ਫਰਾਂਸ : ਪ੍ਰਦਰਸ਼ਨਾਂ ''ਚ 110 ਲੋਕ ਜ਼ਖਮੀ
Sunday, Dec 02, 2018 - 10:04 AM (IST)

ਪੈਰਿਸ (ਭਾਸ਼ਾ)— ਫਰਾਂਸ ਵਿਚ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿਚ ਵਾਧੇ, ਮਹਿੰਗਾਈ ਅਤੇ ਟੈਕਸ ਵਧਣ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਵਿਚ 110 ਲੋਕ ਜ਼ਖਮੀ ਹੋ ਗਏ। ਇਨ੍ਹਾਂ ਜ਼ਖਮੀਆਂ ਵਿਚ 20 ਪੁਲਸ ਕਰਮਚਾਰੀ ਵੀ ਸ਼ਾਮਲ ਹਨ। ਫਰਾਂਸ ਦੇ ਗ੍ਰਹਿ ਮੰਤਰੀ ਕ੍ਰਿਸਟੋਫੇ ਕੇਸਟਨਰ ਨੇ ਸ਼ਨੀਵਾਰ ਨੂੰ ਕਿਹਾ ਕਿ ਦੇਸ਼ ਵਿਚ ਪੈਟਰੋਲ, ਡੀਜਲ ਦੀਆਂ ਕੀਮਤਾਂ ਵਿਚ ਵਾਧੇ ਅਤੇ ਟੈਕਸ ਨੂੰ ਲੈ ਕੇ ਬੀਤੇ ਤਿੰਨ ਹਫਤੇ ਤੋਂ ਹੋ ਰਹੇ ਰਾਸ਼ਟਰੀ ਪੱਧਰ 'ਤੇ ਪ੍ਰਦਰਸ਼ਨ ਵਿਚ 110 ਲੋਕ ਜ਼ਖਮੀ ਹੋਏ ਹਨ।
ਕੇਸਟਨਰ ਨੇ ਇਕ ਸਮਾਚਾਰ ਏਜੰਸੀ ਨੂੰ ਦੱਸਿਆ ਕਿ ਪੀਲੀ ਜੈਕੇਟ ਪਾ ਕੇ ਕੀਤੇ ਜਾ ਰਹੇ ਇਨ੍ਹਾਂ ਪ੍ਰਦਰਸ਼ਨਾਂ ਵਿਚ ਝੜਪ ਦੌਰਾਨ 20 ਪੁਲਸ ਕਰਮਚਾਰੀ ਵੀ ਜ਼ਖਮੀ ਹੋਏ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਇਕ ਪ੍ਰਦਰਸ਼ਨਕਾਰੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਅਤੇ ਉਸ ਦੀ ਹਾਲਤ ਨਾਜੁਕ ਬਣੀ ਹੋਈ ਹੈ। ਰਾਜਧਾਨੀ ਪੈਰਿਸ ਦੀਆਂ ਗਲੀਆਂ ਵਿਚ ਸ਼ਾਂਤੀਪੂਰਣ ਪ੍ਰਦਰਸ਼ਨ ਕਰ ਰਹੇ ਲੋਕਾਂ ਵਿਚ ਕੁਝ ਮਾਸਕ ਪਹਿਨੇ ਅਣਜਾਣ ਲੋਕ ਸ਼ਾਮਲ ਹੋ ਗਏ ਅਤੇ ਉਨ੍ਹਾਂ ਨੇ ਇਸ ਸਮਾਜਿਕ ਅੰਦੋਲਨ ਨੂੰ ਹਾਈਜੈਕ ਕਰ ਲਿਆ। ਸੋਸ਼ਲ ਮੀਡੀਆ 'ਤੇ ਸਰਕਾਰ ਦੀਆਂ ਵਿੱਤੀ ਅਤੇ ਆਰਥਿਕ ਨੀਤੀਆਂ ਦੀ ਆਲੋਚਨਾ ਸ਼ੁਰੂ ਹੋ ਗਈ ਹੈ। ਅਮੀਰ ਨੂੰ ਲਾਭ ਪਹੁੰਚਾਉਣ ਵਾਲੀਆਂ ਅਤੇ ਘੱਟ ਆਮਦਨ ਵਰਗ ਵਾਲਿਆਂ ਦੀ ਖਰੀਦਣ ਦੀ ਸਮਰੱਥਾ ਘੱਟ ਕਰਨ ਵਾਲੀਆਂ ਇਨ੍ਹਾਂ ਨੀਤੀਆਂ ਦਾ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ।