ਇਟਲੀ ''ਚ ਘਟੀ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਰਫਤਾਰ
Thursday, Apr 30, 2020 - 06:50 AM (IST)
ਰੋਮ- ਇਟਲੀ ਕੋਰੋਨਾ ਵਾਇਰਸ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੈ, ਇਸ ਕਾਰਨ ਮਰਨ ਵਾਲਿਆਂ ਦੀ ਗਿਣਤੀ 27,682 ਹੋ ਗਈ ਹੈ ਜਦੋਂ ਕਿ ਸੰਕਰਮਿਤ ਲੋਕਾਂ ਦੀ ਗਿਣਤੀ ਵੀ ਦੋ ਲੱਖ ਤੱਕ ਪਹੁੰਚ ਗਈ ਹੈ। ਇਟਲੀ ਵਿਚ ਹੁਣ ਤੱਕ 2,03,591 ਲੋਕ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ। ਵਿਸ਼ਵ ਭਰ ਵਿੱਚ ਅਮਰੀਕਾ ਤੋਂ ਬਾਅਦ ਇਟਲੀ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ।
ਇਟਲੀ ਦੇ ਨਾਗਰਿਕ ਸੁਰੱਖਿਆ ਵਿਭਾਗ ਦੇ ਮੁਖੀ, ਐਂਜੋਲੋ ਬੋਰੇਲੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਵਾਇਰਸ ਕਾਰਨ 323 ਵਿਅਕਤੀਆਂ ਦੀ ਮੌਤ ਹੋਈ ਹੈ। ਮੰਗਲਵਾਰ ਦੇ ਮੁਕਾਬਲੇ ਬੁੱਧਵਾਰ ਨੂੰ ਮਰਨ ਵਾਲਿਆਂ ਦੀ ਗਿਣਤੀ ਘੱਟ ਗਈ ਹੈ। ਬੋਰੇਲੀ ਦੇ ਅਨੁਸਾਰ, ਬੁੱਧਵਾਰ ਨੂੰ ਇਟਲੀ ਵਿੱਚ ਕੋਰੋਨਾ ਸੰਕਰਮਣ ਦੇ ਇੱਕ ਹਜ਼ਾਰ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ ਹਨ,ਜਿਸ ਕਾਰਨ ਇਨਫੈਕਟਡ ਮਰੀਜ਼ਾਂ ਦੀ ਕੁੱਲ ਸੰਖਿਆ 2,03,591 ਹੋ ਗਈ ਹੈ। ਇਨ੍ਹਾਂ ਵਿਚ ਉਹ ਲੋਕ ਵੀ ਸ਼ਾਮਲ ਹਨ ਜੋ ਮਰ ਚੁੱਕੇ ਹਨ ਜਾਂ ਜੋ ਮਹਾਂਮਾਰੀ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।
ਹੁਣ ਤਕ ਇਟਲੀ ਵਿਚ ਕੋਰੋਨਾ ਦੇ 68,941 ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਇਸ ਦੇ ਸੰਕਰਮਣ ਨੂੰ ਰੋਕਣ ਲਈ ਦੇਸ਼ ਵਿਚ 10 ਮਾਰਚ ਤੋਂ ਲਾਗੂ ਕੀਤੇ ਗਏ ਦੇਸ਼ ਵਿਆਪੀ ਲਾਕਡਾਊਨ ਨੂੰ ਵਧਾ ਕੇ 3 ਮਈ ਤੱਰ ਕਰ ਦਿੱਤਾ ਗਿਆ ਹੈ ਪਰ ਇਸ ਦੌਰਾਨ ਕੁਝ ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਖੋਲ੍ਹਣ ਦੀ ਆਗਿਆ ਦੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦਾ ਪਹਿਲਾ ਕੇਸ 21 ਫਰਵਰੀ ਨੂੰ ਇਟਲੀ ਵਿਚ ਸਾਹਮਣੇ ਆਇਆ ਸੀ। ਇਟਲੀ ਦਾ ਲੋਂਬਾਰਡੀ ਸੂਬਾ ਇਸ ਮਹਾਂਮਾਰੀ ਨਾਲ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਇਟਲੀ 4 ਮਈ ਤੋਂ ਤਾਲਾਬੰਦੀ ਵਿਚ ਢਿੱਲ ਦੇਣ ਦੀ ਯੋਜਨਾ ਬਣਾ ਰਿਹਾ ਹੈ।