ਬੱਤੀਪਾਲੀਆ ''ਚ ''ਵਿਸ਼ਾਲ ਨਗਰ ਕੀਰਤਨ'' ਦੌਰਾਨ ਯੂਰਪ ਦੇ ਕੋਨੇ-ਕੋਨੇ ਤੋਂ ਪੁੱਜੀਆਂ ਸਿੱਖ ਸੰਗਤਾਂ

04/25/2018 8:33:21 AM


ਮਿਲਾਨ, (ਸਾਬੀ ਚੀਨੀਆ)— ਇਟਲੀ ਦੇ ਸਮੁੰਦਰੀ ਕੰਢੇ ਅਤੇ ਪਹਾੜੀਆਂ ਵਿਚਕਾਰ ਵੱਸੇ ਸੋਹਣੇ ਸ਼ਹਿਰ ਸਲੈਰਨੋ ਦੇ ਨਾਲ ਲੱਗਦੇ ਕਸਬਾ ਬੱਤੀਪਾਲੀਆ 'ਚ ਵੱਸਦੀਆਂ ਸਿੱਖ ਸੰਗਤਾਂ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ, ਨਿਸ਼ਾਨਚੀ ਸਿੰਘਾਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਆਰੰਭ ਹੋਏ ਨਗਰ ਕੀਰਤਨ 'ਚ ਇਟਲੀ ਦੇ ਵੱਖ-ਵੱਖ ਹਿੱਸਿਆਂ ਤੋਂ ਇਲਾਵਾ ਯੂਰਪ ਦੇ ਦੂਜੇ ਦੇਸ਼ਾਂ ਤੋਂ ਪੁੱਜੀਆਂ ਸਿੱਖ ਸੰਗਤਾਂ ਨੇ ਨਗਰ ਕੀਰਤਨ 'ਚ ਹਾਜ਼ਰੀਆਂ ਭਰ ਕੇ ਰੌਣਕਾਂ ਨੂੰ ਚਾਰ ਚੰਨ ਲਗਾਏ। 


ਨਗਰ ਕੀਰਤਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ ਨੂੰ ਫੁੱਲਾਂ ਨਾਲ ਸਜਾਇਆ ਗਿਆ ਸੀ। ਸੰਗਤਾਂ ਬੱਤੀਪਾਲੀਆ ਦੀਆਂ ਗਲੀਆਂ ਅਤੇ ਚੌਕਾਂ 'ਚੋਂ  ਵਾਹਿਗੁਰੂ-ਵਾਹਿਗੁਰੂ ਦਾ ਜਾਪ ਕਰਦੀਆਂ ਜਾ ਰਹੀਆਂ ਸਨ। ਇਸ ਮੌਕੇ ਜਿੱਥੇ ਸੰਗਤਾਂ ਨੇ ਗੁਰੂ ਸਾਹਿਬ ਨੂੰ ਨਤਮਸਤਕ ਹੋ ਕੇ ਖੁਸ਼ੀਆਂ ਪ੍ਰਾਪਤ ਕੀਤੀਆਂ ਉੱਥੇ ਹੀ ਸਥਾਨਿਕ ਪ੍ਰਸ਼ਾਸ਼ਨ ਅਧਿਕਾਰੀਆਂ ਵੱਲੋਂ ਖਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ ।


ਗਤਕੇ ਵਾਲੇ ਸਿੰਘਾਂ ਵੱਲੋਂ ਗਤਕੇ ਦੇ ਜੌਹਰ ਵਿਖਾਏ ਗਏ ਅਤੇ ਸੰਗਤਾਂ ਨੇ ਗੁਰਬਾਣੀ ਪੜ੍ਹਦਿਆਂ ਆਪਣਾ ਜੀਵਨ ਸਫਲਾ ਬਣਾਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਹਿਯੋਗੀ ਸੰਗਤਾਂ ਅਤੇ ਪ੍ਰਸ਼ਾਸ਼ਨਕ ਅਧਿਕਾਰੀਆਂ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਹੁਤ ਸਾਰੇ ਗੋਰੇ-ਗੋਰੀਆਂ ਵਿਸਾਖੀ ਦੀਆਂ ਵਧਾਈਆਂ ਦੇ ਰਹੇ ਸਨ ਅਤੇ ਨਗਰ ਕੀਰਤਨ ਸੰਬੰਧੀ ਸੰਖੇਪ ਜਾਣਕਾਰੀ ਪ੍ਰਾਪਤ ਕਰਨ ਲਈ ਰੁਚੀ ਵੀ ਵਿਖਾ ਰਿਹੇ ਸਨ। ਇਸ ਮੌਕੇ ਇਹ ਵੀ ਲੱਗਿਆ ਕਿ ਪ੍ਰਬੰਧਕਾਂ ਨੂੰ ਚਾਹੀਦਾ ਹੈ ਕਿ ਹਰ ਨਗਰ ਕੀਰਤਨ 'ਤੇ ਇਟਾਲੀਅਨ ਬੋਲੀ ਦਾ ਚੰਗਾ ਗਿਆਨ ਰੱਖਣ ਵਾਲੇ ਵਿਦਿਆਰਥੀਆਂ ਦੀ ਡਿਊਟੀ ਲਗਾਈ ਜਾਵੇ ਕਿ ਉਹ ਗੋਰਿਆਂ ਨੂੰ ਉਨ੍ਹਾਂ ਦੀ ਭਾਸ਼ਾ 'ਚ ਇਸ ਸੰਬੰਧੀ ਚੰਗੀ ਤਰ੍ਹਾਂ ਸਮਝਾ ਸਕਣ। ਇਸ ਦੇ ਨਾਲ ਹੀ ਇਸ ਮੌਕੇ ਇਟਾਲੀਅਨ ਭਾਸ਼ਾ 'ਚ ਪ੍ਰਕਾਸ਼ਿਤ ਕਿਤਾਬਾਂ ਵੱਧ ਤੋਂ ਵੱਧ ਵੰਡੀਆਂ ਜਾਣੀਆਂ ਚਾਹੀਦੀਆਂ ਹਨ।