ਕੈਨੇਡਾ : ਸੁਰੱਖਿਆ ਨੂੰ ਲੈ ਕੇ ਭਾਰਤੀ ਭਾਈਚਾਰੇ ਵੱਲੋਂ ਜਗਮੀਤ ਸਿੰਘ ਦੇ ਦਫਤਰ ਬਾਹਰ ਪ੍ਰਦਰਸ਼ਨ
Friday, Feb 26, 2021 - 06:07 PM (IST)
ਓਟਾਵਾ (ਬਿਊਰੋ): ਭਾਰਤ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਜਾਰੀ ਹੈ। ਇਹਨਾਂ ਕਿਸਾਨਾਂ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਸਮਰਥਨ ਮਿਲ ਰਿਹਾ ਹੈ। ਇਸ ਦੌਰਾਨ ਇਹਨਾਂ ਕਾਨੂੰਨਾਂ ਦਾ ਸਮਰਥਨ ਕਰਨ ਵਾਲੇ ਪ੍ਰਵਾਸੀ ਭਾਰਤੀਆਂ ਦੀ ਸੁਰੱਖਿਆ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਕੈਨੇਡਾ ਵਿਚ ਭਾਰਤੀਆਂ ਦੀ ਸੁਰੱਖਿਆ ਸਬੰਧੀ ਹੁਣ ਭਾਰਤ ਸਾਵਧਾਨ ਹੋ ਗਿਆ ਹੈ। ਨਵੇ ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਵਾਲੇ ਭਾਰਤੀ ਭਾਈਚਾਰੇ ਦੇ ਕੁਝ ਮੈਂਬਰਾਂ ਨੂੰ ਧਮਕੀਆਂ ਮਿਲ ਰਹੀਆਂ ਹਨ। ਇਸ ਸੰਬੰਧ ਵਿਚ ਭਾਰਤੀ ਵਿਦੇਸ਼ ਮੰਤਰਾਲੇ ਨੇ ਇਹ ਮੁੱਦਾ ਕੈਨੇਡੀਅਨ ਅਧਿਕਾਰੀਆਂ ਦੇ ਸਾਹਮਣੇ ਵੀ ਚੁੱਕਿਆ ਹੈ।
ਉੱਧਰ ਅੱਜ ਕੈਨੇਡਾ ਵਿਚ ਭਾਰਤੀ ਮੂਲ ਦੇ ਕੁਝ ਲੋਕਾਂ ਨੇ ਆਪਣੀ ਸੁਰੱਖਿਆ ਨੂੰ ਲੈਕੇ ਵਿਰੋਧ ਪ੍ਰਦਰਸ਼ਨ ਕੀਤਾ। ਕੁਝ ਲੋਕ ਐੱਨ.ਡੀ.ਪੀ. ਸਾਂਸਦ ਜਗਮੀਤ ਸਿੰਘ ਦੇ ਦਫਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਦੇ ਨਜ਼ਰ ਆਏ। ਪ੍ਰਦਰਸ਼ਨ ਦੌਰਾਨ ਉਹਨਾਂ ਨੇ ਕਿਹਾ ਕਿ ਭਾਰਤ ਵਿਚ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਕਾਰਨ ਉਹਨਾਂ ਨੂੰ ਖਾਲਿਸਤਾਨ ਸਮਰਥਕਾਂ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਕੈਨੇਡਾ ਵਿਚ ਵੀ ਖੇਤੀ ਕਾਨੂੰਨਾਂ ਪ੍ਰਤੀ ਲੋਕਾਂ ਦੀ ਮਿਲੀ ਜੁਲੀ ਪ੍ਰਤੀਕਿਰਿਆ ਦੇਖਣ ਨੂੰ ਮਿਲ ਰਹੀ ਹੈ।
ਪੜ੍ਹੋ ਇਹ ਅਹਿਮ ਖਬਰ - ਲੰਬੇ ਤਣਾਅ ਤੋਂ ਬਾਅਦ ਕੰਟਰੋਲ ਲਾਈਨ ’ਤੇ ਆਪਣੀਆਂ ਤੋਪਾਂ ਸ਼ਾਂਤ ਕਰਨਗੇ ਭਾਰਤ-ਪਾਕਿ
ਖੇਤੀ ਕਾਨੂੰਨਾਂ ਦੇ ਸਮਰਥਨ ਵਿਚ ਤਿਰੰਗਾ ਰੈਲੀ ਕੱਢਣ 'ਤੇ ਕੈਨੇਡਾ ਵਿਚ ਭਾਰਤੀ ਭਾਈਚਾਰੇ ਦੇ ਕੁਝ ਮੈਂਬਰਾਂ ਨੂੰ ਧਮਕੀਆਂ ਮਿਲਣ ਸੰਬੰਧੀ ਰਿਪੋਰਟਾਂ 'ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਨ ਸ਼੍ਰੀਵਾਸਤਵ ਨੇ ਵੀ ਆਪਣਾ ਬਿਆਨ ਦਿੱਤਾ। ਉਹਨਾਂ ਨੇ ਕਿਹਾ ਕਿ ਕੈਨੇਡਾ ਵਿਚ ਭਾਰਤੀ ਭਾਈਚਾਰੇ ਦੇ ਕੁਝ ਮੈਂਬਰਾਂ ਨੂੰ ਧਮਕੀਆਂ ਮਿਲਣ ਅਤੇ ਇਸ ਨਾਲ ਸਬੰਧਤ ਰਿਪੋਰਟਾਂ ਸਾਹਮਣੇ ਆਈਆਂ ਹਨ। ਇਹ ਧਮਕੀਆਂ ਕੈਨੇਡਾ ਵਿਚ ਕੁਝ ਤੱਤਾਂ ਵੱਲੋਂ ਆਈਆਂ ਹਨ। ਉਹਨਾਂ ਨੇ ਦੱਸਿਆ ਹੈ ਕਿ ਭਾਰਤੀ ਨਾਗਰਿਕਾਂ ਨੂੰ ਅਜਿਹੀ ਕਿਸੇ ਵੀ ਘਟਨਾ ਦੀ ਰਿਪੋਰਟ ਸਥਾਨਕ ਕੈਨੇਡੀਅਨ ਪੁਲਸ ਨੂੰ ਕਰਨ ਦੀ ਸਲਾਹ ਦਿੱਤੀ ਗਈ ਹੈ। ਨਾਲ ਹੀ ਇਸ ਬਾਰੇ ਵਿਚ ਤੁਰੰਤ ਓਟਾਵਾ ਸਥਿਤ ਭਾਰਤੀ ਹਾਈ ਕਮਿਸ਼ਨ ਅਤੇ ਭਾਰਤੀ ਕੌਂਸਲੇਟ ਨੂੰ ਵੀ ਸੂਚਨਾ ਦੇਣ ਲਈ ਕਿਹਾ ਗਿਆ ਹੈ।