9000 ਪੰਜਾਬੀ Canada ਤੋਂ ਹੋਣਗੇ ਡਿਪੋਰਟ! 30 ਹਜ਼ਾਰ ਵਿਦਿਆਰਥੀਆਂ ਨੂੰ ਜਾਰੀ ਹੋ ਗਏ ਨੋਟਿਸ
Sunday, Apr 19, 2026 - 05:41 PM (IST)
ਓਟਾਵਾ/ਵਿਨੀਪੈਗ: ਕੈਨੇਡਾ ਸਰਕਾਰ ਵੱਲੋਂ ਪਾਸ ਕੀਤੇ ਗਏ ਨਵੇਂ ਇਮੀਗ੍ਰੇਸ਼ਨ ਬਿੱਲ 'C-12' ਕਾਰਨ ਕੈਨੇਡਾ 'ਚ ਰਹਿ ਰਹੇ ਹਜ਼ਾਰਾਂ ਪੰਜਾਬੀਆਂ ਲਈ ਮੁਸ਼ਕਲਾਂ ਖੜ੍ਹੀਆਂ ਹੋ ਗਈਆਂ ਹਨ। ਨਵੇਂ ਕਾਨੂੰਨ ਦੇ ਤਹਿਤ ਲਗਭਗ 9,000 ਪੰਜਾਬੀਆਂ 'ਤੇ ਡਿਪੋਰਟ ਕੀਤੇ ਜਾਣ ਦੀ ਤਲਵਾਰ ਲਟਕ ਗਈ ਹੈ। ਇਮੀਗ੍ਰੇਸ਼ਨ ਵਿਭਾਗ ਨੇ ਕੁੱਲ 30,000 ਸ਼ਰਨਾਰਥੀਆਂ ਨੂੰ ਨੋਟਿਸ ਜਾਰੀ ਕੀਤੇ ਹਨ, ਜਿਨ੍ਹਾਂ 'ਚ ਪੰਜਾਬੀ ਵਿਦਿਆਰਥੀਆਂ ਦੀ ਵੱਡੀ ਗਿਣਤੀ ਸ਼ਾਮਲ ਹੈ।
ਕੀ ਹੈ ਨਵਾਂ ਕਾਨੂੰਨ 'C-12'?
ਇਹ ਨਵਾਂ ਕਾਨੂੰਨ ਕੈਨੇਡਾ ਦੇ ਇਮੀਗ੍ਰੇਸ਼ਨ ਸਿਸਟਮ ਨੂੰ ਸੁਧਾਰਨ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਦੀ ਪਛਾਣ ਕਰਨ ਲਈ ਲਿਆਂਦਾ ਗਿਆ ਹੈ। ਪੁਰਾਣੇ ਨਿਯਮਾਂ ਅਨੁਸਾਰ, ਕੋਈ ਵੀ ਵਿਅਕਤੀ ਕੈਨੇਡਾ ਪਹੁੰਚਣ ਤੋਂ ਬਾਅਦ ਕਦੇ ਵੀ ਸ਼ਰਨ (asylum) ਲਈ ਅਪਲਾਈ ਕਰ ਸਕਦਾ ਸੀ ਅਤੇ ਅਦਾਲਤੀ ਕਾਰਵਾਈ ਚੱਲਣ ਦੌਰਾਨ ਸਾਲਾਂ ਤੱਕ ਉੱਥੇ ਰਹਿ ਕੇ ਕੰਮ ਕਰ ਸਕਦਾ ਸੀ। ਪਰ ਹੁਣ ਨਵੇਂ ਨਿਯਮਾਂ ਅਨੁਸਾਰ:
-ਕੈਨੇਡਾ ਆਉਣ ਦੇ ਇੱਕ ਸਾਲ ਦੇ ਅੰਦਰ-ਅੰਦਰ ਸ਼ਰਨ ਦਾ ਦਾਅਵਾ ਕਰਨਾ ਲਾਜ਼ਮੀ ਹੋਵੇਗਾ।
-ਜੇਕਰ ਕੋਈ ਵਿਅਕਤੀ ਅਜਿਹਾ ਨਹੀਂ ਕਰਦਾ ਅਤੇ ਫੜਿਆ ਜਾਂਦਾ ਹੈ ਤਾਂ ਉਸ ਨੂੰ ਬਿਨਾਂ ਕਿਸੇ ਸੁਣਵਾਈ ਦੇ ਡਿਪੋਰਟ ਕਰਨ ਦਾ ਨਿਯਮ ਬਣਾਇਆ ਗਿਆ ਹੈ।
-ਹੁਣ ਸ਼ਰਨਾਰਥੀਆਂ ਦੀ ਸੁਣਵਾਈ ਸ਼ਰਨਾਰਥੀ ਬੋਰਡ ਵਿੱਚ ਨਹੀਂ ਹੋਵੇਗੀ, ਜਿਸ ਕਾਰਨ ਪਹਿਲਾਂ ਕੇਸ ਸਾਲਾਂ ਤੱਕ ਲਟਕਦੇ ਰਹਿੰਦੇ ਸਨ।
