਚ ਅਜਿਹੇ ਰਹਿਬਰ ਸਨ ਜਿਨ੍ਹਾਂ ਨੇ ਆਪਣਾ ਸਰਬੰਸ ਧਰਮ ਦੀ ਚੜ੍ਹਦੀ ਕਲਾ, ਹੱਕ-ਸੱਚ, ਜ਼ੁਲਮ ਦੇ ਖਾਤਮੇ ਅਤੇ ਮਨੁੱਖਤਾ ਦੀ ਭਲਾਈ ਲਈ ਕੁਰਬਾਨ ਕਰ ਦਿੱਤਾ, ਜਿਸ ਦੀ ਮਿਸਾਲ ਹੋਰ ਕਿਧਰੇ ਨਹੀ ਮਿਲਦੀ। ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।


Related News