ਇਟਲੀ ਵਿਖੇ ਧੰਨ-ਧੰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ 86ਵੀਂ ਬਰਸੀ ਮਨਾਈ
Sunday, Sep 20, 2026 - 07:05 PM (IST)
ਇਟਲੀ, (ਦਲਵੀਰ ਸਿੰਘ ਕੈਂਥ) : ਸ੍ਰੀ ਗੁਰੂ ਰਵਿਦਾਸ ਧਾਮ ਗੁਰਲਾਗੋ, ਬੈਰਗਾਮੋ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਅਤੇ ਨੌਜਵਾਨਾਂ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ 86ਵੀਂ ਬਰਸੀ ਬੜੀ ਸ਼ਰਧਾ, ਸਤਿਕਾਰ ਅਤੇ ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਈ ਗਈ। ਇਸ ਮੌਕੇ ਪੂਰੇ ਨੌਰਥ ਇਟਲੀ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰ ਕੇ ਰਾਜਾ ਸਾਹਿਬ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਸਮਾਗਮ ਦੀ ਆਰੰਭਤਾ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਈ।
ਉਪਰੰਤ ਗੁਰੂ ਘਰ ਦੇ ਰਾਗੀ ਜਥੇ ਅਤੇ ਮਦਨ ਲਾਲ ਚੌਹਾਨ ਰੁੜਕਾ ਕਲਾਂ ਵਾਲਿਆਂ ਦੇ ਜਥੇ ਵੱਲੋਂ ਰਸਭਿੰਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਇਸ ਤੋਂ ਬਾਅਦ ਕਵੀਸ਼ਰੀ ਜਥਿਆਂ ਵੱਲੋਂ ਵੀ ਗੁਰੂ ਇਤਿਹਾਸ ਅਤੇ ਧਾਰਮਿਕ ਵਿਰਸੇ ਨਾਲ ਸਬੰਧਤ ਕਵੀਸ਼ਰੀ ਪੇਸ਼ ਕੀਤੀ ਗਈ। ਸਮਾਗਮ ਦੌਰਾਨ ਸੰਗਤਾਂ ਲਈ ਵੱਖ-ਵੱਖ ਥਾਵਾਂ ’ਤੇ ਛਬੀਲਾਂ ਅਤੇ ਚਾਹ-ਪਾਣੀ ਦੇ ਪ੍ਰਬੰਧ ਕੀਤੇ ਗਏ। ਇਸ ਤੋਂ ਇਲਾਵਾ ਵੱਖ-ਵੱਖ ਤਰ੍ਹਾਂ ਦੇ ਪਕਵਾਨਾਂ ਸਮੇਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਪੂਰੇ ਸਮਾਗਮ ਦੌਰਾਨ ਸੰਗਤਾਂ ਦੀ ਭਰਵੀਂ ਹਾਜ਼ਰੀ ਰਹੀ ਅਤੇ ਗੁਰਦੁਆਰਾ ਸਾਹਿਬ ਦਾ ਸਮੁੱਚਾ ਮਾਹੌਲ ਗੁਰਬਾਣੀ, ਕੀਰਤਨ ਅਤੇ ਸੇਵਾ ਦੀ ਭਾਵਨਾ ਨਾਲ ਭਰਪੂਰ ਰਿਹਾ।
ਇਸ ਮੌਕੇ ਸ੍ਰੀ ਗੁਰੂ ਰਵਿਦਾਸ ਧਾਮ ਗੁਰਲਾਗੋ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਆ ਰਹੇ 650 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਟਲੀ ਵਿੱਚ ਹੋਣ ਵਾਲੇ ਧਾਰਮਿਕ ਸਮਾਗਮਾਂ ਦੀ ਰੂਪ-ਰੇਖਾ ਸਬੰਧੀ ਵੀ ਵਿਚਾਰ-ਚਰਚਾ ਕੀਤੀ ਗਈ। ਪ੍ਰਬੰਧਕਾਂ ਵੱਲੋਂ ਦੱਸਿਆ ਗਿਆ ਕਿ ਇਟਲੀ ਭਰ ਵਿੱਚ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮਲੇਵਾ ਸੰਗਤ ਅਤੇ ਸਿੱਖ ਸਮਾਜ ਵੱਲੋਂ 650 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਡੇ ਪੱਧਰ ’ਤੇ ਧਾਰਮਿਕ ਸਮਾਗਮ ਕਰਵਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਸਮਾਗਮਾਂ ਲਈ ਇਟਾਲੀਅਨ ਪ੍ਰਸ਼ਾਸਨ ਤੋਂ ਲੋੜੀਂਦੀਆਂ ਮਨਜ਼ੂਰੀਆਂ ਲੈ ਕੇ ਇਸ ਸਾਲ ਅਤੇ ਅਗਲੇ ਸਾਲ ਲਗਾਤਾਰ ਵੱਖ-ਵੱਖ ਧਾਰਮਿਕ ਸਮਾਗਮ ਕਰਵਾਉਣ ਦੀ ਰੂਪ-ਰੇਖਾ ਉਲੀਕੀ ਜਾ ਰਹੀ ਹੈ। ਸ੍ਰੀ ਗੁਰੂ ਰਵਿਦਾਸ ਧਾਮ ਗੁਰਲਾਗੋ ਦੀ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਵਿੱਚ ਪਹੁੰਚੀਆਂ ਸਮੁੱਚੀਆਂ ਸੰਗਤਾਂ, ਨੌਜਵਾਨਾਂ, ਕੀਰਤਨੀ ਅਤੇ ਕਵੀਸ਼ਰੀ ਜਥਿਆਂ ਅਤੇ ਸੇਵਾਦਾਰਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ, ਜਿਨ੍ਹਾਂ ਦੇ ਸਹਿਯੋਗ ਸਦਕਾ ਧੰਨ-ਧੰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ ਦੂਜੀ ਬਰਸੀ ਦਾ ਇਹ ਸਮਾਗਮ ਸ਼ਰਧਾ ਅਤੇ ਸਫਲਤਾ ਨਾਲ ਸੰਪੰਨ ਹੋਇਆ।