3 ਮਈ ਤੱਕ ਜਵਾਬ ਦੇਣ ਦਾ ਆਖਰੀ ਮੌਕਾ
ਇਮੀਗ੍ਰੇਸ਼ਨ ਵਿਭਾਗ ਨੇ ਨੋਟਿਸ ਜਾਰੀ ਕਰਕੇ ਪ੍ਰਭਾਵਿਤ ਵਿਅਕਤੀਆਂ ਨੂੰ ਆਪਣੀ ਅਯੋਗਤਾ ਦਾ ਆਧਾਰ ਸਪੱਸ਼ਟ ਕਰਨ ਲਈ 21 ਦਿਨਾਂ ਦਾ ਸਮਾਂ (3 ਮਈ ਤੱਕ) ਦਿੱਤਾ ਹੈ। ਜੇਕਰ ਕੋਈ ਵਿਦਿਆਰਥੀ ਮੈਡੀਕਲ ਐਮਰਜੈਂਸੀ ਜਾਂ ਆਪਣੇ ਮੂਲ ਦੇਸ਼ ਵਿੱਚ ਜਾਨ ਦੇ ਖ਼ਤਰੇ ਦਾ ਹਵਾਲਾ ਦਿੰਦਾ ਹੈ, ਤਾਂ ਉਸ ਨੂੰ ਇਸ ਨਾਲ ਸਬੰਧਤ ਦਸਤਾਵੇਜ਼ ਪੇਸ਼ ਕਰਨੇ ਹੋਣਗੇ। ਜੇਕਰ ਤੈਅ ਸਮੇਂ ਵਿੱਚ ਜਵਾਬ ਨਹੀਂ ਮਿਲਦਾ, ਤਾਂ ਉਨ੍ਹਾਂ ਦਾ ਵਰਕ ਪਰਮਿਟ ਰੱਦ ਕਰਕੇ ਡਿਪੋਰਟੇਸ਼ਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।
ਵਿਦਿਆਰਥੀਆਂ 'ਚ ਭਾਰੀ ਰੋਸ
ਪੰਜਾਬ ਤੋਂ ਹਰ ਸਾਲ ਲਗਭਗ ਡੇਢ ਲੱਖ ਵਿਦਿਆਰਥੀ ਕੈਨੇਡਾ ਪੜ੍ਹਨ ਜਾਂਦੇ ਹਨ। ਵਰਕ ਪਰਮਿਟ ਖ਼ਤਮ ਹੋਣ ਤੋਂ ਬਾਅਦ ਬਹੁਤ ਸਾਰੇ ਵਿਦਿਆਰਥੀ ਸ਼ਰਨਾਰਥੀ ਵਜੋਂ ਅਪਲਾਈ ਕਰਕੇ ਉੱਥੇ ਕੰਮ ਕਰਦੇ ਰਹਿੰਦੇ ਸਨ, ਪਰ ਹੁਣ ਇਹ ਰਾਹ ਬੰਦ ਹੁੰਦਾ ਨਜ਼ਰ ਆ ਰਿਹਾ ਹੈ। ਇਸ ਫੈਸਲੇ ਵਿਰੁੱਧ 17 ਅਪ੍ਰੈਲ ਨੂੰ ਵਿਨੀਪੈਗ ਵਿੱਚ ਪੰਜਾਬੀ ਅਤੇ ਹੋਰ ਦੇਸ਼ਾਂ ਦੇ ਵਿਦਿਆਰਥੀਆਂ ਨੇ ਵੱਡਾ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਤੋਂ ਵਰਕ ਪਰਮਿਟ ਖ਼ਤਮ ਨਾ ਕਰਨ ਦੀ ਮੰਗ ਕੀਤੀ।
ਇਹ ਨਵਾਂ ਕਾਨੂੰਨ 2025 ਤੋਂ ਲਾਗੂ ਮੰਨਿਆ ਜਾਵੇਗਾ, ਜਿਸ ਕਾਰਨ ਪਹਿਲਾਂ ਤੋਂ ਉੱਥੇ ਰਹਿ ਰਹੇ ਲੋਕ ਵੀ ਇਸ ਦੇ ਦਾਇਰੇ ਵਿੱਚ ਆ ਗਏ ਹਨ। ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਵੱਡੀ ਗਿਣਤੀ ਵਿੱਚ ਪੰਜਾਬੀ ਵਿਦਿਆਰਥੀ ਹੁਣ ਕਾਨੂੰਨੀ ਮਾਹਿਰਾਂ ਦੀ ਸਲਾਹ ਲੈ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
