ਸ਼੍ਰੀਲੰਕਾ 'ਚ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਝੜਪ, 10 ਲੋਕ ਜ਼ਖਮੀ
Tuesday, Jul 12, 2022 - 11:50 AM (IST)
 
            
            ਕੋਲੰਬੋ (ਵਾਰਤਾ): ਗੰਭੀਰ ਆਰਥਿਕ ਸੰਕਟ ਨਾਲ ਜੂਝ ਰਹੇ ਸ਼੍ਰੀਲੰਕਾ 'ਚ ਪ੍ਰਧਾਨ ਮੰਤਰੀ ਨਿਵਾਸ ਟੈਂਪਲ ਟ੍ਰੀਜ਼ 'ਤੇ ਪ੍ਰਦਰਸ਼ਨਕਾਰੀਆਂ ਦੇ ਦੋ ਸਮੂਹਾਂ ਵਿਚਾਲੇ ਹੋਈ ਝੜਪ 'ਚ 10 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਸ ਨੇ ਦੱਸਿਆ ਕਿ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਦੀ ਰਿਹਾਇਸ਼ ਟੈਂਪਲ ਟ੍ਰੀਜ਼ 'ਤੇ ਪ੍ਰਦਰਸ਼ਨਕਾਰੀਆਂ ਦੇ ਦੋ ਸਮੂਹਾਂ ਵਿਚਾਲੇ ਝੜਪ ਦੌਰਾਨ ਇਕ ਔਰਤ ਸਮੇਤ ਘੱਟੋ-ਘੱਟ 10 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਇਸ ਦੇ ਨਾਲ ਹੀ ਸੂਤਰਾਂ ਨੇ ਦੱਸਿਆ ਕਿ ਜਨਤਾ ਵਿਮੁਕਤੀ ਪੇਰਾਮੁਨਾ (ਜੇਵੀਪੀ) ਦੇ ਸਮਰਥਕਾਂ ਅਤੇ ਪ੍ਰਦਰਸ਼ਨਕਾਰੀਆਂ ਦੇ ਇੱਕ ਸਮੂਹ ਵਿਚਕਾਰ ਤੜਕੇ ਝੜਪ ਹੋ ਗਈ। ਕੋਲੰਬੋ ਪੇਜ ਦੀ ਰਿਪੋਰਟ ਮੁਤਾਬਕ ਜ਼ਖਮੀਆਂ ਨੂੰ ਕੋਲੰਬੋ ਨੈਸ਼ਨਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਸ ਵਿਭਾਗ ਦੇ ਸੂਤਰਾਂ ਨੇ ਦੱਸਿਆ ਕਿ ਕੋਲੂਪਿਟੀਆ ਪੁਲਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਿਵਾਸ ਟੈਂਪਲ ਟ੍ਰੀਜ਼ ਅਤੇ ਰਾਸ਼ਟਰਪਤੀ ਭਵਨ 'ਤੇ ਪ੍ਰਦਰਸ਼ਨਕਾਰੀਆਂ ਨੇ 9 ਜੁਲਾਈ ਤੋਂ ਕਬਜ਼ਾ ਕਰ ਲਿਆ ਸੀ।
ਪੜ੍ਹੋ ਇਹ ਅਹਿਮ ਖ਼ਬਰ- ਨਿਊਜ਼ੀਲੈਂਡ 'ਚ ਮੁੜ ਵਧਿਆ ਕੋਰੋਨਾ ਦਾ ਕਹਿਰ, 11 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਦਰਜ
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਗੋਤਬਾਯਾ ਰਾਜਪਕਸ਼ੇ ਅਤੇ ਸ੍ਰੀ ਰਾਨਿਲ ਵਿਕਰਮਸਿੰਘੇ ਦੇ ਅਸਤੀਫ਼ਿਆਂ ਤੋਂ ਬਾਅਦ ਹੀ ਦੋਵਾਂ ਆਗੂਆਂ ਦੀਆਂ ਰਿਹਾਇਸ਼ਾਂ ਖਾਲੀ ਕੀਤੀਆਂ ਜਾਣਗੀਆਂ। ਜਿੱਥੇ ਰਾਸ਼ਟਰਪਤੀ ਦੇ ਬੁੱਧਵਾਰ ਨੂੰ ਅਸਤੀਫਾ ਦੇਣ ਦੀ ਉਮੀਦ ਹੈ, ਪ੍ਰਧਾਨ ਮੰਤਰੀ ਨੇ ਸ਼ਨੀਵਾਰ ਨੂੰ ਆਪਣੇ ਅਸਤੀਫੇ ਦਾ ਐਲਾਨ ਕੀਤਾ। ਆਰਥਿਕ ਤੌਰ 'ਤੇ ਬਦਹਾਲ ਸ਼੍ਰੀਲੰਕਾ ਵਿਚ ਲੋਕ ਰਾਜਪਕਸ਼ੇ ਦੀ ਅਯੋਗਤਾ ਅਤੇ ਭ੍ਰਿਸ਼ਟਾਚਾਰ ਤੋਂ ਨਾਰਾਜ਼ ਹਨ ਅਤੇ ਮਹੀਨਿਆਂ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਰਾਸ਼ਟਰਪਤੀ ਭਵਨ ਅਤੇ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਕਬਜ਼ਾ ਕਰ ਲਿਆ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 
                     
                             
                             
                             
                             
                             
                             
                             
                             
                             
                             
                             
                             
                             
                             
                             
                            