ਬ੍ਰਿਸਬੇਨ ਸਿਟੀ ਕੌਂਸਲ ਦੇ ਬੱਸ ਆਪ੍ਰੇਟਰਾਂ ਨੇ ਵਿਸਾਖੀ ਨੂੰ ਸਮਰਪਿਤ ਲੰਗਰ ਲਗਾਇਆ
Monday, Apr 15, 2024 - 11:52 AM (IST)
ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ)- ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਮਾਗਮ ਜਿੱਥੇ ਦੇਸ਼-ਵਿਦੇਸ਼ ਵਿੱਚ ਬਹੁਤ ਹੀ ਧੂਮ-ਧਾਮ ਨਾਲ ਆਯੋਜਿਤ ਕੀਤੇ ਜਾ ਰਹੇ ਹਨ, ਉਥੇ ਹੀ ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ ਵਿਖੇ ਵੀ ਪੰਜਾਬੀ ਅਤੇ ਹੋਰ ਭਾਈਚਾਰਿਆਂ ਨਾਲ ਸਬੰਧਤ ਬ੍ਰਿਸਬੇਨ ਸਿਟੀ ਕੌਂਸਲ ਦੇ ਬੱਸ (ਆਪ੍ਰੇਟਰਾਂ) ਵੱਲੋਂ ਈਗਲ ਫਾਰਮ ਬੱਸ ਡਿੱਪੂ ਵਿਖੇ ਗੁਰਦੁਆਰਾ ਸਾਹਿਬ ਸ਼੍ਰੀ ਸਿੰਘ ਸਭਾ ਟਾਇਗਮ ਜੀ ਦੇ ਸਹਿਯੋਗ ਨਾਲ ਹਾਰਮੋਨੀ ਡੇਅ 'ਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਇਆ ਗਿਆ। ਬੱਸ ਆਪ੍ਰੇਟਰ ਸੇਵਾਦਾਰਾਂ ਵੱਲੋਂ ਇਸ ਮੌਕੇ ਵੱਖ-ਵੱਖ ਭਾਈਚਾਰਿਆਂ ਦੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰੋ, ਵੰਡ ਛਕੋ, ਸੱਚਾ-ਸੁੱਚਾ ਜੀਵਨ ਜਿਊਣ ਤੇ ਗੁਰੂ ਸਾਹਿਬ ਵਲੋਂ ਚਲਾਈ ਗਈ ਲੰਗਰ ਪ੍ਰਥਾ, ਅਧਿਆਤਮਕ ਜੀਵਨ ਫ਼ਲਸਫੇ, ਸਿੱਖਿਆਵਾ ਅਤੇ ਗੌਰਵਮਈ ਕੁਰਬਾਨੀਆ ਭਰੇ ਸਿੱਖ ਇਤਿਹਾਸ ਬਾਰੇ ਦੱਸਿਆ ਗਿਆ।
ਇਹ ਵੀ ਪੜ੍ਹੋ: ਅਫਗਾਨਿਸਤਾਨ ਤੇ ਪਾਕਿਸਤਾਨ ’ਚ ਮੀਂਹ, ਬਰਫਬਾਰੀ ਅਤੇ ਹੜ੍ਹ ਕਾਰਨ 63 ਲੋਕਾਂ ਦੀ ਮੌਤ
ਸੇਵਾਦਾਰਾਂ ਨੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਭਾਰਤੀ ਇਤਿਹਾਸ ਵਿਚ ਵਿਸ਼ੇਸ਼ ਮਹੱਤਤਾ ਰੱਖਦਾ ਹੈ, ਵਿਸ਼ੇਸ਼ ਕਰਕੇ ਸਿੱਖ ਇਤਿਹਾਸ ਵਿਚ ਇਸ ਦਿਨ ਨੂੰ ਖਾਲਸੇ ਦੇ ਜਨਮ ਦਿਹਾੜੇ ਵਜੋਂ ਮਨਾਇਆ ਜਾਂਦਾ ਹੈ। 1699 ਦੀ ਵਿਸਾਖੀ ਨੂੰ ਅਨੰਦਪੁਰ ਸਾਹਿਬ ਵਿਖੇ ਦਸਵੇਂ ਗੁਰੂ ਸ੍ਰੀ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਇਸ ਲਈ ਸਮੂਹ ਸਿੱਖ ਭਾਈਚਾਰਾ ਇਸ ਦਿਨ ਨੂੰ ਖਾਲਸੇ ਦੇ ਜਨਮ ਦਿਵਸ ਵਜੋਂ ਮਨਾਉਂਦਾ ਹੈ। ਇਹ ਤਿਉਹਾਰ ਹਾੜੀ ਦੀ ਫਸਲ ਪੱਕਣ ਦੀ ਖੁਸ਼ੀ ਵਿੱਚ ਵੀ ਮਨਾਇਆ ਜਾਂਦਾ ਹੈ। ਇਥੇ ਜ਼ਿਕਰਯੋਗ ਹੈ ਕੀ ਆਸਟ੍ਰੇਲੀਆ ਵਿੱਚ ਹਾਰਮੋਨੀ ਡੇਅ ਇੱਕ ਵਿਲੱਖਣ ਤੌਰ 'ਤੇ ਵੱਖ-ਵੱਖ ਸੱਭਿਆਚਾਰਾਂ ਵਿੱਚ ਸਦਭਾਵਨਾ ਅਤੇ ਏਕਤਾ ਨੂੰ ਉਤਸ਼ਾਹਿਤ ਕਰਦਾ ਦਿਨ ਹੈ। ਇਸ ਮੌਕੇ ਸਥਾਨਕ ਬ੍ਰਿਸਬੇਨ ਟਰਾਂਸਪੋਰਟ ਬੱਸ ਡਿੱਪੂਆਂ ਦੇ ਨੁਮਾਇੰਦਿਆਂ ਅਤੇ ਬੱਸ ਆਪ੍ਰੇਟਰਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।