ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮਾਂ ਦਾ ਆਯੋਜਨ
Wednesday, Sep 17, 2025 - 04:29 PM (IST)

ਰੋਮ (ਕੈਂਥ)- ਇਟਲੀ ਦੇ 3 ਵੱਖ-ਵੱਖ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵੱਲੋਂ ਸਮੂਹ ਸੰਗਤਾਂ ਤੇ ਸੇਵਾਦਾਰਾਂ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 3 ਰੋਜ਼ਾ ਧਾਰਮਿਕ ਗੁਰਮਤਿ ਸਮਾਗਮ ਕਰਵਾਏ ਗਏ। ਜ਼ਿਲ੍ਹਾ ਰੋਮ ਦੇ ਅਧੀਨ ਪੈਂਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਤੇ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਦਰਬਾਰ ਵਿਲੇਂਤਰੀ ਤੇ ਜ਼ਿਲ੍ਹਾ ਲਾਤੀਨਾ ਦੇ ਸ਼ਹਿਰ ਅਪ੍ਰੀਲੀਆ ਵਿਖੇ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਇਹ ਸਮਾਗਮ ਆਯੋਜਿਤ ਕੀਤੇ ਗਏ। ਤਿੰਨੋਂ ਗੁਰਦੁਆਰਾ ਸਾਹਿਬਾਨਾਂ ਵਿੱਚ ਇਲਾਹੀ ਬਾਣੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨਤਾ ਨਾਲ ਭੋਗ ਪਾਏ ਗਏ।
ਭੋਗ ਉਪਰੰਤ ਗੁਰਦੁਆਰਾ ਗੋਬਿੰਦਸਰ ਸਾਹਿਬ ਵਿਖੇ ਭਾਈ ਸੁੱਖਵੀਰ ਸਿੰਘ ਭੌਰ ਦੇ ਢਾਡੀ ਜਥੇ ਵੱਲੋਂ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਗੁਰਬਾਣੀ ਸਰਵਣ ਕਰਵਾਈ ਗਈ। ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੇਂਤਰੀ ਵਿਖੇ ਹਜ਼ੂਰੀ ਰਾਗੀ ਜਥੇ ਸਮੇਤ ਭਾਈ ਤਰਲੋਚਨ ਸਿੰਘ ਦੇ ਕੀਰਤਨੀ ਜੱਥੇ ਵੱਲੋਂ ਕੀਰਤਨ ਦਰਬਾਰ ਸਜਾਇਆ ਗਿਆ। ਦੂਜੇ ਪਾਸੇ ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੰਗਤਾਂ ਵੱਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ 'ਤੇ ਜੈਕਾਰਿਆਂ ਦੀ ਗੂੰਜ ਵਿੱਚ ਵੱਖ-ਵੱਖ ਪ੍ਰਕਾਰ ਦੇ ਫੁੱਲਾਂ ਦੀ ਵਰਖਾ ਕੀਤੀ ਗਈ।
ਇਸ ਮੌਕੇ ਹਜ਼ੂਰੀ ਰਾਗੀ ਸਿੰਘਾਂ ਸਮੇਤ ਬੱਚਿਆਂ ਵੱਲੋਂ ਵੀ ਕੀਰਤਨ ਦਰਬਾਰ ਸਜਾ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਗਿਆ। ਗੁਰਦੁਆਰਾ ਸਾਹਿਬਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਇਨ੍ਹਾਂ ਸਮਾਗਮਾਂ ਵਿੱਚ ਸੰਗਤਾਂ ਤੇ ਸੇਵਾਦਾਰਾਂ ਵੱਲੋਂ ਕੀਤੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕਾਂ ਵੱਲੋਂ ਇਨ੍ਹਾਂ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਵਾਲੀਆਂ ਸੰਗਤਾਂ ਨੂੰ ਜੀ ਆਇਆਂ ਆਖਿਆ ਗਿਆ ਤੇ ਧੰਨਵਾਦ ਕੀਤਾ ਗਿਆ। ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਅਤੁੱਟ ਵਰਤਾਏ ਗਏ।